ਝੋਨੇ ਦੀ ਖਰੀਦ ਦੌਰਾਨ ਵਿਵਾਦ ! ਕਿਸਾਨਾਂ ਨੇ ਤਹਿਸੀਲਦਾਰ ਤੇ ਖਰੀਦ ਇੰਸਪੈਕਟਰ ਨੂੰ ਬਣਾਇਆ ਬੰਧਕ, ਪੁਲਿਸ ‘ਤੇ ਕੀਤਾ ਪਥਰਾਅ

0
356

ਬਠਿੰਡਾ, 12 ਨਵੰਬਰ | ਜ਼ਿਲੇ ਦੇ ਪਿੰਡ ਰਾਏਕੇ ਕਲਾਂ ਵਿਚ ਸੋਮਵਾਰ ਦੇਰ ਸ਼ਾਮ ਝੋਨੇ ਦੀ ਖਰੀਦ ਵਿਚ ਦੇਰੀ ਅਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਕਿਸਾਨਾਂ ਨੇ ਤਹਿਸੀਲਦਾਰ ਅਤੇ ਖਰੀਦ ਇੰਸਪੈਕਟਰ ਨੂੰ ਬੰਧਕ ਬਣਾ ਲਿਆ ਸੀ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪੁੱਜੀ ਤਾਂ ਉਨ੍ਹਾਂ ’ਤੇ ਪਥਰਾਅ ਕੀਤਾ ਗਿਆ ਅਤੇ ਅਖੀਰ ਲਾਠੀਚਾਰਜ ਕੀਤਾ ਗਿਆ। ਇਸ ਦੇ ਨਾਲ ਹੀ ਪੁਲਿਸ ਨੇ ਹੁਣ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਖ਼ਿਲਾਫ਼ ਦੋ ਕੇਸ ਦਰਜ ਕੀਤੇ ਹਨ।

ਜਾਣਕਾਰੀ ਅਨੁਸਾਰ ਪ੍ਰਸ਼ਾਸਨ ਨੇ ਕਿਸਾਨਾਂ ਤੋਂ ਨਮੀ ਦੀ ਜਾਂਚ ਕੀਤੇ ਬਿਨਾਂ ਝੋਨਾ ਖਰੀਦਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਭੜਕ ਗਿਆ। ਦੁਪਹਿਰ 3:30 ਵਜੇ ਦੇ ਕਰੀਬ ਭਾਰਤੀ ਕਿਸਾਨ ਯੂਨੀਅਨ ਦੇ ਕਰੀਬ 20-25 ਵਰਕਰ ਪਿੰਡ ਰਾਏਕੇ ਕਲਾਂ ਸਥਿਤ ਮੰਡੀ ਵਿਚ ਇਕੱਠੇ ਹੋਏ। ਦੋਵਾਂ ਧਿਰਾਂ ਦੀ ਬਹਿਸ ਤੋਂ ਬਾਅਦ ਮੌਜੂਦਾ ਤਹਿਸੀਲਦਾਰ ਅਤੇ ਖਰੀਦ ਇੰਸਪੈਕਟਰ ਨੂੰ ਬੰਧਕ ਬਣਾ ਲਿਆ ਗਿਆ, ਜਿਸ ਤੋਂ ਬਾਅਦ ਪੁਲਿਸ ਨੂੰ ਮੌਕੇ ‘ਤੇ ਆਉਣਾ ਪਿਆ।

ਗੁੱਸੇ ਵਿਚ ਆਏ ਕਿਸਾਨਾਂ ਨੇ ਤਹਿਸੀਲਦਾਰ ਅਤੇ ਖਰੀਦ ਇੰਸਪੈਕਟਰ ਨੂੰ ਕਈ ਘੰਟੇ ਬੰਧਕ ਬਣਾ ਕੇ ਰੱਖਿਆ। ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਸਥਿਤੀ ਉਸ ਸਮੇਂ ਹੋਰ ਗੰਭੀਰ ਹੋ ਗਈ, ਜਦੋਂ ਪੁਲਿਸ ਨੂੰ ਦਖਲ ਦੇਣਾ ਪਿਆ। ਪੁਲਿਸ ਸ਼ਾਮ 5:30 ਵਜੇ ਮੰਡੀ ਪੁੱਜੀ। ਪਹਿਲਾਂ ਕਿਸਾਨ ਆਗੂਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕੁਝ ਗੁੱਸੇ ਵਿਚ ਆਏ ਕਿਸਾਨ ਆਗੂਆਂ ਨੇ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮਾਮਲਾ ਸ਼ਾਂਤ ਕਰਨ ਲਈ ਲਾਠੀਚਾਰਜ ਕੀਤਾ ਗਿਆ।

ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਾਮਲੇ ‘ਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਨਮੀ ਦੀ ਜਾਂਚ ਦੇ ਨਾਂ ’ਤੇ ਉਨ੍ਹਾਂ ਦੀ ਫਸਲ ਦੀ ਖਰੀਦ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਦੀ ਆਰਥਿਕ ਹਾਲਤ ਪ੍ਰਭਾਵਿਤ ਹੋ ਰਹੀ ਹੈ।

ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਝੋਨੇ ਦੀ ਖਰੀਦ ਨੂੰ ਪਾਰਦਰਸ਼ੀ ਬਣਾਇਆ ਜਾਵੇ ਅਤੇ ਨਮੀ ਦੀ ਜਾਂਚ ਕੀਤੇ ਬਿਨਾਂ ਹੀ ਖਰੀਦ ਪ੍ਰਕਿਰਿਆ ਨੂੰ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਨਮੀ ਦੀ ਜਾਂਚ ਦੇ ਨਾਂ ’ਤੇ ਖਰੀਦ ’ਚ ਦੇਰੀ ਹੋ ਰਹੀ ਹੈ, ਜਿਸ ਕਾਰਨ ਉਨ੍ਹਾਂ ਦੀ ਫਸਲ ਖਰਾਬ ਹੋ ਸਕਦੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)