ਪੰਜਾਬ ਸਰਕਾਰ ਕੈਂਸਰ ਦੇ ਮਰੀਜ਼ਾਂ ਨੂੰ ਦੇ ਰਹੀ ਹੈ 1.5 ਲੱਖ ਤੱਕ ਦਾ ਮੁਫਤ ਇਲਾਜ, ਇਥੇ ਦਿਓ ਅਰਜ਼ੀ

0
640

ਚੰਡੀਗੜ੍ਹ | ਪੰਜਾਬ ਵਿੱਚ ਕੈਂਸਰ ਦਾ ਪ੍ਰਕੋਪ ਬਹੁਤ ਜ਼ਿਆਦਾ ਹੈ ਅਤੇ ਇਸ ਦੇ ਇਲਾਜ ਵਿੱਚ ਬਹੁਤ ਜ਼ਿਆਦਾ ਖਰਚਾ ਆਉਂਦਾ ਹੈ ਅਤੇ ਸਮਾਜ ਦੇ ਗਰੀਬ ਵਰਗ ਦੇ ਮਰੀਜ਼ ਇਸ ਦੀ ਇਲਾਜ ਕਰਵਾਉਣ ਦੇ ਸਮਰੱਥ ਨਹੀਂ ਹਨ। ਗ਼ਰੀਬ ਵਰਗ ਦੇ ਮਰੀਜ਼ਾਂ ਦੀ ਜਾਨ ਬਚਾਉਣ ਲਈ  ‘ਮੁੱਖ ਮੰਤਰੀ ਕੈਂਸਰ ਰਾਹਤ ਕੋਸ਼’ ਵਰਦਾਨ ਸਾਬਤ ਹੋਈ ਹੈ ਕਿਉਂਕਿ ਇਹ ਮਰੀਜ਼ ਏਮਜ਼ ਦਿੱਲੀ, ਕੈਂਸਰ ਹਸਪਤਾਲ ਬੀਕਾਨੇਰ, ਪੀਜੀਆਈ ਚੰਡੀਗੜ੍ਹ, ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਵਰਗੀਆਂ ਵੱਕਾਰੀ ਸੰਸਥਾਵਾਂ ਸਮੇਤ ਸੂਬਾ ਸਰਕਾਰ ਦੇ ਸੂਚੀਬੱਧ 19 ਹਸਪਤਾਲਾਂ ਵਿੱਚੋਂ ਕਿਸੇ ਵੀ ਹਸਪਤਾਲ ਵਿੱਚ 1.5 ਲੱਖ ਰੁਪਏ ਤੱਕ ਮੁਫ਼ਤ ਇਲਾਜ ਕਰਵਾ ਸਕਦੇ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਕੋਈ ਵੀ ਕੈਂਸਰ ਪੀੜਤ ਵਸਨੀਕ ਇਸ ਸਕੀਮ ਲਈ ਸਬੰਧਤ ਸਿਵਲ ਸਰਜਨ ਦੇ ਦਫ਼ਤਰ ਵਿਖੇ ਬਿਨੈ ਕਰ ਸਕਦਾ ਹੈ ਅਤੇ ਹੁਣ ਅਜਿਹੇ ਕੇਸਾਂ ਨੂੰ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ। ਲਾਭਪਾਤਰੀ ਆਪਣੀ ਅਰਜ਼ੀ ਦੀ ਸਥਿਤੀ ਨੂੰ ਆਨਲਾਈਨ ਟਰੈਕ ਕਰਨ ਲਈ www.mmpcrk.gov.in ‘ਤੇ ਲਾਗਇਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਸਰ ਦੇ ਮਰੀਜਾਂ ਨੂੰ ਇਲਾਜ ਕਰਵਾਉਣ ਲਈ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਹ ਸਕੀਮ ਸਰਕਾਰੀ ਕਰਮਚਾਰੀਆਂ, ਈਐਸਆਈ ਕਰਮਚਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ, ਕਿਸੇ ਵੀ ਕਿਸਮ ਦੀ ਮੈਡੀਕਲ ਰੀਇੰਬਰਸਮੈਂਟ ਵਾਲੇ ਮਰੀਜ਼ਾਂ ਜਾਂ ਕੈਂਸਰ ਕਵਰ ਵਾਲੇ ਸਿਹਤ ਬੀਮਾ ਧਾਰਕ ਮਰੀਜ਼ਾਂ ‘ਤੇ ਲਾਗੂ ਨਹੀਂ ਹੋਵੇਗੀ।