ਲੁਧਿਆਣਾ| ਖੰਨਾ ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਚਾਰ ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚਾਰੇ ਸਮਰਥਕ ਸਮਰਾਲਾ ਇਲਾਕੇ ਨਾਲ ਸੰਬੰਧਤ ਹਨ। ਇਨ੍ਹਾਂ ਦੀ ਪਛਾਣ ਈਸ਼ਵਰ ਸਿੰਘ ਵਾਸੀ ਪਿੰਡ ਮਾਨੂੰਪੁਰ, ਗੁਰਪ੍ਰੀਤ ਸਿੰਘ ਵਾਸੀ ਪਿੰਡ ਉਟਾਲਾਂ, ਸੁਖਵਿੰਦਰ ਸਿੰਘ ਵਾਸੀ ਪਿੰਡ ਭਗਵਾਨਪੁਰਾ ਅਤੇ ਜਗਤਾਰ ਸਿੰਘ ਵਾਸੀ ਪਿੰਡ ਰਾਣਵਾਂ ਵਜੋਂ ਹੋਈ ਹੈ।
ਇਨ੍ਹਾਂ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੀ ਗ੍ਰਿਫਤਾਰੀ ਅਤੇ ਅੰਮ੍ਰਿਤਪਾਲ ਦੀ ਭਾਲ ਦੇ ਵਿਰੋਧ ‘ਚ ਹਾਈਵੇ ਜਾਮ ਕਰਨ ਦਾ ਸੱਦਾ ਦਿੱਤਾ ਜਾ ਰਿਹਾ ਸੀ। ਭਣਕ ਲੱਗਦੇ ਹੀ ਪੁਲਿਸ ਨੇ ਇਨ੍ਹਾਂ ਨੂੰ ਤੁਰੰਤ ਕਾਬੂ ਕਰ ਲਿਆ ਹੈ। ਪੁਲਿਸ ਨੇ 107-151 ਅਧੀਨ ਕਾਰਵਾਈ ਕਰਕੇ ਚਾਰੇ ਸਮਰਥਕਾਂ ਨੂੰ ਲੁਧਿਆਣਾ ਜੇਲ੍ਹ ਭੇਜ ਦਿੱਤਾ ਹੈ। ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਉਹਨਾਂ ਨੂੰ ਇਨਪੁੱਟ ਮਿਲੇ ਸੀ ਕਿ ਅੰਮ੍ਰਿਤਪਾਲ ਦੇ ਇਹ ਸਮਰਥਕ ਹਾਈਵੇ ਜਾਮ ਜਾਂ ਕੋਈ ਹੋਰ ਥਾਂ ਉਪਰ ਧਰਨਾ ਦੇਣ ਲਈ ਸੁਨੇਹਾ ਲਗਾ ਰਹੇ ਹਨ। ਜਿਸਨੂੰ ਦੇਖਦੇ ਹੋਏ ਕਾਰਵਾਈ ਕੀਤੀ ਗਈ।
ਇਸ ਤੋਂ ਪਹਿਲਾਂ ਪਟਿਆਲਾ ਪੁਲਿਸ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਨੈਸ਼ਨਲ ਹਾਈਵੇ 44 ਨੂੰ ਜਾਮ ਕਰਨ ਦੀ ਕਾਲ ਦੇਣ ਵਾਲੇ ਹਰਿਆਣਾ ਦੇ ਪਿੰਡ ਜਲਵੇੜਾ ਦੇ ਵਾਸੀ ਨਵਦੀਪ ਸਿੰਘ ਤੇ ਪਿੰਡ ਪਜੋਖੜਾ ਸਾਹਿਬ ਦੇ ਰਹਿਣ ਵਾਲੇ ਸਿਮਰਨ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨੌਜਵਾਨਾਂ ਵੱਲੋਂ ਸ਼ੰਭੂ ਬਾਰਡਰ ‘ਤੇ ਹਾਈਵੇ ਜਾਮ ਕਰਨ ਦੀ ਕਾਲ ਦਿੱਤੀ ਸੀ ਪਰ ਸ਼ੰਭੂ ਪੁਲਿਸ ਵੱਲੋਂ ਪਹਿਲਾਂ ਹੀ ਇਨ੍ਹਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਐਸਐਸਪੀ ਨੇ ਕਿਹਾ ਕਿ ਅਮਨ ਸ਼ਾਂਤੀ ਬਰਕਰਾਰ ਰੱਖੀ ਜਾਵੇਗੀ। ਕਿਸੇ ਨੂੰ ਵੀ ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਖੰਨਾ ਅੰਦਰ ਪੁਲਿਸ ਸੁਰੱਖਿਆ ਪ੍ਰਬੰਧਾਂ ਬਾਰੇ ਦੱਸਦੇ ਹੋਏ ਕਿਹਾ ਕਿ ਆਈਈਟੀਬੀ ਦੀ ਇੱਕ ਟੁਕੜੀ ਅਤੇ ਪੰਜਾਬ ਪੁਲਸ ਦੀਆਂ ਦੋ ਟੁਕੜੀਆਂ ਸਮੇਤ ਪੂਰੇ ਜਿਲ੍ਹੇ ਦੀ ਪੁਲਿਸ ਤਾਇਨਾਤ ਹੈ। ਸੋਸ਼ਲ ਮੀਡੀਆ ਉਪਰ ਵੀ ਨਿਗਰਾਨੀ ਰੱਖੀ ਜਾ ਰਹੀ ਹੈ। ਲਗਾਤਾਰ ਫਲੈਗ ਮਾਰਚ ਕੀਤੇ ਜਾ ਰਹੇ ਹਨ।