ਨਸ਼ਿਆਂ ਖ਼ਿਲਾਫ਼ ਖੇਡਾਂ ਸਭ ਤੋਂ ਕਾਰਗਰ ਹਥਿਆਰ : ਮੁੱਖ ਮੰਤਰੀ

0
51

ਚੰਡੀਗੜ੍ਹ, 16 ਜਨਵਰੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਲੜਾਈ ਵਿੱਚ ਸਭ ਤੋਂ ਕਾਰਗਰ ਹਥਿਆਰ ਸਾਬਤ ਹੋ ਸਕਦਾ ਹੈ।

ਇੱਥੇ ਮਿਊਂਸਿਪਲ ਭਵਨ ਵਿੱਚ ਏਸ਼ਿਆਈ ਤੇ ਕੌਮੀ ਖੇਡਾਂ ਦੇ 168 ਤਮਗਾ ਜੇਤੂਆਂ ਨੂੰ 33.83 ਕਰੋੜ ਰੁਪਏ ਦੇ ਨਕਦ ਇਨਾਮ ਤਕਸੀਮ ਕਰਨ ਲਈ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਨੂੰ ਉਤਸ਼ਾਹਤ ਕਰਨ ਨਾਲ ਨੌਜਵਾਨਾਂ ਦੀ ਅਣਵਰਤੀ ਊਰਜਾ ਖੇਡਾਂ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਪਾਸੇ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਸ਼ਾਮਲ ਨੌਜਵਾਨਾਂ ਕੋਲ ਨਸ਼ਿਆਂ ਵਾਲੇ ਪਾਸੇ ਝਾਕਣ ਲਈ ਸਮਾਂ ਹੀ ਨਹੀਂ ਬਚਦਾ ਕਿਉਂਕਿ ਉਨ੍ਹਾਂ ਦਾ ਸਾਰਾ ਧਿਆਨ ਆਪੋ-ਆਪਣੇ ਖ਼ੇਤਰਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵੱਲ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਪੰਜਾਬ ਵਿੱਚੋਂ ਨਸ਼ਿਆਂ ਦੇ ਸਰਾਪ ਤੋਂ ਮੁਕਤੀ ਦਾ ਰਾਹ ਪੱਧਰਾ ਹੋਵੇਗਾ ਅਤੇ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਭਲਾਈ ਲਈ ਇਕ-ਇਕ ਪੈਸਾ ਬਹੁਤ ਸੋਚ-ਸਮਝ ਕੇ ਖ਼ਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੇ ਪੈਸੇ ਦੀ ਚੋਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਹੈ ਅਤੇ ਹੁਣ ਇਹ ਪੈਸਾ ਆਮ ਆਦਮੀ ਦੀ ਭਲਾਈ ਲਈ ਖ਼ਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਕੋ-ਇਕ ਮੰਤਵ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਯਕੀਨੀ ਬਣਾਉਣਾ ਹੈ।

ਖੇਡਾਂ ਦੇ ਖ਼ੇਤਰ ਵਿੱਚ ਮਾਰੇ ਵੱਡੇ ਮਾਅਰਕੇ ਲਈ ਸਾਰੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਕਿਉਂਕਿ ਇਸ ਸਮਾਰੋਹ ਲਈ ਇੱਥੇ ਸਾਰੇ ਖਿਡਾਰੀ ਇਕੱਤਰ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਸੁਪਨਾ ਸੱਚ ਹੋਣ ਵਾਂਗ ਹੈ ਕਿਉਂਕਿ ਹੁਣ ਪੰਜਾਬ ਵਿੱਚ ਖੁਸ਼ੀਆਂ-ਖੇੜਿਆਂ ਵਾਲੇ ਸਮਾਰੋਹ ਕਰਵਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਹਫ਼ਤੇ ਅਜਿਹੇ ਸਮਾਰੋਹ ਪੰਜਾਬ ਭਰ ਵਿੱਚ ਕਰਵਾਏ ਜਾ ਰਹੇ ਹਨ ਅਤੇ ਉਹ ਸੂਬੇ ਦੀ ਅਗਵਾਈ ਕਰ ਕੇ ਆਪਣੇ-ਆਪ ਨੂੰ ਖ਼ੁਸ਼ਕਿਸਮਤ ਮੰਨਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਨੇ ਇਨ੍ਹਾਂ ਟੀਚਿਆਂ ਨੂੰ ਹਾਸਲ ਕਰਨ ਲਈ ਸਖ਼ਤ ਮਿਹਨਤ ਕੀਤੀ ਹੈ ਅਤੇ ਕੌਮੀ ਅਤੇ ਕੌਮਾਂਤਰੀ ਪੱਧਰ `ਤੇ ਤਮਗੇ ਜਿੱਤੇ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਮੌਕਾ ਮਿਲਣ `ਤੇ ਉਹ ਆਪਣੀ ਪੂਰੀ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨਾਲ ਕੋਈ ਵੀ ਟੀਚਾ ਹਾਸਲ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਸੁਭਾਅ ਦੇ ਹਨ, ਜਿਸ ਦੀ ਬਦੌਲਤ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ।

