CM ਮਾਨ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, 30 ਜੂਨ ਤੱਕ TREM-III ਟਰੈਕਟਰਾਂ ਦੀ ਰਜਿਸਟ੍ਰੇਸ਼ਨ ਦੀ ਮਨਜ਼ੂਰੀ

0
83

ਚੰਡੀਗੜ੍ਹ | ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ ਕਿਉਂਕਿ ਇਸ ਨੇ TREM-III ਮਿਆਰੀ ਟਰੈਕਟਰਾਂ ਦੀ ਰਜਿਸਟ੍ਰੇਸ਼ਨ 30 ਜੂਨ ਤੱਕ ਕਰਨ ਦੀ ਇਜਾਜ਼ਤ ਦਿੱਤੀ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਆਪਣੇ ਦਫ਼ਤਰ ਵਿਖੇ ਟਰੈਕਟਰ ਡੀਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਐਲਾਨ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਦੇ ਨਾਲ-ਨਾਲ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰਾਲੇ ਵੱਲੋਂ ਲਗਾਈਆਂ ਸ਼ਰਤਾਂ ਕਾਰਨ ਸੂਬੇ ਵਿਚ TREM-III ਮਿਆਰੀ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ, ਜਿਸ ਕਾਰਨ ਕਿਸਾਨਾਂ ਅਤੇ ਡੀਲਰਾਂ ਨੂੰ ਨੁਕਸਾਨ ਹੋ ਰਿਹਾ ਸੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਕਿਸਾਨ ਅਤੇ ਡੀਲਰ 30 ਜੂਨ ਤੱਕ TREM-III ਸਟੈਂਡਰਡ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਡੀਲਰ ਆਪਣੀ ਆਈਡੀ ਦੁਆਰਾ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਸਕਦੇ ਹਨ। ਜੇਕਰ ਡੀਲਰ ਦੀ ਆਈਡੀ ਉਪਲਬਧ ਨਹੀਂ ਹੈ ਤਾਂ ਰਜਿਸਟ੍ਰੇਸ਼ਨ ਆਰਟੀਓ/ਐਸਡੀਐਮ ਦੀ ਆਈਡੀ ਦੁਆਰਾ ਕੀਤੀ ਜਾ ਸਕਦੀ ਹੈ।