ਸੁਖਬੀਰ ਬਾਦਲ ਦਾ ਵੱਡਾ ਬਿਆਨ : ਟਰਾਂਸਪੋਰਟ ਨੂੰ ਮਾਫੀਆ ਕਹਿਣ ਵਾਲੇ ਮੰਤਰੀ ਨੂੰ ਭੇਜ ਰਿਹਾ ਕਾਨੂੰਨੀ ਨੋਟਿਸ

0
276

ਚੰਡੀਗੜ੍ਹ| ਪ੍ਰਾਈਵੇਟ ਬੱਸ ਰੋਕਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਜੋ ਟਰਾਂਸਪੋਰਟ ਨੂੰ ਮਾਫੀਆ ਕਹਿੰਦੇ ਹਨ, ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਮੈਂ ਟਰਾਂਸਪੋਰਟ ਮੰਤਰੀ ਨੂੰ ਕਾਨੂੰਨੀ ਨੋਟਿਸ ਦੇਣ ਜਾ ਰਿਹਾ ਹਾਂ। ਜੇਕਰ ਅੱਜ ਤੋਂ ਬਾਅਦ ਮੀਡੀਆ ਨੇ ਵੀ ਟਰਾਂਸਪੋਰਟ ਦੇ ਕੰਮ ਨੂੰ ਮਾਫੀਆ ਕਿਹਾ ਤਾਂ ਉਨ੍ਹਾਂ ਨੂੰ ਵੀ ਕਾਨੂੰਨੀ ਨੋਟਿਸ ਭੇਜਿਆ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਸਾਡੀ ਟਰਾਂਸਪੋਰਟ ਆਜ਼ਾਦੀ ਤੋਂ ਬਾਅਦ ਤੋਂ ਚੱਲ ਰਹੀ ਹੈ। ਅਸੀਂ ਕੋਈ ਗੈਰ-ਕਾਨੂੰਨੀ ਕੰਮ ਨਹੀਂ ਕਰ ਰਹੇ ਹਾਂ।  

ਦਰਅਸਲ ਬੀਤੇ ਦਿਨ ਪੰਜਾਬ ਵਿਚੋਂ ਨਿੱਜੀ ਬੱਸ ਮਾਫ਼ੀਆ ਖ਼ਤਮ ਕਰਨ ਲਈ CM ਮਾਨ ਦੀ ਸਰਕਾਰ ਨੇ ਇਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਇੰਟਰ-ਸਟੇਟ ਰੂਟਾਂ ‘ਤੇ ਬਾਦਲ ਪਰਿਵਾਰ ਅਤੇ ਵੱਡੇ ਬੱਸ ਆਪ੍ਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ।ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਦੱਸਿਆ ਕਿ ਬਾਦਲ ਪਰਿਵਾਰ ਨੇ 2007 ਤੋਂ 2017 ਦੀਆਂ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਨਿੱਜੀ ਕਾਰੋਬਾਰ ਚਲਾਉਣ ਦੀ ਸੌੜੀ ਨੀਤੀ ਤਹਿਤ ਸਕੀਮਾਂ ਬਣਾਈਆਂ ਜਿਸ ਵਿਚ ਉਨ੍ਹਾਂ ਤੋਂ ਬਾਅਦ ਦੀ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿਚ ਮਦਦ ਕੀਤੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ “ਪੰਜਾਬ ਟਰਾਂਸਪੋਰਟ ਸਕੀਮ-2018” ਵਿੱਚ ਸੋਧ ਕਰਕੇ ਇਸ ਨੂੰ “ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022” ਕਰ ਦਿੱਤਾ ਗਿਆ ਹੈ। ਸਕੀਮ ਦੇ ਕਲਾਜ-3 ਦੀ ਲੜੀ ਨੰਬਰ-ਬੀ ਵਿਚ ਤਰਮੀਮ ਨਾਲ ਹੁਣ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਹੀ ਚੰਡੀਗੜ੍ਹ ਵਿਚ ਦਾਖ਼ਲ ਹੋ ਸਕਣਗੀਆਂ। ਉਨ੍ਹਾਂ ਦੱਸਿਆ ਕਿ ਅੰਤਰਰਾਜੀ ਰੂਟਾਂ ‘ਤੇ 39 ਜਾਂ ਇਸ ਤੋਂ ਵੱਧ ਸਵਾਰੀਆਂ ਦੀ ਸਮਰੱਥਾ ਵਾਲੀਆਂ ਏਅਰ-ਕੰਡੀਸ਼ਨਡ ਸਟੇਜ ਕੈਰਿਜ ਬੱਸਾਂ ਸਿਰਫ਼ ਸਟੇਟ ਟਰਾਂਸਪੋਰਟ ਅੰਡਰਟੇਕਿੰਗਜ਼ ਵੱਲੋਂ ਹੀ ਹਰ ਸ਼੍ਰੇਣੀ ਵਿਚ ਉਨ੍ਹਾਂ ਦੇ ਸਮੁੱਚੇ ਸ਼ੇਅਰ ਵਿੱਚੋਂ ਹੀ ਚਲਾਈਆਂ ਜਾਣਗੀਆਂ।