ਪੰਜਾਬ ਦੇ 11 ਜ਼ਿਲਿਆਂ ‘ਚ ਵਧੇਗੀ ਠੰਡ, ਮੌਸਮ ਵਿਭਾਗ ਨੇ ਸੀਤ ਲਹਿਰ ਦੀ ਜਾਰੀ ਕੀਤੀ ਚਿਤਾਵਨੀ

0
1537

ਚੰਡੀਗੜ੍ਹ, 14 ਦਸੰਬਰ | ਮੌਸਮ ਵਿਭਾਗ ਨੇ ਪੰਜਾਬ ਤੇ ਚੰਡੀਗੜ੍ਹ ਵਿਚ ਸੀਤ ਲਹਿਰ ਅਤੇ ਠੰਡ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ ‘ਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ ਪਰ ਦੁਪਹਿਰ ਵੇਲੇ ਚਮਕਦੀ ਧੁੱਪ ਮਾਮੂਲੀ ਰਾਹਤ ਦੇ ਰਹੀ ਹੈ।

ਪੰਜਾਬ ‘ਚ ਸ਼ੁੱਕਰਵਾਰ ਨੂੰ ਸਭ ਤੋਂ ਘੱਟ ਤਾਪਮਾਨ ਸੰਗਰੂਰ ‘ਚ ਦਰਜ ਕੀਤਾ ਗਿਆ, ਜੋ 1.1 ਡਿਗਰੀ ਤੱਕ ਪਹੁੰਚ ਗਿਆ, ਜਦਕਿ ਚੰਡੀਗੜ੍ਹ ਵਿਚ ਘੱਟੋ-ਘੱਟ ਤਾਪਮਾਨ 7.6 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਪੰਜਾਬ ਦੇ 7 ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। ਸੀਤ ਲਹਿਰ ਤੋਂ ਇਲਾਵਾ ਇੱਥੇ ਠੰਡ ਪੈਣ ਦੀ ਵੀ ਸੰਭਾਵਨਾ ਹੈ।

ਇਸੇ ਤਰ੍ਹਾਂ ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ-ਚੰਡੀਗੜ੍ਹ ਵਿਚ ਤਾਪਮਾਨ ਵਿਚ ਗਿਰਾਵਟ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਕਾਰਨ ਹੈ। ਪਿਛਲੇ ਕੁਝ ਦਿਨਾਂ ਤੋਂ ਪਹਾੜਾਂ ‘ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ ਪਰ ਹੁਣ ਤਾਪਮਾਨ ਆਮ ਪੱਧਰ ‘ਤੇ ਪਹੁੰਚ ਗਿਆ ਹੈ।

ਮੌਸਮ ਕੇਂਦਰ ਮੁਤਾਬਕ 16 ਦਸੰਬਰ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਸਵੇਰੇ ਠੰਡ ਘੱਟ ਹੋਵੇਗੀ ਪਰ ਇਸ ਦੌਰਾਨ ਪੰਜਾਬ-ਚੰਡੀਗੜ੍ਹ ਵਿਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਆਉਣ ਵਾਲਾ ਹਫ਼ਤਾ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)