ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੰਮ੍ਰਿਤਸਰ ‘ਚ : ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, SGPC ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਕੀਤੀ ਮੰਗ

0
522

ਅੰਮ੍ਰਿਤਸਰ| ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਆਪਣੇ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ। ਇਸ ਤੋਂ ਬਾਅਦ ਉਹ ਸਿੱਧਾ ਹਰਿਮੰਦਰ ਸਾਹਿਬ ਪਹੁੰਚੀ। ਗੁਰੂਘਰ ਵਿਖੇ ਮੱਥਾ ਟੇਕਣ ਤੋਂ ਬਾਅਦ ਉਹ ਸ਼ਹੀਦਾਂ ਨੂੰ ਮੱਥਾ ਟੇਕਣ ਲਈ ਜਲਿਆਂਵਾਲਾ ਬਾਗ ਪਹੁੰਚ ਗਏ ਹਨ। ਅੰਮ੍ਰਿਤਸਰ ‘ਚ ਉਹ ਦੁਰਗਿਆਣਾ ਮੰਦਰ ਅਤੇ ਫਿਰ ਸ਼੍ਰੀ ਰਾਮਤੀਰਥ ਵਿਖੇ ਵੀ ਮੱਥਾ ਟੇਕਣਗੇ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦ੍ਰੋਪਦੀ ਮੁਰਮੂ ਦੀ ਇਹ ਪਹਿਲੀ ਪੰਜਾਬ ਫੇਰੀ ਹੈ।

ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰਵਾਨਾ ਹੋਣ ਤੋਂ ਬਾਅਦ ਰਾਸ਼ਟਰਪਤੀ ਦਾ ਮੋਟਰ ਕਾਫ਼ਲਾ ਹਰਿਮੰਦਰ ਸਾਹਿਬ ਪਹੁੰਚਿਆ। ਇੱਥੇ ਸੰਸਦ ਮੈਂਬਰ ਗੁਰਜੀਤ ਔਜਲਾ ਵੀ ਉਨ੍ਹਾਂ ਦੇ ਨਾਲ ਘੁੰਮਦੇ ਨਜ਼ਰ ਆਏ। ਪਰਿਕਰਮਾ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ। ਰਾਸ਼ਟਰਪਤੀ ਮੁਰਮੂ ਦੁਪਹਿਰ ਕਰੀਬ 2.50 ਵਜੇ ਜਲਿਆਂਵਾਲਾ ਬਾਗ ਪਹੁੰਚ ਗਏ। ਇੱਥੇ ਉਹ ਸ਼ਹੀਦੀ ਸਮਾਰਕ ‘ਤੇ ਫੁੱਲ ਭੇਟ ਕਰਨਗੇ ਅਤੇ ਸ਼ਹੀਦਾਂ ਨੂੰ ਨਮਨ ਕਰਨਗੇ।

ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਹਰਿਮੰਦਰ ਸਾਹਿਬ ਦੀ ਫੇਰੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋ ਮੰਗ ਪੱਤਰ ਸੌਂਪੇ ਹਨ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲਾ ਮੰਗ ਪੱਤਰ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਅਤੇ ਦੂਜਾ ਮੰਗ ਪੱਤਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ ਮਾਨਤਾ ਸਬੰਧੀ ਦਿੱਤਾ।