ਅੰਮ੍ਰਿਤਸਰ, 25 ਦਸੰਬਰ | SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਇਨਸਾਫ਼ ਦੀ ਲੜਾਈ ਲੜ ਰਹੀ ਹੈ। ਅਸੀਂ ਕੇਂਦਰ ਤੋਂ ਕੋਈ ਭੀਖ ਨਹੀਂ ਮੰਗ ਰਹੇ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੀ ਰਿਹਾਈ ’ਤੇ ਅਮਿਤ ਸ਼ਾਹ ਵੱਲੋਂ ਦਿੱਤਾ ਬਿਆਨ ਠੀਕ ਨਹੀਂ ਸੀ ਅਤੇ ਕਿਹਾ ਕਿ ਅਸੀਂ ਇਸ ਮੁੱਦੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਦਾ ਯਤਨ ਕਰਾਂਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮੁੱਦੇ ’ਤੇ ਇਕ 5 ਮੈਂਬਰੀ ਕਮੇਟੀ ਬਣਾਈ ਗਈ ਹੈ ਜਿਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖਿਆ, ਜਿਸ ਦਾ ਜਵਾਬ ਇਹ ਆਇਆ ਕਿ ਤੁਸੀਂ ਕੇਂਦਰੀ ਗ੍ਰਹਿ ਮੰਤਰੀ ਨਾਲ ਸੰਪਰਕ ਕਰੋ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਹੋਰ ਕੈਦੀਆਂ ਨੂੰ ਛੱਡਿਆ ਹੈ, ਉਹ ਕਿਹੜੀਆਂ ਮੁਆਫ਼ੀਆਂ ਮੰਗ ਕੇ ਗਏ ਹਨ, ਇਸ ਲਈ ਗੁਰੂ ਸਾਹਿਬ ਦਾ ਸਿਧਾਂਤ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਨੂੰ ਮੁੱਖ ਰੱਖਦਿਆਂ ਕੇਂਦਰ ਸਰਕਾਰ ਜੋ ਬੰਦੀ ਸਿੰਘ ਹਨ, ਉਨ੍ਹਾਂ ਦੀ ਰਿਹਾਈ ਲਈ ਗੰਭੀਰਤਾ ਦਿਖਾਵੇ। ਧਾਮੀ ਨੇ ਕਿਹਾ ਕਿ ਉਹ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ 2 ਮੀਟਿੰਗਾਂ ਕਰ ਚੁੱਕੇ ਹਨ ਪਰ ਇਸ ਬਾਰੇ ਜੋ ਗੱਲਾਂ ਹੋਈਆਂ ਹਨ, ਉਹ ਜਨਤਕ ਨਹੀਂ ਕਰ ਸਕਦੇ।
ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਸਾਰੇ ਦੇਸ਼ ਦੇ ਗ੍ਰਹਿ ਮੰਤਰੀ ਹਨ, ਜਿਸ ਲਈ ਉਨ੍ਹਾਂ ਨੂੰ ਅਜਿਹੀ ਸ਼ਬਦਾਵਲੀ ਨਹੀਂ ਵਰਤਣੀ ਚਾਹੀਦੀ। ਐੱਮ.ਪੀ. ਰਵਨੀਤ ਸਿੰਘ ਬਿੱਟੂ ਵੱਲੋਂ ਭਾਈ ਰਾਜੋਆਣਾ ਨੂੰ ਲੋਕ ਸਭਾ ਚੋਣਾਂ ਲੜਨ ਦੇ ਮੁੱਦੇ ਬਾਰੇ ਪੁੱਛੇ ਜਾਣ ’ਤੇ ਪ੍ਰਧਾਨ ਧਾਮੀ ਨੇ ਕਿਹਾ ਕਿ ਬਿੱਟੂ ਨੂੰ ਤਾਂ ਰਾਤ ਨੂੰ ਸੁਪਨਿਆਂ ਵਿਚ ਵੀ ਭਾਈ ਰਾਜੋਆਣਾ ਅਤੇ ਸ਼੍ਰੋਮਣੀ ਕਮੇਟੀ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਐੱਮ.ਪੀ. ਬਿੱਟੂ ਸਿਆਸੀ ਰੋਟੀਆਂ ਸੇਕ ਰਿਹਾ ਹੈ ਕਿਉਂਕਿ ਉਸ ਨੇ ਲੋਕ ਸਭਾ ਚੋਣਾਂ ਵਿਚ ਵੋਟਾਂ ਲੈਣੀਆਂ ਹਨ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਕੋਈ ਸਿਆਸੀ ਆਗੂ ਨਹੀਂ ਜੋ ਚੋਣਾਂ ਲੜਨਗੇ।