ਬ੍ਰੇਕਿੰਗ : ਸ਼ਹੀਦ ਫੌਜੀ ਅੰਮ੍ਰਿਤਪਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ ਮਾਨ ਸਰਕਾਰ

0
1567

ਚੰਡੀਗੜ੍ਹ, 15 ਅਕਤੂਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਆਪਣੀ ਨੀਤੀ ਅਨੁਸਾਰ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਪ੍ਰਤੀ ਕੇਂਦਰ ਭਾਵੇਂ ਕੋਈ ਵੀ ਨੀਤੀ ਅਪਣਾਵੇ ਪਰ ਸਾਡੀ ਸਰਕਾਰ ਅਜਿਹੇ ਪੰਜਾਬ ਦੇ ਸੂਰਬੀਰ ਪੁੱਤਰਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਚੈੱਕ ਜਲਦੀ ਹੀ ਪੀੜਤ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ।

ਦੱਸ ਦਈਏ ਕਿ ਪਿੰਡ ਕੋਟਲੀ ਕਲਾਂ ਦਾ ਜਵਾਨ ਜੰਮੂ-ਕਸ਼ਮੀਰ ਦੇ ਪੁੰਛ ਵਿਚ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ ਸੀ। ਅੰਮ੍ਰਿਤਪਾਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ। 20 ਸਾਲ ਦਾ ਅੰਮ੍ਰਿਤਪਾਲ ਸਿੰਘ ਦਾ ਅੰਤਿਮ ਸੰਸਕਾਰ ਅੱਜ ਪਿੰਡ ਵਿਖੇ ਕੀਤਾ ਗਿਆ। ਜਾਣਕਾਰੀ ਅਨੁਸਾਰ ਅਗਨੀਵੀਰ ਵਜੋਂ ਭਰਤੀ ਅੰਮ੍ਰਿਤਪਾਲ ਟ੍ਰੇਨਿੰਗ ਤੋਂ ਬਾਅਦ ਡੇਢ ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਜੰਮੂ-ਕਸ਼ਮੀਰ ਡਿਊਟੀ ’ਤੇ ਗਿਆ ਸੀ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਨੇ 2 ਦਿਨ ਬਾਅਦ ਭੈਣ ਦੇ ਵਿਆਹ ਲਈ ਛੁੱਟੀ ’ਤੇ ਆਉਣਾ ਸੀ।