ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ AI ਨੂੰ ਕੀਤਾ ਜਾਵੇਗਾ ਸ਼ਾਮਲ – CM ਮਾਨ

0
909

ਚੰਡੀਗੜ੍ਹ, 22 ਸਤੰਬਰ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਪੁਲਿਸ ਦੀ ਕੁਸ਼ਲਤਾ ਵਿਚ ਵਾਧਾ ਕਰਨ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਸ਼ਾਮਲ ਕੀਤਾ ਜਾਵੇਗਾ ਤਾਂ ਕਿ ਇਸ ਨੂੰ ਦੇਸ਼ ਵਿਚ ਪ੍ਰਮੁੱਖ ਬਲ ਬਣਾਇਆ ਜਾ ਸਕੇ।

ਪੰਜਾਬ ਪੁਲਿਸ ਵਿਚ ਸਿੱਧੇ ਤੌਰ ‘ਤੇ ਭਰਤੀ ਹੋਏ 2999 ਕਾਂਸਟੇਬਲਾਂ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਬੈਚ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟ ਕੀਤੀ ਕਿ ਇਹ ਪਹਿਲਕਦਮੀ ਸੂਬੇ ਵਿਚ ਪੁਲਿਸ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਵਿਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਵਿਚ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ, ਜਿਸ ਨਾਲ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿਚ ਮਦਦ ਮਿਲੇਗੀ। ਸੀ.ਐੱਮ. ਮਾਨ ਨੇ ਕਿਹਾ ਕਿ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ ‘ਤੇ ਢਾਲਣ ਦੀ ਦਿਸ਼ਾ ‘ਚ ਇਹ ਕਦਮ ਮੀਲ ਦਾ ਪੱਥਰ ਸਾਬਤ ਹੋਵੇਗਾ।

ਸੀਐਮ ਮਾਨ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਕਈ ਤਾਕਤਾਂ ਹਨ ਜੋ ਆਪਣੇ ਨਾਪਾਕ ਇਰਾਦਿਆਂ ਨਾਲ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ ਪਰ ਪੰਜਾਬ ਪੁਲਿਸ ਨੇ ਅਜਿਹੀਆਂ ਤਾਕਤਾਂ ਦੇ ਨਾਪਾਕ ਯਤਨਾਂ ਨੂੰ ਹਮੇਸ਼ਾ ਕਾਮਯਾਬ ਨਹੀਂ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਸੂਬੇ ਨੂੰ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਲਈ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿਚ ਆਧੁਨਿਕ ਲੋੜਾਂ ਨੂੰ ਅਪਣਾਉਣ ਦੀ ਲੋੜ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਉੱਚ ਪੇਸ਼ੇਵਰ ਪ੍ਰਤੀਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਮਹਾਨ ਪ੍ਰੰਪਰਾ ਨੂੰ ਕਾਇਮ ਰੱਖੇਗੀ।