ਘਰ ਦੇ ਬਾਹਰੋਂ ਲਾਪਤਾ ਹੋਏ 9ਵੀਂ ਜਮਾਤ ਦੇ ਵਿਦਿਆਰਥੀ ਦੀ ਛੱਪੜ ‘ਚੋਂ ਮਿਲੀ ਲਾਸ਼

0
596

ਹਰਿਆਣਾ | ਅੰਬਾਲਾ ਜ਼ਿਲੇ ਤੋਂ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋਏ 14 ਸਾਲਾ ਨੌਜਵਾਨ ਦੀ ਲਾਸ਼ ਸ਼ਨੀਵਾਰ ਸਵੇਰੇ ਇਕ ਛੱਪੜ ‘ਚੋਂ ਮਿਲੀ। ਮ੍ਰਿਤਕ ਦੀ ਪਛਾਣ ਸ਼ੌਰਿਆ ਉਰਫ ਨੌਨੀ ਪੁੱਤਰ ਸੁਨੀਲ ਕੁਮਾਰ ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਸੁਨੀਲ ਵਾਸੀ ਪਿੰਡ ਬਿਹਟਾ ਨੇ ਦੱਸਿਆ ਕਿ ਉਸ ਦਾ ਵੱਡਾ ਲੜਕਾ ਸ਼ੌਰਿਆ ਉਰਫ ਨੌਨੀ (14) ਸ਼ੁੱਕਰਵਾਰ ਸ਼ਾਮ 4 ਵਜੇ ਘਰੋਂ ਖੇਡਣ ਗਿਆ ਸੀ। ਜਦੋਂ ਉਹ ਸ਼ਾਮ 7 ਵਜੇ ਤੱਕ ਘਰ ਨਾ ਆਇਆ ਤਾਂ ਉਨ੍ਹਾਂ ਨੇ ਕਾਫੀ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਥਾਣਾ ਸਾਹਾ ਦੀ ਪੁਲਿਸ ਨੇ ਧਾਰਾ 365 ਤਹਿਤ ਕੇਸ ਦਰਜ ਕੀਤਾ ਸੀ।

ਜਾਣਕਾਰੀ ਮੁਤਾਬਕ ਸ਼ੌਰਿਆ ਉਰਫ ਨੌਨੀ 9ਵੀਂ ਜਮਾਤ ‘ਚ ਪੜ੍ਹਦਾ ਸੀ। ਸ਼ੌਰਿਆ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਥਾਣਾ ਸਾਹਾ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਸਾਹਾ ਥਾਣਾ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਮੌਕੇ ਤੋਂ ਸਬੂਤ ਇਕੱਠੇ ਕਰ ਲਏ ਹਨ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਮੁੱਢਲੀ ਜਾਂਚ ਵਿੱਚ ਬੱਚੇ ਦੀ ਮੌਤ ਡੁੱਬਣ ਕਾਰਨ ਹੋਈ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਵਿੱਚ ਆਵੇਗਾ।