ਚੰਡੀਗੜ੍ਹ।ਅੰਮ੍ਰਿਤਸਰ ‘ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਅਤੇ ਕੋਟਕਪੂਰਾ ‘ਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਤੋਂ ਬਾਅਦ ਖੁਫੀਆ ਏਜੰਸੀਆਂ ਐਕਟਿਵ ਹੋ ਗਈਆਂ ਹਨ। ਉਨ੍ਹਾਂ ਨੇ ਹੁਣ ਪੰਜਾਬ ਦੇ ਧਾਰਮਿਕ ਆਗੂਆਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ ਸੋਸ਼ਲ ਮੀਡੀਆ ‘ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਇੱਥੋਂ ਹੀ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਹਾਈ-ਥੈਰੇਟ ‘ਤੇ ਚੱਲ ਰਹੇ ਸਾਰੇ ਲੋਕਾਂ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਆਗੂਆਂ ਦੀ ਸੁਰੱਖਿਆ ਵਿਚ ਕੋਈ ਢਿੱਲ ਨਾ ਵਰਤੀ ਜਾਵੇ, ਇਸ ਲਈ ਟੀਮਾਂ ਲਗਾਤਾਰ ਸੁਰੱਖਿਆ ਦਾ ਜਾਇਜ਼ਾ ਲੈ ਰਹੀਆਂ ਹਨ। ਇਸ ਚੈਕਿੰਗ ਤਹਿਤ ਪਿਛਲੇ ਦਿਨੀਂ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੇ ਸੁਰੱਖਿਆ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੇ ਘਰ ਦੇ ਸਾਹਮਣੇ ਸਖ਼ਤ ਸੁਰੱਖਿਆ ਤਾਇਨਾਤ ਕਰਦੇ ਹੋਏ ਬਾਰਦਾਨੇ ਰੱਖ ਕੇ ਚਾਰਦੀਵਾਰੀ ਕੀਤੀ ਗਈ। ਇਸ ਦੇ ਨਾਲ ਹੀ ਮੰਡ ਨੂੰ ਨਜ਼ਰਬੰਦ ਕਰ ਦਿੱਤਾ ਗਿਆ।
ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਬਿਆਨ ਦੇਣ ਵਾਲੇ ਨੇਤਾਵਾਂ ਨੂੰ ਸਭ ਤੋਂ ਵੱਧ ਧਮਕੀਆਂ ਮਿਲਣ ਤੋਂ ਬਾਅਦ ਹੀ ਇੰਟੈਲੀਜੈਂਸ ਨੇ ਇੰਟਰਵਿਊ ਅਤੇ ਬਿਆਨਬਾਜ਼ੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਰੇ ਆਗੂਆਂ ਨੂੰ ਭੜਕਾਊ ਭਾਸ਼ਣ ਦੇਣ ਤੋਂ ਵਰਜਿਆ ਗਿਆ ਹੈ। ਇਸੇ ਲਈ ਇੰਟੈਲੀਜੈਂਸ ਨੇ ਜ਼ਿਲ੍ਹੇ ਦੇ 6 ਲੋਕਾਂ ਦੀ ਟੀਮ ਨੂੰ ਸੋਸ਼ਲ ਮੀਡੀਆ ‘ਤੇ ਹੀ ਨਜ਼ਰ ਰੱਖਣ ਲਈ ਕਿਹਾ ਕਿ ਕਿਹੜਾ ਨੇਤਾ ਕਿਸ ਤਰ੍ਹਾਂ ਦੇ ਬਿਆਨ ਦੇ ਰਿਹਾ ਹੈ। ਜੇਕਰ ਕੋਈ ਉਕਸਾਉਂਦਾ ਹੈ ਤਾਂ ਉਸ ਪੋਸਟ ਨੂੰ ਬਲਾਕ ਕਰ ਦਿੱਤਾ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।