ਚੰਡੀਗੜ੍ਹ। ਮੋਹਾਲੀ-ਚੰਡੀਗੜ੍ਹ ਸਰਹੱਦ ਉਪਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਲਗਭਗ ਇਕ ਮਹੀਨੇ ਤੋਂ ਕੌਮੀ ਇਨਸਾਫ਼ ਮੋਰਚਾ ਦੇ ਆਗੂ ਅਤੇ ਸੰਗਤ ਵੱਲੋਂ ਧਰਨਾ ਲਗਾਇਆ ਗਿਆ ਹੈ। ਸਰਕਾਰਾਂ ਦੇ ਅਣਡਿੱਠੇ ਕਾਰਨ ਸਿੱਖ ਜਥੇਬੰਦੀਆਂ ਅੱਜ ਤੀਜੀ ਵਾਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਨੂੰ ਰਵਾਨਾ ਹੋਈਆਂ ਸੀ ਇਸ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਕੌਮੀ ਇਨਸਾਫ਼ ਮੋਰਚੇ ਦੇ 31 ਸਿੰਘਾਂ ਦੇ ਜਥੇ ਨੂੰ ਰੋਕਣ ਲਈ ਲਾਠੀਚਾਰਜ ਕੀਤਾ ਗਿਆ ਹੈ। ਮੋਰਚੇ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਪਾਣੀ ਦੀਆਂ ਬੁਛਾੜਾ ਮਾਰੀਆਂ ਗਈਆ ਹਨ।
ਪੁਲਿਸ ਨੇ ਚੰਡੀਗੜ੍ਹ ਸਰਹੱਦ ਉਤੇ ਸਿੱਖ ਜਥਿਆ ਉੱਤੇ ਬਲ ਪ੍ਰਯੋਗ ਕਰਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਕਈ ਵਿਅਕਤੀਆਂ ਦੇ ਜ਼ਖਮੀ ਹੋਣ ਜਾਣਕਾਰੀ ਵੀ ਮਿਲੀ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਲੈ ਗਈਆ ਹਨ।
ਇਸ ਮੌਕੇ ਸੰਗਤ ਦਾ ਕਹਿਣਾ ਹੈ ਕਿ ਸ਼ਰਾਰਤੀ ਅਨਸਰਾਂ ਵੱਲੋਂ ਪੱਥਰਬਾਜ਼ੀ ਕਰਵਾਈ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੰਗਤ ਸ਼ਾਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਦਰਸ਼ਨ ਕਰਨਾ ਸਾਡਾ ਸੰਵਿਧਾਨਿਕ ਹੱਕ ਹੈ।
ਕਾਬਿਲੇਗੌਰ ਹੈ ਕਿ ਇਸ ਫਰੰਟ ਦੀ ਅਗਵਾਈ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਗੁਰਚਰਨ ਸਿੰਘ, ਐਡਵੋਕੇਟ ਦਲ ਸ਼ੇਰ ਸਿੰਘ, ਲੋਕ ਅਧਿਕਾਰ ਲਹਿਰ ਦੇ ਆਗੂ ਬਲਵਿੰਦਰ ਸਿੰਘ ਅਤੇ ਸਿੱਖ ਪੰਥ ਨਾਲ ਜੁੜੇ ਕੁਝ ਆਗੂਆਂ ਵੱਲੋਂ ਕੀਤੀ ਗਈ।
ਮੋਰਚੇ ਦੀਆਂ ਮੁੱਖ ਮੰਗਾਂ ਜਿਸ ‘ਚ ਪਹਿਲੀ ਬੰਦੀ ਸਿੰਘਾਂ ਦੀ ਰਿਹਾਈ, ਦੂਜੀ ਗੋਲੀ ਕਾਂਡ, ਬੇਅਦਬੀ ਵਿਚ ਇਨਸਾਫ਼, ਤੀਜੀ ਸਖ਼ਤ ਕਾਨੂੰਨ ਬਣਾਉਣ ਦੀ ਮੰਗ, ਜਿਸ ‘ਚ ਉਮਰ ਕੈਦ ਦੀ ਸਜ਼ਾ ਸ਼ਾਮਲ ਹੈ, ਚੌਥੀ ਅਤੇ ਆਖਰੀ ਮੰਗ 328 ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਣ ਦੀ ਜਾਂਚ ਅਤੇ ਕਾਰਵਾਈ ਕੀਤੀ ਜਾਵੇ। ਆਪਣੀਆਂ ਇਨ੍ਹਾਂ ਮੰਗਾਂ ਨੂੰ ਲੈ ਕੇ ਪੰਜਾਬ, ਹਰਿਆਣਾ ਤੇ ਹੋਰ ਸੂਬਿਆਂ ਦੀ ਸੰਗਤ ਅੜੀ ਹੋਈ। ਇਸ ਤੋਂ ਇਲਾਵਾ ਕਿਸਾਨ ਯੂਨੀਅਨ ਵੀ ਸਿੱਖ ਜਥੇਬੰਦੀਆਂ ਦਾ ਹੱਕ ਵਿਚ ਨਿੱਤਰ ਆਈ ਹੈ।