ਪੰਜਾਬ ‘ਚ ਅੱਜ 3 ਘੰਟੇ ਟੋਲ ਪਲਾਜ਼ਾ ਫ੍ਰੀ, ਕੌਮੀ ਇਨਸਾਫ ਮੋਰਚਾ ਬੈਠੇਗਾ ਧਰਨੇ ‘ਤੇ

0
88

ਚੰਡੀਗੜ੍ਹ, 20 ਜਨਵਰੀ| ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਨੇ ਐਲਾਨ ਕੀਤਾ ਹੈ ਕਿ ਸ਼ਨੀਵਾਰ ਨੂੰ ਮੋਰਚਾ ਵਰਕਰ ਰੋਸ ਵਜੋਂ ਪੰਜਾਬ ਭਰ ਦੇ ਹਰ ਟੋਲ ਪਲਾਜ਼ਾ ਨੂੰ ਤਿੰਨ ਘੰਟੇ ਲਈ ਮੁਫ਼ਤ ਕਰ ਦੇਣਗੇ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਵੀ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਵੱਖਰੀ ਮੀਟਿੰਗ ਬੁਲਾਈ ਹੈ।

ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ’ਤੇ ਸੱਦੀ ਗਈ ਹੈ। ਮੀਟਿੰਗ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਕਰਨ ਅਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਕੋਲ ਕੀਤੀ ਰਹਿਮ ਦੀ ਅਪੀਲ ਸਬੰਧੀ ਫੈਸਲਾ ਲਿਆ ਜਾਵੇਗਾ।

ਕੌਮੀ ਇਨਸਾਫ਼ ਮੋਰਚਾ ਪਿਛਲੇ ਇੱਕ ਸਾਲ ਤੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਪ੍ਰਦਰਸ਼ਨ ਕਰ ਰਿਹਾ ਹੈ। ਇਹ ਅੰਦੋਲਨ ਪਿਛਲੇ ਸਾਲ 6 ਜਨਵਰੀ ਨੂੰ ਸ਼ੁਰੂ ਕੀਤਾ ਗਿਆ ਸੀ। ਸਿੱਖਾਂ ਦੀ ਰਿਹਾਈ ਲਈ ਸਰਕਾਰੀ ਨੁਮਾਇੰਦਿਆਂ ਨਾਲ ਕਈ ਵਾਰ ਗੱਲਬਾਤ ਹੋਈ। ਪਰ ਅੱਜ ਤੱਕ ਕੋਈ ਹੱਲ ਨਹੀਂ ਨਿਕਲਿਆ। ਮਾਲਵਾ ਅਤੇ ਦੁਆਬਾ ਖੇਤਰ ਵਿੱਚ ਕੌਮੀ ਇਨਸਾਫ਼ ਮੋਰਚਾ ਦਾ ਵਧੇਰੇ ਪ੍ਰਭਾਵ ਹੈ।