ਵੱਡੀ ਖਬਰ : ਅਕਤੂਬਰ ‘ਚ ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ, ਪੰਜਾਬ ਪੰਚਾਇਤੀ ਰਾਜ ਬਿੱਲ-2024 ਨੂੰ ਰਾਜਪਾਲ ਤੋਂ ਮਿਲੀ ਮਨਜ਼ੂਰੀ

0
291

ਚੰਡੀਗੜ੍ਹ | ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ‘ਚ ਪਾਸ ਕੀਤੇ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਪੰਚਾਇਤੀ ਚੋਣਾਂ ਵਿਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਹੁਣ ਪੰਚ-ਸਰਪੰਚ ਚੋਣਾਂ ਪਾਰਟੀ ਲੀਹਾਂ ‘ਤੇ ਨਹੀਂ ਹੋਣਗੀਆਂ। ਇਸ ਦੇ ਨਾਲ ਹੀ ਸੂਬਾ ਸਰਕਾਰ ਅਕਤੂਬਰ ਦੇ ਅੱਧ ਵਿਚ ਪੰਚਾਇਤੀ ਚੋਣਾਂ ਕਰਵਾਉਣ ਬਾਰੇ ਵਿਚਾਰ ਕਰ ਰਹੀ ਹੈ। ਇਸ ਮਨਜ਼ੂਰੀ ਤੋਂ ਬਾਅਦ ਹੁਣ ਚੋਣ ਪ੍ਰਕਿਰਿਆ ਤੇਜ਼ ਹੋ ਜਾਵੇਗੀ।

ਪੰਜਾਬ ਪੰਚਾਇਤੀ ਰਾਜ ਸੋਧ ਬਿੱਲ ਨੂੰ ਸਦਨ ਵਿਚ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਸ ਪ੍ਰਸਤਾਵ ਨੂੰ ਪਾਸ ਕਰਨ ਪਿੱਛੇ ਵਿਚਾਰ ਇਹ ਹੈ ਕਿ ਪਿੰਡਾਂ ਦਾ ਸਰਪੰਚ ਪਾਰਟੀ ਦਾ ਨਹੀਂ ਸਗੋਂ ਪਿੰਡਾਂ ਦਾ ਹੋਣਾ ਚਾਹੀਦਾ ਹੈ। ਪਿੰਡਾਂ ਵਿਚ ਲੜਾਈਆਂ ਬੰਦ ਹੋਣੀਆਂ ਚਾਹੀਦੀਆਂ ਹਨ। ਹਾਲਾਂਕਿ ਉਨ੍ਹਾਂ ਸਦਨ ‘ਚ ਦੱਸਿਆ ਸੀ ਕਿ 2018 ‘ਚ ਵੀ ਕਿਸੇ ਵਿਅਕਤੀ ਨੇ ਪਾਰਟੀ ਦੇ ਚੋਣ ਨਿਸ਼ਾਨ ‘ਤੇ ਪੰਚਾਇਤੀ ਚੋਣ ਨਹੀਂ ਲੜੀ ਸੀ।

ਮੁੱਖ ਮੰਤਰੀ ਨੇ ਕਿਹਾ ਸੀ ਕਿ ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਿੰਡ ਨੂੰ 5 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਟੇਡੀਅਮ ਸਮੇਤ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਸਰਬਸੰਮਤੀ ਨਾਲ ਚੋਣਾਂ ਕਰਵਾਈਆਂ ਜਾਣ ਤਾਂ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ। ਅੱਜਕੱਲ੍ਹ ਸਰਪੰਚ ਦੀ ਚੋਣ ‘ਤੇ 40-40 ਲੱਖ ਰੁਪਏ ਖਰਚ ਕੀਤੇ ਜਾਂਦੇ ਹਨ।