ਫਿਰੋਜ਼ਪੁਰ, 11 ਸਤੰਬਰ | ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ 12 ਸਤੰਬਰ ਨੂੰ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਨੀਂਹ-ਪੱਥਰ ਰੱਖਣਗੇ। ਇਸ ਦੇ ਨਾਲ ਹੀ ਸਮਾਗਮ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਵਿਧਾਇਕ ਭੁੱਲਰ ਨੇ ਦੱਸਿਆ ਕਿ ਇਸ ਵਾਰ ਵੀ ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ ਅਤੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਭਗਵੰਤ ਮਾਨ ਸ਼ਾਮਲ ਹੋਣਗੇ। ਸਮਾਗਮ ਲਈ ਸਟੇਜ ਗਰਾਊਂਡ ਵਿਚ ਸਜਾਈ ਜਾ ਰਹੀ ਹੈ। ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਇਲਾਵਾ ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਡੀਸੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ, ਜਿਨ੍ਹਾਂ ਦੇ ਭੋਗ 12 ਸਤੰਬਰ ਨੂੰ ਪਾਏ ਜਾਣਗੇ। ਐਸਐਸਪੀ ਦੀਪਕ ਹਿਲੌਰੀ ਨੇ ਦੱਸਿਆ ਕਿ ਸਮਾਗਮ ਲਈ ਸੁਰੱਖਿਆ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਵਿਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ।
ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਸਾਰਾਗੜ੍ਹੀ ਦਿਵਸ ’ਤੇ ਰਾਜ ਪੱਧਰੀ ਪ੍ਰੋਗਰਾਮ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੇ ਐਂਟਰੀ ਪੁਆਇੰਟਾਂ ’ਤੇ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। 12 ਸਤੰਬਰ ਨੂੰ ਗੁਰਦੁਆਰਾ ਸਾਰਾਗੜ੍ਹੀ ਵੱਲ ਆਉਣ ਵਾਲੀ ਟਰੈਫਿਕ ਨੂੰ ਡਾਇਵਰਟ ਕੀਤਾ ਜਾਵੇਗਾ। ਪ੍ਰੋਗਰਾਮ ਨੂੰ ਲੈ ਕੇ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ‘ਤੇ ਪੁਲਿਸ ਵੱਲੋਂ ਲਗਾਤਾਰ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ।