ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰਿਸ਼ਵਤ ਲੈਣ ਵਾਲਾ ਸਬ-ਇੰਸਪੈਕਟਰ ਕੀਤਾ ਗ੍ਰਿਫ਼ਤਾਰ

0
659

ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਮੌੜ, ਜ਼ਿਲਾ ਬਠਿੰਡਾ ਵਿਖੇ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਬਲਜੀਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਰਾਕੇਸ਼ ਕੁਮਾਰ ਵਾਸੀ ਪ੍ਰਤਾਪ ਨਗਰ, ਬਠਿੰਡਾ ਸ਼ਹਿਰ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।


ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਨੂੰ ਇਕ ਪੁਲਿਸ ਸ਼ਿਕਾਇਤ ਦੀ ਜਾਂਚ ਦੇ ਮਾਮਲੇ ਵਿਚ ਨਾਮਜ਼ਦ ਕਰਨ ਦੀ ਧਮਕੀ ਦੇ ਕੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੱਸਿਆ ਕਿ ਦੋਸ਼ੀ ਪੁਲਿਸ ਮੁਲਾਜ਼ਮ ਨੇ ਸਵੇਰੇ ਉਸ ਤੋਂ 20 ਹਜ਼ਾਰ ਰੁਪਏ ਲੈ ਲਏ ਅਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ। ਰਿਸ਼ਵਤ ਦੀ ਇਹ ਰਕਮ ਦੇਣ ਵੇਲੇ ਸਬੂਤ ਵਜੋਂ ਸਾਰੀ ਗੱਲਬਾਤ ਨੂੰ ਰਿਕਾਰਡ ਕਰ ਲਿਆ।

ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਨੂੰ ਧਮਕੀ ਦੇ ਕੇ ਕਿਹਾ ਕਿ ਉਸ ਦਾ ਤਬਾਦਲਾ ਕਿਸੇ ਹੋਰ ਥਾਣੇ ਵਿਚ ਹੋ ਚੁੱਕਾ ਹੈ ਪਰ ਜਾਣ ਤੋਂ ਪਹਿਲਾਂ ਉਸ ਵੱਲੋਂ ਰਿਸ਼ਵਤ ਦੀ ਰਕਮ ਨਾ ਦੇਣ ਦੀ ਸੂਰਤ ਵਿਚ ਸ਼ਿਕਾਇਤਕਰਤਾ ਅਤੇ ਉਸਦੇ ਰਿਸ਼ਤੇਦਾਰਾਂ ਨੂੰ ਪੁਲਿਸ ਕੇਸ ਵਿਚ ਨਾਮਜ਼ਦ ਕਰਕੇ ਜਾਵਾਂਗਾ।

ਵਿਜੀਲੈਂਸ ਬਿਊਰੋ ਨੇ ਦੋਸ਼ਾਂ ਦੀ ਪੜਤਾਲ ਉਪਰੰਤ ਦੋਸ਼ੀ ਨੂੰ ਫੜਨ ਲਈ ਜਾਲ ਵਿਛਾਇਆ। ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 30,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਪੁਲਿਸ ਕਰਮਚਾਰੀ ਦੇ ਕਬਜ਼ੇ ‘ਚੋਂ 50 ਹਜ਼ਾਰ ਰੁਪਏ ਬਰਾਮਦ ਕਰ ਲਏ ਜੋ ਉਸ ਨੇ ਰਿਸ਼ਵਤ ਵਜੋਂ ਦੋ ਵਾਰ ਲਏ ਸਨ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਵਿਜੀਲੈਂਸ ਦੇ ਥਾਣਾ ਬਠਿੰਡਾ ਵਿਖੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।