ਬਠਿੰਡਾ, 26 ਸਤੰਬਰ | ਵਿਜੀਲੈਂਸ ਬਿਊਰੋ ਬਠਿੰਡਾ ਵਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਕ ਪੀ.ਸੀ.ਐੱਸ. ਅਧਿਕਾਰੀ ਸਮੇਤ 6 ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਮਗਰੋਂ ਮਨਪ੍ਰੀਤ ਬਾਦਲ ਵੱਲੋਂ ਮੰਗਲਵਾਰ ਨੂੰ ਬਠਿੰਡਾ ਅਦਾਲਤ ਵਿਚ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਲਈ ਗਈ ਹੈ। ਉਸ ਦੀ ਅਰਜ਼ੀ ‘ਤੇ ਵਧੀਕ ਸੈਸ਼ਨ ਜੱਜ ਰਾਮ ਕੁਮਾਰ ਗੋਇਲ ਦੀ ਅਦਾਲਤ ‘ਚ ਸੁਣਵਾਈ ਹੋਣੀ ਸੀ ਪਰ ਮੰਗਲਵਾਰ ਨੂੰ ਮਨਪ੍ਰੀਤ ਬਾਦਲ ਦੇ ਵਕੀਲ ਐਡਵੋਕੇਟ ਸੁਖਦੀਪ ਬਿੰਦਰ ਨੇ ਅਦਾਲਤ ‘ਚੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਕੇ ਅਗਲੀ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਉਹ ਨਵੇਂ ਸਿਰੇ ਤੋਂ ਮਨਪ੍ਰੀਤ ਬਾਦਲ ਦੀ ਜ਼ਮਾਨਤ ਦੀ ਪ੍ਰਕਿਰਿਆ ਸ਼ੁਰੂ ਕਰ ਸਕਣ।
ਤੁਹਾਨੂੰ ਦੱਸ ਦੇਈਏ ਕਿ 23 ਸਤੰਬਰ ਨੂੰ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਵਲੋਂ ਆਪਣੇ ਖਿਲਾਫ ਚੱਲ ਰਹੀ ਜਾਂਚ ਦੌਰਾਨ ਸੰਭਾਵੀ ਗ੍ਰਿਫਤਾਰੀ ਦੇ ਡਰੋਂ ਅਦਾਲਤ ਪਹੁੰਚੇ ਸਨ। ਕਰੀਬ ਦੋ ਮਹੀਨਿਆਂ ਤੋਂ ਸਿਆਸੀ ਸਰਗਰਮੀਆਂ ਤੋਂ ਗਾਇਬ ਮਨਪ੍ਰੀਤ ਬਾਦਲ ਨੇ ਆਪਣੇ ਵਕੀਲ ਰਾਹੀਂ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਵਿੱਚ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਦਾ ਦੋਸ਼ ਲਾਇਆ ਸੀ। ਉਸ ਨੇ ਆਪਣੀ ਅਗਾਊਂ ਜ਼ਮਾਨਤ ਅਰਜ਼ੀ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਭਾਸ਼ਣ ਦੀ ਵੀਡੀਓ ਵੀ ਨੱਥੀ ਕੀਤੀ ਹੈ, ਜਿਸ ਵਿਚ ਉਹ ਮਨਪ੍ਰੀਤ ਬਾਦਲ ਖ਼ਿਲਾਫ਼ ਕੇਸ ਦਰਜ ਕਰਨ ਦਾ ਦਾਅਵਾ ਕਰ ਰਿਹਾ ਹੈ।