ਜਲੰਧਰ, 4 ਅਕਤੂਬਰ | ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ‘ਚ ਪੰਜਾਬ ‘ਆਪ’ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਰੁਕਣਗੇ। ਪੰਜਾਬ ਤੋਂ ਰਾਜ ਸਭਾ ਮੈਂਬਰ ਤੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਾਲਕ ਅਸ਼ੋਕ ਮਿੱਤਲ ਨੇ ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਕਿਹਾ ਕਿਾ ਮੈਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸਥਿਤ ਆਪਣੇ ਘਰ ਰਹਿਣ ਲਈ ਸੱਦਾ ਦਿੱਤਾ ਸੀ। ਉਨ੍ਹਾਂ ਨੇ ਮੇਰਾ ਸੱਦਾ ਸਵੀਕਾਰ ਕਰ ਲਿਆ ਤੇ ਉਹ ਹੁਣ ਦਿੱਲੀ ਵਿਚ ਮੇਰੇ ਘਰ ਰਹਿ ਰਹੇ ਹਨ, ਮੈਂ ਬਹੁਤ ਖੁਸ਼ ਹਾਂ।
‘ਆਪ’ ਸਾਂਸਦ ਅਸ਼ੋਕ ਮਿੱਤਲ ਨੇ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਨੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ ਤਾਂ ਮੈਨੂੰ ਕੁਝ ਸਮੇਂ ਬਾਅਦ ਪਤਾ ਲੱਗਾ ਕਿ ਉਨ੍ਹਾਂ ਕੋਲ ਰਹਿਣ ਲਈ ਘਰ ਨਹੀਂ ਹੈ। ਮੈਂ ਉਨ੍ਹਾਂ ਨੂੰ ਆਪਣੇ ਦਿੱਲੀ ਵਾਲੇ ਘਰ ਵਿਚ ਮਹਿਮਾਨ ਵਜੋਂ ਰਹਿਣ ਲਈ ਬੁਲਾਇਆ। ਸ਼ਾਇਦ ਹੋਰ ਪਾਰਟੀ ਵਰਕਰਾਂ ਤੇ ਆਗੂਆਂ ਨੇ ਵੀ ਉਨ੍ਹਾਂ ਨੂੰ ਸੱਦਾ ਦਿੱਤਾ ਹੋਵੇ।
ਅਸ਼ੋਕ ਮਿੱਤਲ ਨੇ ਅੱਗੇ ਕਿਹਾ ਕਿ ਮੈਨੂੰ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਉਨ੍ਹਾਂ ਨੇ ਮੇਰਾ ਘਰ ਚੁਣਿਆ ਹੈ ਅਤੇ ਜਦੋਂ ਤੱਕ ਉਨ੍ਹਾਂ ਨੂੰ ਘਰ ਨਹੀਂ ਮਿਲ ਜਾਂਦਾ, ਮੇਰੇ ਨਾਲ ਰਹਿਣ ਦਾ ਫੈਸਲਾ ਕੀਤਾ ਹੈ। ਇਸ ਲਈ ‘ਆਪ’ ਵਰਕਰ ਅਤੇ ਸੰਸਦ ਮੈਂਬਰ ਹੋਣ ਦੇ ਨਾਤੇ ਇਹ ਮੇਰੇ ਲਈ ਖੁਸ਼ੀ ਦੀ ਗੱਲ ਹੈ। ਮੈਨੂੰ ਉਸ ਤੋਂ ਸਿੱਖਣ ਦਾ ਮੌਕਾ ਮਿਲੇਗਾ। ਮੈਨੂੰ ਉਮੀਦ ਹੈ ਕਿ ਆਉਣ ਵਾਲੀਆਂ ਦਿੱਲੀ ਚੋਣਾਂ ‘ਚ ਜਨਤਾ ਹਮੇਸ਼ਾ ਦੀ ਤਰ੍ਹਾਂ ਉਨ੍ਹਾਂ ਦਾ ਸਾਥ ਦੇਵੇਗੀ ਅਤੇ ਉਹ ਇਕ ਵਾਰ ਫਿਰ ਪੂਰਨ ਬਹੁਮਤ ਨਾਲ ਦਿੱਲੀ ਦੇ ਮੁੱਖ ਮੰਤਰੀ ਬਣਨਗੇ।