ਜਲੰਧਰ | ਇਕ ਹੋਰ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜਿਥੇ ਸਬ-ਡਵੀਜ਼ਨ ਫਿਲੌਰ ਦੇ ਥਾਣਾ ਬਿਲਗਾ ਦੇ ਪਿੰਡ ਬੁਰਜ ਹਸਨ ’ਚ ਸਿਰਫ਼ 2000 ਰੁਪਏ ਦੇ ਲੈਣ-ਦੇਣ ਕਰਕੇ 3 ਦੋਸਤਾਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਰਮਨ 23 ਸਾਲ ਪੁੱਤਰ ਗੁਰਮੀਤ ਸਿੰਘ ਵਾਸੀ ਬੁਰਜ ਹਸਨ ਵਜੋਂ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਰਮਨ ਨੂੰ ਨੂਰਮਹਿਲ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਚੁੱਕੀ ਸੀ, ਜਿਸ ਦੀ ਲਾਸ਼ ਸਿਵਲ ਹਸਪਤਾਲ ਫਿਲੌਰ ’ਚ ਰਖਵਾ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਫਿਲੌਰ ਜਗਦੀਸ਼ ਰਾਜ ਤੇ ਥਾਣਾ ਮੁਖੀ ਬਿਲਗਾ ਮਹਿੰਦਰਪਾਲ ਨੇ ਦੱਸਿਆ ਕਿ ਕੁਝ ਨੌਜਵਾਨਾਂ ’ਚ ਬਹਿਸਬਾਜ਼ੀ ਸ਼ੁਰੂ ਹੋਈ ਅਤੇ ਮਾਮਲਾ ਹੱਥੋਪਾਈ ਤੱਕ ਜਾ ਪੁੱਜਾ, ਜਿਸ ਤੋਂ ਬਾਅਦ 3 ਦੋਸਤਾਂ ਨੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਏ।
ਉਨ੍ਹਾਂ ਦੱਸਿਆ ਕਿ ਰਮਨ ਖੇਤੀ ਦਾ ਕੰਮ ਕਰਦਾ ਸੀ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਮੁਖਤਿਆਰ ਸਿੰਘ, ਲਵਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ, ਦਵਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ ਸਾਰੇ ਵਾਸੀ ਪਿੰਡ ਬੁਰਜ ਹਸਨ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਪੁਲਿਸ ਉਹਨਾਂ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ।



































