ਚੰਡੀਗੜ੍ਹ, 23 ਦਸੰਬਰ | ਪੰਜਾਬ ‘ਚ ਸ਼ੁੱਕਰਵਾਰ ਨੂੰ ਪਟਿਆਲਾ, ਬਠਿੰਡਾ ਅਤੇ ਲੁਧਿਆਣਾ ਦਾ ਪਾਰਾ ਆਮ ਨਾਲੋਂ ਹੇਠਾਂ ਦਰਜ ਕੀਤਾ ਗਿਆ। ਸਭ ਤੋਂ ਘੱਟ ਤਾਪਮਾਨ ਲੁਧਿਆਣਾ ਵਿਚ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.6 ਡਿਗਰੀ ਸੈਲਸੀਅਸ ਘੱਟ ਸੀ। ਦਿਨ ਵੇਲੇ ਠੰਡ ਪਹਿਲਾਂ ਦੇ ਮੁਕਾਬਲੇ ਲਗਾਤਾਰ ਵੱਧ ਰਹੀ ਹੈ। ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 20.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 0.4 ਡਿਗਰੀ ਸੈਲਸੀਅਸ ਘੱਟ ਰਿਹਾ। ਦੱਸ ਦਈਏ ਕਿ ਪਹਾੜੀ ਇਲਾਕਿਆਂ ਵਿਚ ਲਗਾਤਾਰ ਬਰਫਬਾਰੀ ਹੋ ਰਹੀ ਹੈ।
ਮੌਸਮ ਵਿਭਾਗ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਧੁੰਦ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ 7 ਜ਼ਿਲ੍ਹਿਆਂ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਸੰਘਣੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਹੋਰ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿਚ ਘੱਟੋ-ਘੱਟ ਤਾਪਮਾਨ 4.8 ਡਿਗਰੀ, ਬਠਿੰਡਾ ਵਿਚ 6.0 ਡਿਗਰੀ, ਪਠਾਨਕੋਟ ਵਿਚ 7.2 ਡਿਗਰੀ, ਫਰੀਦਕੋਟ ਵਿਚ 5.4 ਡਿਗਰੀ, ਬਰਨਾਲਾ ਵਿਚ 5.2 ਡਿਗਰੀ, ਫ਼ਿਰੋਜ਼ਪੁਰ ਵਿਚ 5.9 ਡਿਗਰੀ, ਜਲੰਧਰ ਵਿਚ 4.8 ਡਿਗਰੀ ਅਤੇ ਮੋਗਾ ਵਿਚ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿਚ 0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਪਠਾਨਕੋਟ ਵਿਚ ਸਭ ਤੋਂ ਘੱਟ ਤਾਪਮਾਨ 22.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।