ਮੰਤਰੀ ਕੁਲਤਾਰ ਸੰਧਵਾਂ ਦਾ ਵੱਡਾ ਬਿਆਨ : ਪਰਾਲੀ ਨਾ ਸਾੜਨ ਵਾਲੇ ਕਿਸਾਨ ਪੰਜਾਬ ਵਿਧਾਨ ਸਭਾ ‘ਚ ਹੋਣਗੇ ਸਨਮਾਨਿਤ

0
533

ਚੰਡੀਗੜ੍ਹ, 20 ਨਵੰਬਰ | ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਪੰਜਾਬ ਵਿਧਾਨ ਸਭਾ ਵੱਲੋਂ ਉਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਵਡੇਰੇ ਜਨਤਕ ਹਿੱਤਾਂ ਅਤੇ ਵਾਤਾਵਰਣ ਦੀ ਸੁਚੱਜੀ ਸੁਰੱਖਿਆ ਵਿਚ ਇਸ ਭੈੜੀ ਪ੍ਰਥਾ ਤੋਂ ਬਚਣ ਲਈ ਪ੍ਰੇਰਿਆ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਅਤੇ ਹੋਰ ਪ੍ਰਦੂਸ਼ਣ ਨੂੰ ਰੋਕਣ ਵਿਚ ਅਜਿਹੇ ਸੂਝਵਾਨ ਕਿਸਾਨਾਂ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਦੀ ਸੂਬਾ ਸਰਕਾਰ ਤਹਿ ਦਿਲੋਂ ਸ਼ਲਾਘਾ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿਚ ਇਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਜਿਹੇ ਕਿਸਾਨਾਂ ਦੀ ਸੂਚੀ ਤਿਆਰ ਕਰਨ ਤਾਂ ਜੋ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾ ਸਕੇ।

ਸੰਧਵਾਂ ਨੇ ਕਿਹਾ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਸੂਬੇ ਭਰ ਵਿਚ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਵਿਧਾਨ ਸਭਾ ਵਿਚ ਵੀ ਸਨਮਾਨਿਤ ਕੀਤਾ ਜਾਵੇਗਾ। ਸਪੀਕਰ ਨੇ ਕਿਹਾ ਕਿ ਪਿਛਲੇ ਸਾਲ ਵੀ ਪੰਜਾਬ ਵਿਧਾਨ ਸਭਾ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਸਮੇਂ ਦੀ ਲੋੜ ਹੈ ਕਿ ਪਰਾਲੀ ਸਾੜਨ ਦੀ ਇਸ ਵਿਨਾਸ਼ਕਾਰੀ ਅਤੇ ਵਾਤਾਵਰਣ ਵਿਰੋਧੀ ਰਵਾਇਤ ਨੂੰ ਤਿਆਗ ਦਿੱਤਾ ਜਾਵੇ।

ਉਨ੍ਹਾਂ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਦੇ ਕੋਨੇ-ਕੋਨੇ ਵਿਚ ਪਰਾਲੀ ਨੂੰ ਨਾ ਸਾੜਨ ਦਾ ਸੰਦੇਸ਼ ਫੈਲਾਉਣ ਤਾਂ ਜੋ ਹੋਰ ਲੋਕ ਵੀ ਉਨ੍ਹਾਂ ਦੇ ਵਾਤਾਵਰਣ ਪੱਖੀ ਅਭਿਆਸ ਤੋਂ ਸਿੱਖ ਸਕਣ ਜੋ ਕਿ ਨਾ ਸਿਰਫ਼ ਵਾਤਾਵਰਣ ਲਈ ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਲਈ ਵੀ ਲਾਹੇਵੰਦ ਹੈ। ਇਹ ਮਨੁੱਖੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੋਵੇਗਾ।

ਬੁਲਾਰੇ ਨੇ ਸੂਬੇ ਦੇ ਕਿਸਾਨਾਂ ਨੂੰ ਆਧੁਨਿਕ ਤਕਨੀਕ ਵਾਲੀਆਂ ਮਸ਼ੀਨਾਂ ਦੀ ਮਦਦ ਨਾਲ ਕਣਕ ਦੀ ਬੀਜਾਈ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਪੰਜਾਬ ਭਰ ਵਿਚ ਇਨ੍ਹਾਂ ਮਸ਼ੀਨਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਕੇ ਉਨ੍ਹਾਂ ਦੀ ਮਦਦ ਕਰ ਰਹੇ ਹਨ।