ਜਲੰਧਰ: ਜਲੰਧਰ ਲੋਕ ਸਭਾ ਉਪ ਚੋਣ ਲਈ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ ‘ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰਾਂ ਨੇ ਜਿੱਤ ਲਈ ਆਪਣਾ ਜ਼ੋਰ ਲਗਾਇਆ ਹੋਇਆ ਹੈ। ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ, ਕਾਂਗਰਸੀ ਆਗੂ ਪਰਗਟ ਸਿੰਘ, ਰਾਜ ਸਭਾ ਮੈਂਬਰ ਸੰਤ ਸੀਚੇਵਾਲਾ ਨੇ ਪਹੁੰਚਕੇ ਵੋਟ ਪਾਈ।
16 ਲੱਖ ਤੋਂ ਵੱਧ ਵੋਟਰ ਅੱਜ 19 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 1621800 ਵੋਟਰਾਂ ਵਿੱਚੋਂ 844904 ਮਰਦ ਅਤੇ 776855 ਮਹਿਲਾ ਵੋਟਰਾਂ ਤੋਂ ਇਲਾਵਾ 41 ਤੀਜੇ ਲਿੰਗ ਦੇ ਵੋਟਰ ਹਨ।
ਲੋਕ ਸਭਾ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚ 1972 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਜਿੱਥੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਕਮਿਸ਼ਨਰੇਟ ਪੁਲਿਸ ਸੀਮਾਵਾਂ ਅਤੇ ਦਿਹਾਤੀ ਪੁਲਿਸ ਖੇਤਰਾਂ ਵਿੱਚ ਸ਼ਾਂਤੀਪੂਰਵਕ ਪੋਲਿੰਗ ਨੂੰ ਯਕੀਨੀ ਬਣਾਉਣ ਲਈ ਲਗਭਗ 8000 ਪੰਜਾਬ ਪੁਲਿਸ ਅਤੇ ਸੁਰੱਖਿਆ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ।







































