ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫ਼ਿਰੋਜ਼ਪੁਰ ਦੇ ਪਿੰਡ ਸਰਾਂ ਵਾਲੀ ਨੇੜੇ ਕਾਰ ਤੇ ਬਾਈਕ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ‘ਚ ਬਾਈਕ ਸਵਾਰ 2 ਭਰਾ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 1 ਦੀ ਮੌਤ ਹੋ ਗਈ, ਜਦਕਿ ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਨੇ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਹੈ। ਥਾਣਾ ਘੱਲਖੁਰਦ ਦੀ ਪੁਲਿਸ ਨੇ ਦੋਸ਼ੀ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।
ਪੀੜਤ ਨਸੀਬ ਸਿੰਘ ਵਾਸੀ ਪ੍ਰੀਤਮ ਸਿੰਘ ਮੇਘਾ ਜ਼ਿਲ੍ਹਾ ਫਿਰੋਜ਼ਪੁਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਨਛੱਤਰ ਸਿੰਘ (26) ਅਤੇ ਜੋਬਨਪ੍ਰੀਤ ਸਿੰਘ ਦਵਾਈ ਲੈਣ ਲਈ ਪਿੰਡ ਕੈਲਾਸ਼ ਜਾ ਰਹੇ ਸਨ। ਜਿਵੇਂ ਹੀ ਉਹ ਪਿੰਡ ਸਰਾਂ ਵਾਲੀ ਸਥਿਤ ਪੈਟਰੋਲ ਪੰਪ ਨੇੜੇ ਪਹੁੰਚਿਆ ਤਾਂ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਦੋਵੇਂ ਭਰਾ ਬਾਈਕ ਸਮੇਤ ਸੜਕ ‘ਤੇ ਡਿੱਗ ਕੇ ਜ਼ਖਮੀ ਹੋ ਗਏ। ਲੋਕਾਂ ਨੇ ਦੋਵਾਂ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ।
ਦੋਵੇਂ ਭਰਾਵਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰ ਨੇ ਉਨ੍ਹਾਂ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਹੈ, ਜਿਥੇ ਡਾਕਟਰਾਂ ਨੇ ਚੈੱਕਅਪ ਦੌਰਾਨ ਨਛੱਤਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜੋਬਨਪ੍ਰੀਤ ਦਾ ਇਲਾਜ ਚੱਲ ਰਿਹਾ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਾਰ ਚਾਲਕ ਫਰਾਰ ਹੋ ਗਿਆ। ਨਸੀਬ ਸਿੰਘ ਦੇ ਬਿਆਨਾਂ ’ਤੇ ਥਾਣਾ ਘੱਲਖੁਰਦ ਦੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰੇ ਨੂੰ ਚੈੱਕ ਕੀਤਾ ਜਾ ਰਿਹਾ ਹੈ।