ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ਵਿਚ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ। ਇਸ ਸਬੰਧੀ ਫੈਸਲਾ ਸੂਬਾ ਸਰਕਾਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿਚ ਲਿਆ ਗਿਆ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਜਿਨ੍ਹਾਂ ਵਿਚ ਐਡਵੋਕੇਟ ਅਮਰ ਸਿੰਘ ਚਾਹਲ, ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਸਿੰਘ ਸ਼ਾਮਲ ਸਨ, ਨਾਲ ਗੱਲਬਾਤ ਕੀਤੀ। ਮੀਟਿੰਗ ਦੌਰਾਨ ਮੰਤਰੀਆਂ ਨੇ ਵਫ਼ਦ ਨੂੰ ਦੱਸਿਆ ਕਿ ਸੂਬਾ ਸਰਕਾਰ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਜਲਦੀ ਹੀ ਅਦਾਲਤ ਵਿਚ ਚਲਾਨ ਪੇਸ਼ ਕਰੇਗੀ।
ਮੰਤਰੀਆਂ ਨੇ ਵਫ਼ਦ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਕੋਲ ਬੇਅਦਬੀ ਨਾਲ ਸਬੰਧਤ ਆਈਪੀਸੀ ਦੇ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਉਪਬੰਧ ਕਰਨ ਦੇ ਮੁੱਦੇ ਨੂੰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੂਬਾ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਮੁੱਦਾ ਭਾਰਤ ਦੇ ਰਾਸ਼ਟਰਪਤੀ ਦੇ ਸਾਹਮਣੇ ਉਠਾਇਆ ਜਾਵੇਗਾ।
ਦੇਸ਼ ਭਰ ਦੀਆਂ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਮੁੱਦੇ ’ਤੇ ਮੰਤਰੀਆਂ ਨੇ ਕਿਹਾ ਕਿ ਗੁਰਦੀਪ ਸਿੰਘ ਖਹਿਰਾ ਅਤੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸੂਬਾ ਸਰਕਾਰ ਜਲਦੀ ਹੀ ਦਿੱਲੀ ਅਤੇ ਕਰਨਾਟਕ ਸਰਕਾਰਾਂ ਨਾਲ ਰਾਬਤਾ ਕਾਇਮ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਸਰਕਾਰ ਗੁਰਮੀਤ ਸਿੰਘ, ਲਖਵਿੰਦਰ ਸਿੰਘ ਅਤੇ ਸ਼ਮਸ਼ੇਰ ਦੇ ਪਰਿਵਾਰਾਂ ਦੀਆਂ ਅਪੀਲਾਂ ਨੂੰ ਪ੍ਰਵਾਨ ਕਰਕੇ ਉਨ੍ਹਾਂ ਦੀ ਜਲਦੀ ਰਿਹਾਈ ਲਈ ਕਾਰਵਾਈ ਸ਼ੁਰੂ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਸਬੰਧੀ ਬਾਕੀ ਮੰਗਾਂ ਨੂੰ ਦੂਜੇ ਪੜਾਅ ਵਿੱਚ ਵਿਚਾਰਿਆ ਜਾਵੇਗਾ।
ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ ਜਗਤਾਰ ਸਿੰਘ ਹਵਾਰਾ ਨਾਲ ਸਬੰਧਤ ਸਾਰੇ ਕੇਸਾਂ ਨੂੰ ਮੁਹਾਲੀ ਅਦਾਲਤ ਵਿੱਚ ਤਬਦੀਲ ਕਰਨ ਦੀ ਅਪੀਲ ’ਤੇ ਕਾਨੂੰਨੀ ਸਲਾਹ ਲਵੇਗੀ। ਇਸ ਸਬੰਧੀ ਫੈਸਲਾ 31 ਮਾਰਚ ਤੋਂ ਪਹਿਲਾਂ ਲਿਆ ਜਾਵੇਗਾ। ਲੋਕਾਂ ਨੂੰ ਹੋ ਰਹੀ ਅਸੁਵਿਧਾ ਦੇ ਮੱਦੇਨਜ਼ਰ ਮੋਰਚੇ ਦੇ 31 ਮੈਂਬਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੇ ਮਾਰਚ ਨੂੰ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ ਗਈ।
ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿੱਚ ਦਾਖ਼ਲ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਮਸਲੇ ਉਤੇ ਚਰਚਾ ਦੌਰਾਨ ਇਹ ਫੈਸਲਾ ਹੋਇਆ ਕਿ ਉਨ੍ਹਾਂ ਦੀ ਹਸਪਤਾਲ ਤੋਂ ਛੁੱਟੀ ਹੋਣ ਮਗਰੋਂ ਸਰਕਾਰ ਉਨ੍ਹਾਂ ਦੀ ਸਿਹਤ-ਸੰਭਾਲ ਦਾ ਪੂਰਾ ਖ਼ਿਆਲ ਰੱਖੇਗੀ, ਜਦੋਂ ਕਿ ਕੌਮੀ ਇਨਸਾਫ਼ ਮੋਰਚਾ ਇਹ ਗੱਲ ਯਕੀਨੀ ਬਣਾਏਗਾ ਕਿ ਹਸਪਤਾਲ ਤੋਂ ਛੁੱਟੀ ਹੋਣ ਤੋਂ ਘੱਟੋ-ਘੱਟ 15 ਦਿਨਾਂ ਤੱਕ ਉਹ ਮੋਰਚੇ ਦੇ ਧਰਨੇ ਵਿੱਚ ਸ਼ਮੂਲੀਅਤ ਨਹੀਂ ਕਰਨਗੇ।