ਅੰਮ੍ਰਿਤਸਰ| ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੇੜੇ ਰਾਤ ਕਰੀਬ 12.10 ਵਜੇ ਧਮਾਕਾ ਹੋਇਆ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੌਕੇ ‘ਤੇ ਪਹੁੰਚ ਕੇ ਲੰਗਰ ਹਾਲ ਨੇੜੇ ਸ੍ਰੀ ਗੁਰੂ ਰਾਮਦਾਸ ਸਰਾਏ ਤੋਂ ਇੱਕ ਲੜਕੇ ਅਤੇ ਇੱਕ ਲੜਕੀ ਸਮੇਤ ਪੰਜ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕੋਲੋਂ 8 ਬੰਬ ਬਰਾਮਦ ਹੋਏ ਹਨ। ਤਲਾਸ਼ੀ ਦੌਰਾਨ ਸਰਾਏ ਦੇ ਸੀਸੀਟੀਵੀ ਫੁਟੇਜ ਤੋਂ ਦੋ ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਵਿੱਚ ਘੱਟ ਤੀਬਰਤਾ ਵਾਲੇ ਧਮਾਕੇ ਦਾ ਮਾਮਲਾ ਸੁਲਝਾ ਲਿਆ ਗਿਆ ਹੈ। 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦਾ ਮਕਸਦ ਸਿਰਫ਼ ਅਸ਼ਾਂਤੀ ਫੈਲਾਉਣਾ ਸੀ। ਉਨ੍ਹਾਂ ਨੇ ਧਮਾਕਿਆਂ ਲਈ ਪਟਾਕੇ ਵਾਲੇ ਬਾਰੂਦ ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਜਲਦੀ ਹੀ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਅਸੀਂ ਜਾਂਚ ਕਰ ਰਹੇ ਹਾਂ।
ਮਿਲੀ ਜਾਣਕਾਰੀ ਮੁਤਾਬਕ ਫੜੇ ਗਏ ਲੜਕੇ-ਲੜਕੀਆਂ ਸਰਾਏ ਦੇ ਕਮਰੇ ਨੰਬਰ 225 ਵਿੱਚ ਠਹਿਰੇ ਹੋਏ ਸਨ। ਉਨ੍ਹਾਂ ਕੋਲੋਂ ਇਕ ਸ਼ੱਕੀ ਬੈਗ ਵੀ ਬਰਾਮਦ ਹੋਇਆ ਹੈ। ਦੋਵੇਂ ਗੁਰਦਾਸਪੁਰ ਦੇ ਰਹਿਣ ਵਾਲੇ ਹਨ। ਸੀਸੀਟੀਵੀ ਫੁਟੇਜ ਵਿਚ ਉਨ੍ਹਾਂ ਨੂੰ ਵਰਾਂਡੇ ਵਿਚ ਆਉਂਦੇ-ਜਾਂਦੇ ਦੇਖਿਆ ਗਿਆ ਹੈ। ਉਨ੍ਹਾਂ ਦੀ ਫੋਟੋ ਵੀ ਸਾਹਮਣੇ ਆ ਚੁੱਕੀ ਹੈ। ਪੁਲਿਸ ਸੂਤਰਾਂ ਮੁਤਾਬਕ ਧਮਾਕੇ ਤੋਂ ਬਾਅਦ ਦੋਵੇਂ ਸਰਾਏ ਦੇ ਵਰਾਂਡੇ ‘ਚ ਸੌਂ ਗਏ। ਕਿਹਾ ਜਾਂਦਾ ਹੈ ਕਿ ਉਸ ਨੇ ਬੰਬ ਛੱਤ ਜਾਂ ਖਿੜਕੀ ਤੋਂ ਸੁੱਟਿਆ ਸੀ।