ਬੰਦੀ ਸਿੱਖਾਂ ਦੀ ਰਿਹਾਈ ਲਈ SGPC ਵਲੋਂ ਦਸਤਖਤੀ ਮੁਹਿੰਮ ਸ਼ੁਰੂ, 1 ਲੱਖ ਤੋਂ ਵਧ ਭਰੇ ਜਾਣਗੇ ਫਾਰਮ

0
432

ਅੰਮ੍ਰਿਤਸਰ | ਪੰਜਾਬ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਵੀਰਵਾਰ ਨੂੰ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਹਸਤਾਖਰ ਮੁਹਿੰਮ ਦੀ ਸ਼ੁਰੂਆਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੀਤੀ ਗਈ, ਜਿਸ ਵਿੱਚ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਭ ਤੋਂ ਪਹਿਲਾਂ ਮੁਹਿੰਮ ਦੀ ਸ਼ੁਰੂਆਤ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਲੋਕਾਂ ਨੂੰ ਇਸ ਦਸਤਖ਼ਤ ਮੁਹਿੰਮ ਦਾ ਲੱਖਾਂ ਦੀ ਗਿਣਤੀ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਜੇਲ੍ਹ ਵਿੱਚ ਬੰਦ ਸਿੱਖ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਕੇਂਦਰ ਸਰਕਾਰ ਨੇ ਸਿੱਖਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਪਰ ਅਜੇ ਤੱਕ ਇਹ ਸੰਭਵ ਨਹੀਂ ਹੋ ਸਕਿਆ ਹੈ। ਇਸੇ ਲਈ ਬੰਦੀ ਸਿੱਖਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਹਰ ਪਿੰਡ ਅਤੇ ਕਸਬੇ ‘ਚ ਫਾਰਮ ਭਰੇ ਜਾਣਗੇ
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੱਖਾਂ ਫਾਰਮ ਛਪਵਾਏ ਜਾ ਰਹੇ ਹਨ। ਇਨ੍ਹਾਂ ਨੂੰ ਹਰ ਗੁਰੂਘਰ, ਨਗਰ ਅਤੇ ਸਿੱਖ ਜਥੇਬੰਦੀਆਂ ਨੇ ਭਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਯੋਗਤਾ ਅਨੁਸਾਰ ਫਾਰਮ ਆਪਣੇ ਨਾਲ ਲੈ ਕੇ ਜਾਣ ਤਾਂ ਜੋ ਲੋਕ ਆਪਣੇ ਆਲੇ-ਦੁਆਲੇ ਦੇ ਲੋਕਾਂ ਤੋਂ ਫਾਰਮ ਭਰ ਕੇ ਜਮ੍ਹਾ ਕਰਵਾ ਸਕਣ।

1 ਲੱਖ ਤੋਂ ਵੱਧ ਫਾਰਮ ਭਰਨ ਦਾ ਟੀਚਾ

ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋਂ ਵੀ 1 ਲੱਖ ਫਾਰਮ ਭਰੇ ਜਾਣਗੇ ਤਾਂ ਸ਼੍ਰੋਮਣੀ ਕਮੇਟੀ ਅਗਲਾ ਕਦਮ ਚੁੱਕੇਗੀ। ਇਹ ਫਾਰਮ ਭਰਨ ਵਾਲੇ ਸਾਰੇ ਵਿਅਕਤੀਆਂ ਦੇ ਨਾਮ, ਫ਼ੋਨ ਨੰਬਰ ਅਤੇ ਪਤੇ ਲੈ ਕੇ ਪੰਜਾਬ ਦੇ ਰਾਜਪਾਲ ਦਫ਼ਤਰ ਦੇ ਬਾਹਰ ਇੱਕ ਰੋਜ਼ਾ ਪ੍ਰਦਰਸ਼ਨ ਕੀਤਾ ਜਾਵੇਗਾ। ਫਿਰ ਇਹ ਪੂਰਾ ਡਾਟਾ ਉਨ੍ਹਾਂ ਨੂੰ ਸੌਂਪਿਆ ਜਾਵੇਗਾ ਅਤੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ।