ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ ! 250 ਪਿੰਡਾਂ ਦੀਆਂ ਚੋਣਾਂ ‘ਤੇ ਸਟੇਅ ਆਰਡਰ ਕੀਤਾ ਜਾਰੀ

0
346

ਚੰਡੀਗੜ੍ਹ, 9 ਅਕਤੂਬਰ | ਪੰਜਾਬ ਵਿਚ ਪੰਚਾਇਤੀ ਚੋਣਾਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਲਿਆ ਹੈ। ਜਿਨ੍ਹਾਂ ਪਿੰਡਾਂ ਦੀਆਂ ਚੋਣ ਪਟੀਸ਼ਨਾਂ ਅੱਜ ਅਦਾਲਤ ਵਿਚ ਪਾਈਆਂ ਗਈਆਂ ਹਨ, ਉਨ੍ਹਾਂ ਵਿਚ ਅਦਾਲਤ ਨੇ ਚੋਣ ਪ੍ਰਕਿਰਿਆ 14 ਤਰੀਕ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਨੂੰ ਹੋਵੇਗੀ। ਹਾਲਾਂਕਿ 15 ਨੂੰ ਚੋਣ ਹੈ।

ਇਸ ਮੌਕੇ ਪਿੰਡ ਦੇ ਲੋਕਾਂ ਦੇ ਵਕੀਲ ਹਾਕਮ ਸਿੰਘ ਨੇ ਦੱਸਿਆ ਕਿ ਅੱਜ ਅਦਾਲਤ ਵਿਚ 250 ਤੋਂ ਵੱਧ ਪਟੀਸ਼ਨਾਂ ਪੁੱਜੀਆਂ ਸਨ, ਜਿਨ੍ਹਾਂ ‘ਤੇ ਰੋਕ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਅਦਾਲਤ ਵਿਚ 70 ਦੇ ਕਰੀਬ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਹਾਲਾਂਕਿ ਇਸ ਮਾਮਲੇ ‘ਚ ਅਜੇ ਵਿਸਥਾਰਤ ਆਦੇਸ਼ ਜਾਰੀ ਨਹੀਂ ਕੀਤੇ ਗਏ ਹਨ।

ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੋਣਾਂ ਸਬੰਧੀ ਸੁਣਵਾਈ ਹੋਈ ਸੀ। ਚੋਣ ਕਮਿਸ਼ਨਰ ਦੀ ਨਿਯੁਕਤੀ ਨੂੰ ਲੈ ਕੇ ਸਰਕਾਰ ਤੋਂ ਜਵਾਬ ਮੰਗਿਆ ਗਿਆ ਹੈ। ਇਸ ‘ਤੇ ਸਰਕਾਰ ਨੇ ਆਪਣਾ ਜਵਾਬ ਦਾਇਰ ਕੀਤਾ। ਪਹਿਲੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੁੱਛਿਆ ਕਿ ਪੰਜਾਬ ਚੋਣ ਅਧਿਕਾਰੀ ਰਾਜ ਕੁਮਾਰ ਚੌਧਰੀ ਨੂੰ ਕਿਸ ਆਧਾਰ ‘ਤੇ ਨਿਯੁਕਤ ਕੀਤਾ ਗਿਆ ਸੀ। ਹਾਈਕੋਰਟ ਨੇ ਇਸ ‘ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਸਖ਼ਤ ਟਿੱਪਣੀ ਕਰਦਿਆਂ ਹਾਈਕੋਰਟ ਨੇ ਕਿਹਾ- ਕੀ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ?

ਕੀ ਸਰਕਾਰ ਪੰਚਾਇਤੀ ਚੋਣਾਂ ਨੂੰ ਵਧੇਰੇ ਸਮਾਵੇਸ਼ੀ ਢੰਗ ਨਾਲ ਕਰਵਾ ਸਕਦੀ ਹੈ? ਜਾਂ ਹਾਈਕੋਰਟ ਇਸ ਸਬੰਧੀ ਹੁਕਮ ਜਾਰੀ ਕਰੇ। ਪੰਜਾਬ ਸਰਕਾਰ ਨੂੰ ਅੱਜ ਹੀ ਆਪਣਾ ਜਵਾਬ ਦਾਇਰ ਕਰਨਾ ਚਾਹੀਦਾ ਹੈ, ਨਹੀਂ ਤਾਂ ਹਾਈਕੋਰਟ ਖੁਦ ਇਸ ‘ਤੇ ਫੈਸਲਾ ਲਵੇਗੀ। ਅੱਜ ਮੁੜ ਸੁਣਵਾਈ ਕਰਕੇ ਇਸ ਮਾਮਲੇ ਵਿੱਚ ਫੈਸਲਾ ਲਿਆ ਜਾਵੇਗਾ।