ਸ਼ਿਮਲਾ ‘ਚ ਮੰਦਿਰ ਢਹਿਣ ਕਾਰਨ 9 ਲੋਕਾਂ ਦੀ ਮੌਤ; ਢਿੱਗਾਂ ਡਿੱਗਣ ਕਾਰਨ ਵਾਪਰਿਆ ਹਾਦਸਾ

0
584

ਸ਼ਿਮਲਾ| ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ’ਚ ਜ਼ਮੀਨ ਖਿਸਕਣ ਕਾਰਨ ਇਕ ਮੰਦਿਰ ਢਹਿ ਗਿਆ। ਸ਼ਿਮਲਾ ਦੇ ਐਸ.ਪੀ. ਸੰਜੀਵ ਕੁਮਾਰ ਗਾਂਧੀ ਨੇ ਦੱਸਿਆ ਕਿ ਢਿੱਗਾਂ ਡਿੱਗਣ ਨਾਲ ਇਕ ਮੰਦਿਰ ਢਹਿ ਗਿਆ ਹੈ, ਜਿਸ ਦੇ ਚੱਲਦਿਆਂ 9 ਲੋਕਾਂ ਦੀ ਮੌਤ ਹੋ ਗਈ।

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਟਵੀਟ ਕਰਕੇ ਕਿਹਾ ਕਿ ਸ਼ਿਮਲਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਥੇ ਸਮਰ ਹਿੱਲ ’ਤੇ ਸ਼ਿਵ ਮੰਦਰ ਭਾਰੀ ਮੀਂਹ ਕਾਰਨ ਢਹਿ ਗਿਆ। ਹੁਣ ਤਕ 9 ਲਾਸ਼ਾਂ ਕੱਢੀਆਂ ਗਈਆਂ ਹਨ। ਸਥਾਨਕ ਪ੍ਰਸ਼ਾਸਨ ਲੋਕਾਂ ਨੂੰ ਬਚਾਉਣ ਲਈ ਕੰਮ ਕਰ ਰਿਹਾ ਹੈ।

ਇਕ ਹੋਰ ਟਵੀਟ ਕਰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ 48 ਘੰਟਿਆਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨਾਲ ਹਿਮਾਚਲ ਪ੍ਰਦੇਸ਼ ‘ਚ ਇਕ ਵਾਰ ਫਿਰ ਹਾਦਸਾ ਵਾਪਰਿਆ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਬੱਦਲ ਫਟਣ ਅਤੇ ਜ਼ਮੀਨ ਖਿਸਕਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਜਿਸ ਕਾਰਨ ਕੀਮਤੀ ਜਾਨਾਂ ਅਤੇ ਸੰਪਤੀ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਖੇਤਰਾਂ ਤੋਂ ਦੂਰ ਰਿਹਾ ਜਾਵੇ।

ਸੋਲਨ ਵਿਚ ਬੱਦਲ ਫਟਣ ਕਾਰਨ 7 ਲੋਕਾਂ ਦੀ ਮੌਤ

ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਜਾਦੋਂ ਪਿੰਡ ਵਿਚ ਬੱਦਲ ਫਟਣ ਕਾਰਨ ਇਕ ਹੀ ਪ੍ਰਵਾਰ ਦੇ ਸੱਤ ਜੀਆਂ ਦੀ ਮੌਤ ਹੋ ਗਈ। ਪੁਲਿਸ ਨੇ ਦਸਿਆ ਕਿ ਐਤਵਾਰ ਰਾਤ ਨੂੰ ਬੱਦਲ ਫਟਣ ਕਾਰਨ ਦੋ ਘਰ ਵਹਿ ਗਏ ਅਤੇ ਹਾਦਸੇ ‘ਚ 6 ਲੋਕਾਂ ਨੂੰ ਬਚਾ ਲਿਆ ਗਿਆ।

ਸੋਲਨ ਦੇ ਐਸ.ਪੀ. ਗੌਰਵ ਸਿੰਘ ਨੇ ਦਸਿਆ ਕਿ ਮ੍ਰਿਤਕਾਂ ਦੀ ਪਛਾਣ ਹਰਨਾਮ (38), ਕਮਲ ਕਿਸ਼ੋਰ (35), ਹੇਮਲਤਾ (34), ਰਾਹੁਲ (14), ਨੇਹਾ (12), ਗੋਲੂ (8) ਅਤੇ ਰਕਸ਼ਾ (12) ਵਜੋਂ ਹੋਈ ਹੈ। ਸੂਬੇ ‘ਚ ਭਾਰੀ ਮੀਂਹ ਦੇ ਮੱਦੇਨਜ਼ਰ ਸੋਮਵਾਰ ਨੂੰ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਦਿਤੇ ਗਏ ਹਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)