ਬਠਿੰਡਾ, 2 ਅਕਤੂਬਰ : ਜ਼ਿਲ੍ਹੇ ਦੇ ਪਿੰਡ ਮੰਡੀ ਕਲਾਂ ਵਿਚ ਇਕ ਵਿਅਕਤੀ ਦਾ ਕਤਲ ਕਰ ਕੇ ਉਸ ਨੂੰ ਹਾਦਸੇ ਵਿਚ ਮਰਿਆ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਪਰ ਹਾਦਸੇ ਤੋਂ ਪਹਿਲਾਂ ਲੱਗੀਆਂ ਸੱਟਾਂ ਕਾਰਨ ਇਹ ਮਾਮਲਾ ਸ਼ੱਕੀ ਲੱਗਿਆ।
ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ। ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਜਲਦੀ ਹੀ ਸੁਲਝਾ ਲਿਆ ਜਾਵੇਗਾ। ਇਸ ਸਬੰਧੀ ਜੋਗਿੰਦਰ ਸਿੰਘ ਵਾਸੀ ਪਿੰਡ ਮਾਈਸਰਖਾਨਾ ਨੇ ਦੱਸਿਆ ਕਿ 30 ਸਤੰਬਰ ਨੂੰ ਉਸ ਦਾ 40 ਸਾਲਾ ਲੜਕਾ ਸੁਖਦੀਪ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੰਡੀ ਕਲਾਂ ਕੋਲ ਜਾ ਰਿਹਾ ਸੀ।
ਇਸ ਦੌਰਾਨ ਇਕ ਕੈਂਟਰ ਨੇ ਉਸ ਦੇ ਲੜਕੇ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਦੋਂ ਉਸ ਨੇ ਮੌਕੇ ’ਤੇ ਪਹੁੰਚ ਕੇ ਆਸ-ਪਾਸ ਦੇ ਲੋਕਾਂ ਤੋਂ ਹਾਦਸੇ ਬਾਰੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਹਾਦਸੇ ਤੋਂ ਪਹਿਲਾਂ ਸੁਖਦੀਪ ਸਿੰਘ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਸਨ, ਜਦਕਿ ਉਸ ਦੇ ਕੱਪੜਿਆਂ ’ਤੇ ਪਹਿਲਾਂ ਹੀ ਖੂਨ ਲੱਗਾ ਹੋਇਆ ਸੀ, ਜਿਸ ਤੋਂ ਬਾਅਦ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਕਰਨ ਤੋਂ ਬਾਅਦ ਹਾਦਸੇ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਸਬੰਧੀ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਹੈ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।