ਵਿਰੋਧੀਆਂ ਦੀ ਬੇਤੁਕੀ ਬਿਆਨਬਾਜ਼ੀ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਪੰਜਾਬ ਨੂੰ ਬਚਾਉਣਾ ਚਾਹੁੰਦਾ ਹੈ ਪਰ ਇਹ ਦੱਸੋ ਕਿ ਸੂਬੇ ਨੂੰ ਕਿਸ ਨੇ ਬਰਬਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਿਰਫ਼ 20 ਮਹੀਨੇ ਪਹਿਲਾਂ ਹੀ ਕਾਰਜਭਾਰ ਸੰਭਾਲਿਆ ਹੈ ਪਰ ਇਹ ਲੋਕ ਤੇ ਪਰਿਵਾਰ ਲੰਮੇ ਸਮੇਂ ਤੋਂ ਪੰਜਾਬ ਵਿੱਚ ਸ਼ਾਸਨ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਤੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਪਰ ਹੁਣ ਉਹ ਅਜਿਹੇ ਬਿਆਨਾਂ ਰਾਹੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇਹ ਆਗੂ ਹਮੇਸ਼ਾ ਸ਼ੇਖ਼ੀ ਮਾਰਦੇ ਹਨ ਕਿ ਉਹ ‘ਹਾਈ ਕਮਾਂਡ’ ਦੇ ਆਪਣੇ ਅਖੌਤੀ ਆਗੂਆਂ ਦੇ ਕੋਟੇ ਵਿੱਚੋਂ ਹਨ ਪਰ ਅਸਲ ਵਿੱਚ ਉਹ (ਮੁੱਖ ਮੰਤਰੀ) ਪੰਜਾਬੀਆਂ ਦੇ ਕੋਟੇ ਵਿੱਚੋਂ ਸੂਬੇ ਦੇ ਮੁਖੀ ਦੇ ਤੌਰ ਉਤੇ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡਾ ਇਕ-ਇਕ ਕਦਮ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਦੇ ਮੰਤਵ ਨਾਲ ਚੁੱਕਿਆ ਜਾ ਰਿਹਾ ਹੈ ਅਤੇ ਇਸ ਨਾਲ ਕਦੇ ਵੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਕੰਮ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ਮੁਤਾਬਕ ਹਨ, ਜਿਨ੍ਹਾਂ ਹਮੇਸ਼ਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰਨ ਲਈ ਪ੍ਰੇਰਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਦੀ ਭਲਾਈ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ ਅਤੇ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਮੌਤ ਦਰ ਘਟਾਉਣ ਲਈ ਕਦਮ ਚੁੱਕਣ ਦੇ ਨਾਲ-ਨਾਲ ਸੜਕਾਂ ਉਤੇ ਆਵਾਜਾਈ ਨੂੰ ਸੁਚਾਰੂ ਬਣਾਇਆ ਗਿਆ ਹੈ ਅਤੇ ਇਸ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਆਪਣੀ ਤਰ੍ਹਾਂ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਰੋਜ਼ਾਨਾ ਜਾ ਰਹੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਸਾਬਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੂੰ ਖ਼ਰਾਬ ਡਰਾਈਵਿੰਗ ਰੋਕਣ, ਸੜਕਾਂ ਉਤੇ ਵਾਹਨਾਂ ਦੀ ਗਤੀਵਿਧੀ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਦਾ ਕੰਮ ਸੌਂਪਿਆ ਗਿਆ ਹੈ। ਇਸ ਨਾਲ ਥਾਣਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਤੋਂ ਕੰਮ ਦਾ ਬੋਝ ਵੀ ਘਟੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਇਸ ਵਿਸ਼ੇਸ਼ ਫੋਰਸ ਵਿੱਚ 1300 ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ਉਤੇ ਆਧੁਨਿਕ ਉਪਕਰਨਾਂ ਨਾਲ ਲੈਸ 144 ਵਾਹਨਾਂ ਨੂੰ ਸੜਕ ਦੇ ਹਰੇਕ 30 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਵਾਹਨਾਂ ਵਿੱਚ ਲੋੜ ਪੈਣ ਉਤੇ ਕਿਸੇ ਮਰੀਜ਼ ਨੂੰ ਐਮਰਜੈਂਸੀ ਇਲਾਜ ਦੇਣ ਲਈ ਮੁਕੰਮਲ ਮੈਡੀਕਲ ਕਿੱਟ ਹੋਵੇਗੀ। ਇਸ ਨਾਲ ਸਾਲਾਨਾ 2500 ਤੋਂ ਵੱਧ ਕੀਮਤੀ ਜਾਨਾਂ ਬਚਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦਿਆ ਹੈ, ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਸਰਕਾਰੀ ਜਾਇਦਾਦਾਂ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਇਹ ਅਹਿਮ ਕਦਮ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰੇਕ ਕਦਮ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਦੇ ਉਦੇਸ਼ ਨਾਲ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਦੇਭਾਗੀਂ ਪਿਛਲੇ ਮੁੱਖ ਮੰਤਰੀਆਂ ਨੇ ਪੰਜਾਬ ਦੀ ਕਦੇ ਪਰਵਾਹ ਨਹੀਂ ਕੀਤੀ, ਸਗੋਂ ਉਨ੍ਹਾਂ ਆਪਣੇ ਸਿਆਸੀ ਹਿੱਤਾਂ ਨੂੰ ਮੂਹਰੇ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੇਰੇ ਖ਼ਿਲਾਫ਼ ਕੋਈ ਵੀ ਕਾਰਗਰ ਮੁੱਦਾ ਨਾ ਹੋਣ ਕਾਰਨ ਲੋਕਾਂ ਵੱਲੋਂ ਨਕਾਰੇ ਇਹ ਆਗੂ ਰੋਜ਼ਾਨਾ ਬਿਨਾਂ ਰੋਕ-ਟੋਕ ਤੋਂ ਮੇਰੇ ਖ਼ਿਲਾਫ਼ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ।