ਲੁਧਿਆਣਾ : ਸਕੂਲ ਗਈ 7ਵੀਂ ਜਮਾਤ ਦੀ ਵਿਦਿਆਰਥਣ ਅਗਵਾ, 2 ਦਿਨਾਂ ਤੋਂ ਮਾਪਿਆਂ ਦਾ ਰੋ-ਰੋ ਬੁਰਾ ਹਾਲ

0
722

ਲੁਧਿਆਣਾ | 7ਵੀਂ ਜਮਾਤ ਦੀ ਵਿਦਿਆਰਥਣ ਨੂੰ ਸ਼ੱਕੀ ਹਾਲਾਤ ਵਿਚ ਅਗਵਾ ਕਰ ਲੈਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਥਾਣਾ ਦੁੱਗਰੀ ਦੀ ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ‘ਤੇ ਅਣਪਛਾਤੇ ਮੁਲਜ਼ਮ ਖਿਲਾਫ ਕੇਸ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। 2 ਦਿਨ ਬੀਤਣ ਦੇ ਬਾਵਜੂਦ ਲੜਕੀ ਦਾ ਕੋਈ ਸੁਰਾਗ ਨਹੀਂ ਮਿਲਿਆ । ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਸਰਕਾਰੀ ਸਕੂਲ ਦੀ ਵਿਦਿਆਰਥਣ ਹੈ ।

ਰੋਜ਼ ਵਾਂਗ 30 ਜਨਵਰੀ ਨੂੰ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਉਹ ਸਕੂਲ ਗਈ। ਛੁੱਟੀ ਹੋਣ ਦੇ ਕਈ ਘੰਟਿਆਂ ਬਾਅਦ ਵੀ ਜਦੋਂ ਲੜਕੀ ਘਰ ਨਾ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਤਲਾਸ਼ ਸ਼ੁਰੂ ਕੀਤੀ । ਪੂਰੀ ਰਾਤ ਲੜਕੀ ਦੀ ਤਲਾਸ਼ ਕਰਨ ਦੇ ਬਾਵਜੂਦ ਉਸ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ । ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਹੈ।

ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅਗਵਾ ਕਰਕੇ ਨਾਜਾਇਜ਼ ਹਿਰਾਸਤ ਵਿਚ ਰੱਖਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ।