ਫ਼ਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ : 3 ਹੋਰ ਨਸ਼ਾ ਤਸਕਰਾਂ ਦੀ 77 ਲੱਖ ਰੁਪਏ ਦੀ ਜਾਇਦਾਦ ਕੀਤੀ ਜ਼ਬਤ

0
2391

ਫ਼ਿਰੋਜ਼ਪੁਰ, 31 ਅਕਤੂਬਰ | ਫਿਰੋਜ਼ਪੁਰ ਵਿਚ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਫਰੀਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ 3 ਹੋਰ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਗਿਆ। ਨਸ਼ਾ ਤਸਕਰਾਂ ਦੀ ਕੁੱਲ 77 ਲੱਖ 17 ਹਜ਼ਾਰ 936 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ। ਜਦਕਿ 13 ਹੋਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ 12 ਹੋਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਹੁਕਮ ਭੇਜੇ ਗਏ ਹਨ। NDPS ਐਕਟ ਤਹਿਤ ਸਾਲ 2023 ਵਿਚ ਪਾਬੰਦੀਸ਼ੁਦਾ ਦਵਾਈਆਂ ਦਾ ਧੰਦਾ ਕਰਨ ਵਾਲੇ 21 ਨਸ਼ਾ ਤਸਕਰਾਂ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਨੂੰ ਫਰੀਜ਼ ਕਰ ਦਿੱਤਾ ਗਿਆ ਹੈ, ਜਿਸ ਦੀ ਕੁੱਲ ਕੀਮਤ 9 ਕਰੋੜ 93 ਲੱਖ 94 ਹਜ਼ਾਰ 701 ਰੁਪਏ ਹੈ।

ਨਸ਼ਾ ਤਸਕਰਾਂ ਖ਼ਿਲਾਫ਼ ਇਹ ਕਾਰਵਾਈ ਫ਼ਿਰੋਜ਼ਪੁਰ ਦੇ SP ਰਣਧੀਰ ਕੁਮਾਰ ਦੀ ਨਿਗਰਾਨੀ ਹੇਠ ਚੱਲ ਰਹੀ ਹੈ। SP ਨੇ ਦੱਸਿਆ ਕਿ ਫੜੇ ਗਏ 3 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਕੁੱਲ ਕੀਮਤ 77 ਲੱਖ 17 ਹਜ਼ਾਰ 936 ਰੁਪਏ ਹੈ, ਜਿਨ੍ਹਾਂ ਵਿਚੋਂ ਇਕ ਕੋਲ 26 ਲੱਖ 62 ਹਜ਼ਾਰ 375 ਰੁਪਏ, ਦੂਜੇ ਕੋਲ 24 ਲੱਖ 10 ਹਜ਼ਾਰ ਰੁਪਏ ਅਤੇ ਤੀਜੇ ਕੋਲ 26 ਲੱਖ 45 ਹਜ਼ਾਰ 561 ਰੁਪਏ ਹੈ।

SP ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਅਧਿਕਾਰੀਆਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ। ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ, ਸਾਰਿਆਂ ਖਿਲਾਫ ਬਿਨਾਂ ਕਿਸੇ ਭੇਦਭਾਵ ਤੋਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕਾਰਵਾਈ ਤਹਿਤ ਨਸ਼ਾ ਤਸਕਰ ਨਾ ਤਾਂ ਆਪਣੀ ਜਾਇਦਾਦ ਵੇਚ ਸਕਦੇ ਹਨ ਅਤੇ ਨਾ ਹੀ ਕਿਸੇ ਨੂੰ ਟਰਾਂਸਫਰ ਕਰ ਸਕਦੇ ਹਨ।