ਚੰਡੀਗੜ੍ਹ, 21 ਅਕਤੂਬਰ | CM ਮਾਨ ਨੇ ਬੀਤੇ ਦਿਨ ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਵੱਡਾ ਐਲਾਨ ਕੀਤਾ। ਉਨ੍ਹਾਂ ਸਦਨ ‘ਚ ਕਿਹਾ ਕਿ ਦਸੰਬਰ ਦੇ ਮਹੀਨੇ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ, ਜਿਸ ਕਰਕੇ ਇਹ ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਇਸ ਲਈ 20 ਤੋਂ 30 ਦਸੰਬਰ ਤੱਕ ਸੂਬਾ ਸਰਕਾਰ ਕੋਈ ਵੀ ਖੁਸ਼ੀ ਜਾਂ ਜਸ਼ਨ ਵਾਲਾ ਸਰਕਾਰੀ ਸਮਾਗਮ ਨਹੀਂ ਮਨਾਏਗੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ 21 ਦਸੰਬਰ ਤੋਂ 28 ਨਵੰਬਰ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪੂਰਾ ਪਰਿਵਾਰ ਸ਼ਹੀਦ ਹੋ ਗਿਆ ਸੀ। ਪੂਰੇ ਹਫ਼ਤੇ ਵਿਚ ਪਹਿਲਾਂ ਕਿਲ੍ਹਾ ਛੱਡਣਾ ਪਿਆ, ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ, ਫਿਰ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਹੋਈ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਦੇ ਪਰਿਵਾਰ ਵੱਲੋਂ ਦਿੱਤੀ ਲਾਸਾਨੀ ਕੁਰਬਾਨੀ ਪ੍ਰਤੀ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। ਇਨ੍ਹਾਂ ਦਿਨਾਂ ਵਿਚ ਕੋਈ ਨਿਯੁਕਤੀ ਪੱਤਰ ਵੀ ਨਹੀਂ ਵੰਡੇ ਜਾਣਗੇ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਸਹੂਲਤ ਲਈ ਪਵਿੱਤਰ ਸ਼ਹਿਰ ਵਿਚ ‘ਸਕਾਈ ਟਰਾਂਸਪੋਰਟ’ ਸੇਵਾ ਸ਼ੁਰੂ ਕੀਤੀ ਜਾਵੇਗੀ।