ਅੰਮ੍ਰਿਤਸਰ। ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਇਲਾਕੇ ਵਿੱਚ ਬੀਤੀ ਦੇਰ ਸ਼ਾਮ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਨੌਜਵਾਨ ਦਾ ਨਾਂ ਪਰਮਜੀਤ ਦੱਸਿਆ ਜਾ ਰਿਹਾ ਹੈ ਜੋ ਕਿ ਜੇਸੀਬੀ ਮਸ਼ੀਨ ਚਲਾਉਣ ਦਾ ਕੰਮ ਕਰਦਾ ਸੀ।
ਮ੍ਰਿਤਕ ਦੇ ਭਰਾ ਅਨੁਸਾਰ ਇੱਕ ਫੋਨ ਆਇਆ ਸੀ। ਫੋਨ ਕਰਨ ਵਾਲਾ ਕਹਿ ਰਿਹਾ ਸੀ ਕਿ ਉਨ੍ਹਾਂ ਨੇ ਇੱਕ ਬੇਸਮੈਂਟ ਬਣਵਾਉਣੀ ਹੈ, ਜਿਸ ਨੂੰ ਲੈ ਕੇ ਉਹ ਜਗ੍ਹਾ ਵੇਖ ਲਵੇ। ਜਦੋਂ ਉਹ ਪਤੇ ‘ਤੇ ਪਹੁੰਚਿਆ ਤਾਂ ਉੱਥੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨ ਸਨ, ਜਿਨ੍ਹਾਂ ਨੇ ਉਕਤ ਨੌਜਵਾਨ ਨੂੰ ਵੱਢਣਾ ਸ਼ੁਰੂ ਕਰ ਦਿੱਤਾ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਪਰਿਵਾਰ ਦਾ ਕਹਿਣਾ ਹੈ ਕਿ ਉਸ ਦੀ ਕਿਸੇ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਸੀ, ਪਤਾ ਨਹੀਂ ਕਿਉਂ ਪਰਮਜੀਤ ਦਾ ਇਸ ਤਰ੍ਹਾਂ ਕਤਲ ਕੀਤਾ ਗਿਆ। ਉਹ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾ ਰਹੇ ਹਨ।
ਦੂਜੇ ਪਾਸੇ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਜਦਕਿ ਉਨ੍ਹਾਂ ਕਿਹਾ ਹੈ ਕਿ ਪੁਲਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ, ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰਕੇ ਸਖਤ ਕਾਰਵਾਈ ਕੀਤੀ ਜਾਵੇਗੀ।







































