ਪਠਾਨਕੋਟ | ਇਥੋਂ ਦੀ ਪੁਲਿਸ ਨੂੰ ਵੱਡੀ ਸਫਲਤਾ ਹੈ। ਜ਼ਿਲ੍ਹਾ ਪੁਲਿਸ ਨੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਫਰਜ਼ੀ ਟਰੈਵਲ ਏਜੰਟ ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਫ਼ਰਜ਼ੀ ਏਜੰਟ ਕੋਲੋਂ 25 ਪਾਸਪੋਰਟ, 6 ਚੈੱਕ ਬੁੱਕ ਅਤੇ ਹੋਰ ਕਈ ਦਸਤਾਵੇਜ਼ ਬਰਾਮਦ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਏਜੰਟ ਨੇ ਕਈ ਲੋਕਾਂ ਦੇ ਵੀਜ਼ੇ ਲਗਾਏ, ਜੋ ਕਿ ਫ਼ਰਜ਼ੀ ਪਾਏ ਗਏ। ਮੁਲਜ਼ਮ ਦੀ ਪਛਾਣ ਜਸਬੀਰ ਉਰਫ਼ ਜੱਸੀ ਵਜੋਂ ਹੋਈ ਹੈ।
ਪੁਲਿਸ ਨੂੰ ਉਸ ਵਿਰੁੱਧ ਕਈ ਸ਼ਿਕਾਇਤਾਂ ਮਿਲੀਆਂ ਸਨ, ਜਿਸ ਵਿਚ ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਏਜੰਟ ਨੇ ਲੋਕਾਂ ਨੂੰ ਅਰਜਨਟੀਨਾ ਦਾ ਵੀਜ਼ਾ ਲਗਾਉਣ ਦਾ ਵਾਅਦਾ ਕੀਤਾ ਸੀ ਪਰ ਬਾਅਦ ਵਿਚ ਉਸ ਨੇ ਫ਼ੋਨ ਚੁੱਕਣਾ ਬੰਦ ਕਰ ਦਿੱਤਾ। ਇਸ ਮਗਰੋਂ ਪੁਲਿਸ ਨੇ ਅੰਬੈਸੀ ਨਾਲ ਸੰਪਰਕ ਕੀਤਾ, ਜਿਸ ਦੌਰਾਨ ਸਾਹਮਣੇ ਆਇਆ ਇਹ ਸਾਰੇ ਵੀਜ਼ੇ ਜਾਅਲੀ ਸਨ। ਇਸ ਮਗਰੋਂ ਪੁਲਿਸ ਨੇ ਮਾਮਲਾ ਦਰਜ ਕੀਤਾ।
ਜਾਣਕਾਰੀ ਦਿੰਦਿਆਂ ਐਸਐਸਪੀ ਪਠਾਨਕੋਟ ਹਰਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਏਜੰਟ ਕੋਲੋਂ 25 ਪਾਸਪੋਰਟ, 6 ਚੈੱਕ ਬੁੱਕ, ਕਈ ਏਟੀਐਮ ਕਾਰਡ ਅਤੇ ਹੋਰ ਦਸਤਾਵੇਜ਼ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਪਹਿਲਾਂ ਵੀ ਅਜਿਹੇ ਫਰਜ਼ੀ ਏਜੰਟਾਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੀ ਕਾਰਵਾਈ ਜਾਰੀ ਰਹੇਗੀ।