ਭਲਵਾਨਾਂ ਦੇ ਧਰਨੇ ਨੂੰ SGPC ਦਾ ਸਮਰਥਨ : ਕਿਹਾ- ਇਹ ਮਹਿਲਾਵਾਂ ਦੇ ਸਨਮਾਨ ਨਾਲ ਜੁੜਿਆ ਮਾਮਲਾ, ਸਰਕਾਰ ਦਿਖਾਵੇ ਸੰਜੀਦਗੀ

0
615

ਅੰਮ੍ਰਿਤਸਰ| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ’ਚ ਜੰਤਰ ਮੰਤਰ ਵਿਖੇ ਧਰਨੇ ’ਤੇ ਬੈਠੀਆਂ ਓਲੰਪੀਅਨ ਭਲਵਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।

ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਕ ਪਾਸੇ ਸਰਕਾਰਾਂ ਬੱਚੀਆਂ ਨੂੰ ਉੱਚਾ ਚੁੱਕਣ ਦੀ ਗੱਲ ਕਰਦੀਆਂ ਹਨ, ਜਦਕਿ ਦੂਜੇ ਪਾਸੇ ਦੇਸ਼ ਦਾ ਨਾਂ ਰੋਸ਼ਨ ਕਰਨ ਵਾਲੀਆਂ ਓਲੰਪੀਅਨ ਭਲਵਾਨ ਲੜਕੀਆਂ ਕੇਂਦਰ ਸਰਕਾਰ ਦੇ ਬਰੂਹਾਂ ’ਤੇ ਬੈਠ ਕੇ ਇਨਸਾਫ਼ ਲਈ ਲੜ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਹ ਮਾਮਲਾ ਲੜਕੀਆਂ ਦੀ ਇੱਜ਼ਤ ਤੇ ਸਨਮਾਨ ਨਾਲ ਜੁੜਿਆ ਹੋਇਆ ਹੈ ਜਿਸ ਪ੍ਰਤੀ ਸਰਕਾਰ ਸੰਜੀਦਗੀ ਦਿਖਾ ਕੇ ਦੋਸ਼ੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਨੂੰ ਅਮਲ ਵਿਚ ਲਿਆਵੇ।

ਐਡਵੋਕੇਟ ਧਾਮੀ ਨੇ ਆਖਿਆ ਕਿ ਸਿੱਖ ਕੌਮ ਆਪਣੇ ਇਤਿਹਾਸ, ਰਵਾਇਤਾਂ ਤੇ ਪਰੰਪਰਾਵਾਂ ਦੀ ਤਰਜਮਾਨੀ ਕਰਦਿਆਂ ਇਨ੍ਹਾਂ ਸੰਘਰਸ਼ੀ ਖਿਡਾਰਨਾਂ ਦਾ ਸਮਰਥਨ ਕਰਦੀ ਹੈ ਅਤੇ ਇਕ ਵਫ਼ਦ ਦਿੱਲੀ ਭੇਜਿਆ ਜਾਵੇਗਾ।