ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ‘ਚ ਕੈਨੇਡਾ ਸਰਕਾਰ ਨੂੰ ਝਟਕਾ, ਚਾਰਾਂ ਆਰੋਪੀਆਂ ਨੂੰ ਮਿਲੀ ਜ਼ਮਾਨਤ

0
113

ਚੰਡੀਗੜ੍ਹ, 9 ਜਨਵਰੀ | ਕੈਨੇਡਾ ‘ਚ 2023 ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ‘ਚ ਕੈਨੇਡਾ ਸਰਕਾਰ ਨੂੰ ਝਟਕਾ ਲੱਗਾ ਹੈ। ਇਸ ਮਾਮਲੇ ਵਿਚ ਕੈਨੇਡੀਅਨ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਮੁਲਜ਼ਮਾਂ ਵਿਚ ਕਰਨ ਬਰਾੜ, ਕਮਲਪ੍ਰੀਤ ਸਿੰਘ, ਕਰਨਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਸ਼ਾਮਲ ਹਨ।

ਦੱਸਿਆ ਜਾ ਰਿਹਾ ਹੈ ਕਿ ਕੈਨੇਡੀਅਨ ਪੁਲਿਸ ਅਦਾਲਤ ਵਿਚ ਪੇਸ਼ ਨਹੀਂ ਹੋ ਰਹੀ ਸੀ। ਮੁਲਜ਼ਮਾਂ ਨੇ ਇਸੇ ਗੱਲ ਦਾ ਫਾਇਦਾ ਉਠਾਇਆ। ਹਾਲਾਂਕਿ ਅਦਾਲਤੀ ਦਸਤਾਵੇਜ਼ਾਂ ‘ਤੇ ਸਟੇਅ ਆਫ ਪ੍ਰੋਸੀਡਿੰਗ ਤਹਿਤ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਹੁਣ ਅਗਲੀ ਸੁਣਵਾਈ 11 ਫਰਵਰੀ ਨੂੰ ਹੋਵੇਗੀ।

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿਚ ਗੁਰੂ ਨਾਨਕ ਸਿੱਖ ਗੁਰਦੁਆਰੇ ਨੇੜੇ 2 ਅਣਪਛਾਤੇ ਬੰਦੂਕਧਾਰੀਆਂ ਨੇ ਨਿੱਝਰ ਨੂੰ ਗੋਲੀ ਮਾਰ ਦਿੱਤੀ ਸੀ। ਨਿੱਝਰ ਇਸ ਗੁਰਦੁਆਰੇ ਦਾ ਮੁਖੀ ਵੀ ਸੀ। ਉਹ ਗੁਰਦੁਆਰੇ ਦੇ ਬਾਹਰ ਪਾਰਕਿੰਗ ਵਿਚ ਆਪਣੀ ਕਾਰ ਵਿਚ ਸੀ। ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਨਿੱਝਰ ਨੂੰ ