ਚੰਡੀਗੜ੍ਹ, 18 ਅਕਤੂਬਰ | ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਡੇਰਾ ਮੁਖੀ ਬਾਬਾ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਨੂੰ ਹਟਾ ਦਿੱਤਾ ਹੈ। ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕੀਤਾ ਹੈ, ਨਾਲ ਹੀ ਚਾਰ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ।
ਕਰੀਬ 7 ਮਹੀਨੇ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਮੁਖੀ ਬਾਬਾ ਗੁਰਮੀਤ ਸਿੰਘ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਫਰੀਦਕੋਟ ਜ਼ਿਲੇ ‘ਚ ਹੋਏ ਬੇਅਦਬੀ ਮਾਮਲੇ ਦੀ ਚੱਲ ਰਹੀ ਸੁਣਵਾਈ ‘ਤੇ ਰੋਕ ਲਗਾ ਦਿੱਤੀ ਸੀ। ਹਾਈਕੋਰਟ ਵਿਚ ਇੱਕ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਗਈ ਸੀ ਕਿ ਬੇਅਦਬੀ ਮਾਮਲੇ ਵਿਚ ਗੁਰਮੀਤ ਸਿੰਘ ਵੱਲੋਂ ਦਰਜ ਕੀਤੇ ਗਏ ਤਿੰਨੋਂ ਕੇਸਾਂ ਦੀ ਜਾਂਚ ਪੰਜਾਬ ਸਰਕਾਰ ਦੀ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ।
ਉਸ ਸਮੇਂ ਗੁਰਮੀਤ ਸਿੰਘ ਨੇ ਕਿਹਾ ਸੀ ਕਿ ਉਸ ਨੂੰ ਇਸ ਮਾਮਲੇ ਵਿਚ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ, ਅਜਿਹੇ ਵਿਚ ਸਰਕਾਰ ਨੇ ਬੇਅਦਬੀ ਕਾਂਡ ਨਾਲ ਸਬੰਧਤ ਐਫਆਈਆਰ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੇ ਜਿਹੜੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ, ਉਨ੍ਹਾਂ ਹੁਕਮਾਂ ਨੂੰ ਰੱਦ ਕੀਤਾ ਜਾਵੇ ਅਤੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਹੀ ਹੋਣੀ ਚਾਹੀਦੀ ਹੈ।
ਉਕਤ ਪਟੀਸ਼ਨ ‘ਤੇ ਆਪਣਾ ਜਵਾਬ ਦਾਖਲ ਕਰਦੇ ਹੋਏ ਸੂਬਾ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਸੀ ਕਿ ਇਸ ਮਾਮਲੇ ‘ਚ ਸੂਬਾ ਸਰਕਾਰ ਨੇ ਸੀ.ਬੀ.ਆਈ ਜਾਂਚ ਦੇ ਹੁਕਮਾਂ ਨੂੰ ਵਾਪਸ ਲੈਣ ਲਈ ਵਿਧਾਨ ਸਭਾ ‘ਚ ਮਤਾ ਵੀ ਪਾਸ ਕੀਤਾ ਸੀ ਅਤੇ ਹਾਈਕੋਰਟ ਦੇ ਹੁਕਮਾਂ ‘ਤੇ ਐਸਆਈਟੀ ਉਕਤ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹੁਣ ਡੇਰਾ ਮੁਖੀ ਵੱਲੋਂ ਪਟੀਸ਼ਨਰ ਦੀ ਪਟੀਸ਼ਨ ਨੂੰ ਖਾਰਜ ਕਰਨ ਦੀ ਮੰਗ ਕਰਨਾ ਗਲਤ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)