ਕਿਸਾਨਾਂ ਵੱਲੋਂ ਪੰਜਾਬ ‘ਚ ਅੱਜ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ : ਮੰਗਾਂ ਸਬੰਧੀ ਕੇਂਦਰ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

0
464

ਚੰਡੀਗੜ੍ਹ, 28 ਸਤੰਬਰ | ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਕਰਨਗੀਆਂ। ਕਿਸਾਨ ਅੱਜ ਪੰਜਾਬ ਭਰ ਵਿਚ ਰੇਲਵੇ ਲਾਈਨਾਂ ’ਤੇ ਬੈਠ ਕੇ ਧਰਨਾ ਦੇਣਗੇ। ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਜਿਨ੍ਹਾਂ ਲੋਕਾਂ ਨੇ ਟਰੇਨਾਂ ‘ਚ ਪਹਿਲਾਂ ਹੀ ਟਿਕਟਾਂ ਬੁੱਕ ਕਰਵਾ ਲਈਆਂ ਹਨ, ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲ ਗੱਡੀਆਂ ਰਾਹੀਂ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਬੱਸਾਂ ਰਾਹੀਂ ਸਫ਼ਰ ਕਰਨਾ ਪੈ ਸਕਦਾ ਹੈ।

ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲਵੇ ਨੇ ਪਹਿਲਾਂ ਹੀ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ, ਜਦਕਿ ਕਈ ਟਰੇਨਾਂ ਦੇ ਰੂਟ ਛੋਟੇ ਕਰ ਦਿੱਤੇ ਗਏ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤ ਮਜ਼ਦੂਰਾਂ ਦੇ ਕਰਜ਼ੇ ਪੂਰੀ ਤਰ੍ਹਾਂ ਮੁਆਫ਼ ਕੀਤੇ ਜਾਣ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਕਿਸਾਨ ਅੰਦੋਲਨ ਵਿਚ ਜਾਨਾਂ ਗੁਆਉਣ ਵਾਲੇ ਪੰਜਾਬ ਦੇ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਦਿੱਤੀ ਜਾਵੇ। ਹੜ੍ਹਾਂ ਅਤੇ ਬਰਸਾਤਾਂ ਵਿਚ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ, ਕੇਂਦਰ ਸਰਕਾਰ ਤੁਰੰਤ ਐਮਐਸਪੀ ਬਾਰੇ ਕਾਨੂੰਨ ਬਣਾਏ ਅਤੇ ਮਨਰੇਗਾ ਤਹਿਤ ਹਰ ਸਾਲ 200 ਦਿਨ ਦਾ ਰੁਜ਼ਗਾਰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਪੰਜਾਬ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ 50 ਹਜ਼ਾਰ ਕਰੋੜ ਰੁਪਏ ਵੀ ਦੇਵੇ।