ਅੰਮ੍ਰਿਤਪਾਲ ਦੇ ਪਰਿਵਾਰ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਰਵਾਈ ਅਰਦਾਸ ‘ਚ ਸ਼ਾਮਿਲ ਹੋਣ ਵਾਲੇ ਸਿੱਖ ਆਗੂ ਘਰਾਂ ‘ਚ ਨਜ਼ਰਬੰਦ

0
2900
ਬਠਿੰਡਾ, 3 ਦਸੰਬਰ| ਤਖਤ ਸ੍ਰੀ ਤਲਵੰਡੀ ਸਾਬੋ ਵਿਖੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਰਵਾਈ ਜਾ ਰਹੀ ਅਰਦਾਸ ਵਿੱਚ ਸ਼ਾਮਿਲ ਹੋਣ ਵਾਲੇ ਸਿੱਖ ਆਗੂਆਂ ਨੂੰ ਪੁਲਿਸ ਵੱਲੋਂ ਅੱਜ ਘਰਾਂ ਵਿੱਚ ਹੀ ਨਜ਼ਰ ਬੰਦ ਕਰ ਲਿਆ ਗਿਆ ਹੈ। ਮਾਨਸਾ ਜ਼ਿਲ੍ਹੇ ਵਿੱਚ ਗੁਰਸੇਵਕ ਸਿੰਘ ਜਵਾਹਰਕੇ ਸਮੇਤ ਦਰਜਨਾਂ ਸਿੱਖ ਆਗੂਆਂ ਨੂੰ ਨਜ਼ਰਬੰਦ ਕੀਤਾ ਗਿਆ ਹੈ।

ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਅਰਦਾਸ ਬੇਨਤੀ ਕੀਤੀ ਜਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਬਾਅਦ ਸੁਲਤਾਨਪੁਰ ਲੋਧੀ ਵਿੱਚ ਵੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਸਿੱਖ ਜਥੇਬੰਦੀਆਂ ਦੀ ਹਮਾਇਤ ਦੇ ਨਾਲ ਅਰਦਾਸ ਕਰਵਾਈ ਜਾ ਰਹੀ ਹੈ। ਅੱਜ ਤਖਤ ਸ੍ਰੀ ਤਲਵੰਡੀ ਸਾਬੋ ਵਿਖੇ ਹੋਣ ਵਾਲੀ ਅਰਦਾਸ ਬੇਨਤੀ ਵਿੱਚ ਸ਼ਾਮਿਲ ਹੋਣ ਵਾਲੇ ਸਿੱਖ ਆਗੂਆਂ ਨੂੰ ਘਰਾਂ ਵਿੱਚ ਹੀ ਪੁਲਿਸ ਵੱਲੋਂ ਨਜ਼ਰਬੰਦ ਕਰ ਲਿਆ ਗਿਆ ਹੈ।

ਮਾਨਸਾ ਦੇ ਸਿੱਖ ਨੇਤਾ ਗੁਰਸੇਵਕ ਸਿੰਘ ਜਵਾਹਰਕੇ ਤੇ ਹਰਵਿੰਦਰ ਸਿੰਘ ਬਣਾਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖ ਆਗੂਆਂ ਨੂੰ ਗੁਰੂ ਘਰਾਂ ਵਿੱਚ ਅਰਦਾਸ ਬੇਨਤੀ ਕਰਨ ਦੀ ਆਗਿਆ ਵੀ ਨਹੀਂ ਦੇ ਰਹੀ ਤੇ ਅਰਦਾਸ ਬੇਨਤੀ ਵਿੱਚ ਸ਼ਾਮਿਲ ਹੋਣ ਵਾਲੇ ਸਿੱਖਾਂ ਨੂੰ ਘਰਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ ਜਾਂ ਫਿਰ ਗ੍ਰਿਫਤਾਰ ਕਰਕੇ ਜੇਲ੍ਹਾ ਦੇ ਵਿੱਚ ਬੰਦ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਸੁਲਤਾਨਪੁਰ ਲੋਧੀ ਵਿੱਚ ਵੀ ਅਰਦਾਸ ਬੇਨਤੀ ਵਿੱਚ ਸ਼ਾਮਿਲ ਹੋਏ ਸਿੱਖ ਆਗੂਆਂ ਤੇ ਪੁਲਿਸ ਵੱਲੋਂ ਗੋਲੀਆਂ ਚਲਾਈਆਂ ਗਈਆਂ ਜਿਸ ਦੀ ਸਿੱਖ ਸਮਾਜ ਵੱਲੋਂ ਨਿੰਦਾ ਵੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਫਿਰ ਤਖਤ ਸ਼੍ਰੀ ਤਲਵੰਡੀ ਸਾਬੋ ਵਿਖੇ ਜਾਣ ਵਾਲੇ ਸ਼ਰਧਾਲੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਕੇ ਪੰਜਾਬ ਸਰਕਾਰ ਨੇ ਆਪਣਾ ਸਿੱਖ ਵਿਰੋਧੀ ਚਿਹਰਾ ਸਾਬਿਤ ਕਰ ਦਿੱਤਾ ਹੈ ਕਿ ਹੁਣ ਸਿੱਖਾਂ ਨੂੰ ਗੁਰੂ ਘਰਾਂ ਵਿੱਚ ਅਰਦਾਸ ਬੇਨਤੀ ਵੀ ਨਹੀਂ ਕਰਨ ਦੇਣਗੇ।