ਸ਼ੁੱਭਕਰਨ ਦੀ ਮੌਤ ‘ਤੇ ਬੋਲੇ ਸੰਤ ਸੀਚੇਵਾਲ – ਹੱਕੀ ਮੰਗਾਂ ਮੰਗ ਰਹੇ ਕਿਸਾਨਾਂ ਨਾਲ ਦੁਸ਼ਮਣ ਦੇਸ਼ ਦੀ ਫ਼ੌਜ ਵਾਂਗ ਹੋ ਰਿਹਾ ਵਿਵਹਾਰ

0
9578

ਸੁਲਤਾਨਪੁਰ ਲੋਧੀ, 23 ਫਰਵਰੀ | ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬਠਿੰਡਾ ਜ਼ਿਲ੍ਹੇ ਦੇ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੀ ਗੋਲੀ ਲੱਗਣ ਨਾਲ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਜਿਹੜਾ ਵਿਵਹਾਰ ਕੀਤਾ ਜਾ ਰਿਹਾ ਹੈ, ਉਹ ਕਿਸੇ ਦੁਸ਼ਮਣ ਦੇਸ਼ ਦੀਆਂ ਫੌਜਾਂ ਵਰਗਾ ਲੱਗ ਰਿਹਾ ਹੈ।

Babushahi.in

ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਨੂੰ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਦੇਸ਼ ਵਿਚ ਹਰ ਵਿਅਕਤੀ ਨੂੰ ਆਪਣੀ ਗੱਲ ਕਹਿਣ ਦਾ ਸੰਵਿਧਾਨਕ ਹੱਕ ਪ੍ਰਾਪਤ ਹੈ। ਸੰਤ ਸੀਚੇਵਾਲ ਨੇ ਸ਼ੁੱਭਕਰਨ ਸਿੰਘ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰ ਨਾਲ ਵੀ ਹਮਦਰਦੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਕੋਈ ਸੰਵਿਧਾਨਕ ਅਧਿਕਾਰ ਨਹੀਂ ਹੈ ਕਿ ਉਹ ਕਿਸਾਨਾਂ ਦੇ ਰਸਤਿਆਂ ਵਿਚ ਇੰਨੀਆਂ ਵੱਡੀਆਂ ਰੋਕਾਂ ਖੜ੍ਹੀਆਂ ਕਰੇ।

ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨ ਅੰਨਦਾਤਾ ਹਨ, ਨਾ ਕਿ ਕਿਸੇ ਦੁਸ਼ਮਣ ਦੇਸ਼ ਦੀ ਫੌਜ ਜਿਨ੍ਹਾਂ ਨਾਲ ਇਸ ਤਰ੍ਹਾਂ ਦਾ ਸਲੂਕ ਕੀਤਾ ਜਾ ਰਿਹਾ ਹੈ। ਜਦੋਂ ਦੇਸ਼ ਭੁੱਖ ਨਾਲ ਲੜ ਰਿਹਾ ਸੀ ਤਾਂ ਪੰਜਾਬ ਦਾ ਕਿਸਾਨ ਆਪਣੇ ਖੇਤਾਂ ਵਿਚ ਮਿੱਟੀ ਨਾਲ ਮਿੱਟੀ ਹੋਇਆ ਪਿਆ ਸੀ। ਪੰਜਾਬ ਦੇ ਕਿਸਾਨਾਂ ਨੇ ਤਾਂ ਦੇਸ਼ ਦੀ ਭੁੱਖ ਮਿਟਾਉਣ ਲਈ ਆਪਣੇ ਬੱਚਿਆਂ ਦੇ ਹਿੱਸੇ ਦਾ ਪਾਣੀ ਵੀ ਮੁਕਾ ਦਿੱਤਾ ਤੇ ਫਿਰ ਵੀ ਉਨ੍ਹਾਂ ਨੂੰ ਵੱਖਰੇ ਨਜ਼ਰੀਏ ਤੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਤੇ ਉਹ ਕੇਂਦਰ ਸਰਕਾਰ ਨੂੰ ਮੰਨ ਲੈਣੀਆਂ ਚਾਹੀਦੀਆਂ ਹਨ।