ਬਠਿੰਡਾ, 8 ਜਨਵਰੀ | ਬਠਿੰਡਾ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਇਕ ਔਰਤ ਵੱਲੋਂ ਜਾਅਲੀ ਦਸਤਾਵੇਜ਼ਾਂ ਦੀ ਮਦਦ ਨਾਲ ਸਰਕਾਰੀ ਬੈਂਕ ਵਿਚ ਨੌਕਰੀ ਕੀਤੀ ਜਾ ਰਹੀ ਸੀ ਪਰ ਹੁਣ ਉਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਦਰਅਸਲ, ਬਠਿੰਡਾ ਦੇ ਅਮਰੀਕ ਸਿੰਘ ਰੋਡ ਵਿਖੇ SBI ਬੈਂਕ ‘ਚ ਸਰਕਾਰੀ ਕਰਮਚਾਰੀ ਬਣ ਕੇ 2 ਮਹੀਨੇ ਨੌਕਰੀ ਕਰਨ ਵਾਲੀ ਮਹਿਲਾ ਨੂੰ ਥਾਣਾ ਕੋਤਵਾਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਕੋਤਵਾਲੀ ਦੇ ਮੁਖੀ ਦਲਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਿਕਾਇਤ ਦੇ ਆਧਾਰ ਉੱਤੇ ਇਹ ਕਾਰਵਾਈ ਕਰਦਿਆਂ ਮਹਿਲਾ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੈਂਕ ਦੀ ਮੈਨੇਜਰ ਸ਼ਵੇਤਾ ਜਿੰਦਲ ਨੇ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਹੋਈ ਜਾਂਚ ਦੌਰਾਨ ਸੁਖਦੀਪ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਸਰਕਾਰੀ ਬੈਂਕ ਵਿਚ 2 ਮਹੀਨੇ ਨੌਕਰੀ ਕਰ ਚੁੱਕੀ ਹੈ ਫਿਲਹਾਲ ਉਨ੍ਹਾਂ ਵੱਲੋਂ ਇਸ ਨੂੰ ਮਾਣਯੋਗ ਅਦਾਲਤ ਵਿਖੇ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਪੂਰੇ ਮਾਮਲੇ ਵਿਚ ਹੋਰ ਕੌਣ-ਕੌਣ ਸ਼ਾਮਲ ਹੈ, ਉਨ੍ਹਾਂ ਨੂੰ ਵੀ ਫੜਿਆ ਜਾ ਸਕੇ।