ਬਟਾਲਾ : ਕਾਂਗਰਸੀ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਗਲ਼ੀ ‘ਚ ਘੇਰ ਕੇ ਵੱਢਿਆ

0
1356

ਬਟਾਲਾ| ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਦੇ ਮੌਜੂਦਾ ਕਾਂਗਰਸੀ ਸਰਪੰਚ ‘ਤੇ ਬੀਤੀ ਦੇਰ ਸ਼ਾਮ ਕਰੀਬ ਸਾਢੇ ਅੱਠ ਵਜੇ ਤੇਜ਼ਧਾਰ ਹਥਿਆਰਾਂ ਨਾਲ ਅਣਪਛਾਤਿਆਂ ਨੇ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ‘ਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਉਸਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਦਾਖ਼ਲ ਕਰਾਇਆ, ਜਿੱਥੇ ਉਸਦੀ ਹਾਲਤ ਦੇਖਦਿਆਂ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ । ਅੰਮ੍ਰਿਤਸਰ ਵਿਖੇ ਕਾਂਗਰਸੀ ਸਰਪੰਚ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

ਮ੍ਰਿਤਕ ਦੀ ਪਛਾਣ ਬਲਜੀਤ ਸਿੰਘ (47) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸਦਾਰੰਗ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਮੌਕੇ “ਤੇ ਪਹੰਚ ਕੇ ਘਟਨਾ ਦਾ ਜਾਇਜ਼ਾ ਲਿਆ।

ਪ੍ਰਾਪਤ ਵੇਰਵਿਆਂ ਅਨੁਸਾਰ ਮ੍ਰਿਤਕ ਦੇਰ ਸ਼ਾਮ ਆਪਣੇ 8 ਸਾਲਾ ਲੜਕੇ ਨਾਲ ਪਿੰਡ ਵਿੱਚ ਹੀ ਕਿਸੇ ਦੇ ਘਰ ਗਿਆ ਸੀ ਅਤੇ ਦੇਰ ਰਾਤ ਕਰੀਬ ਸਾਢੇ ਅੱਠ ਵਜੇ ਆਪਣੇ ਘਰ ਵਾਪਸ ਆ ਰਿਹਾ ਸੀ ਅਤੇ ਉਸ ਦੇ ਘਰ ਪਹੁੰਚਣ ਤੋਂ ਪਹਿਲਾਂ ਹੀ ਗਲੀ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਹਮਲਾਵਰਾਂ ਨੇ ਉਸ ਨੂੰ ਬਹੁਤ ਬੁਰੀ ਤਰ੍ਹਾਂ ਵੱਢਿਆ ਅਤੇ ਉਸ ਦੇ ਮੂੰਹ-ਸਿਰ ਸਣੇ ਸਰੀਰ ਦੇ ਸਾਰੇ ਅੰਗਾਂ ‘ਤੇ ਹੀ ਵਾਰ ਕੀਤੇ।

ਮ੍ਰਿਤਕ ਸਰਪੰਚ ਦੇ ਭਰਾ ਗੁਰਮੀਤ ਸਿੰਘ ਲੱਕੀ ਨੇ ਦੱਸਿਆ ਕਿ ਉਸਦਾ ਭਰਾ ਪਿੰਡ ਦਾ ਮੌਜੂਦਾ ਸਰਪੰਚ ਹੈ ਅਤੇ ਕਾਤਲਾਂ ਨੇ ਉਸ ਦੇ ਭਰਾ ‘ਤੇ ਕਾਤਲਾਨਾ ਹਮਲਾ ਕੀਤਾ ਹੈ। ਉਸਨੇ ਦੱਸਿਆ ਕਿ ਉਹਨਾਂ ਨੇ ਆਪਣੇ ਭਰਾ ਬਲਜੀਤ ਸਿੰਘ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ। ਥਾਣਾ ਰੰਗੜ ਨੰਗਲ ਦੇ ਪੁਲੀਸ ਅਧਿਕਾਰੀਆਂ ਅਨੁਸਾਰ ਪੀੜਤ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।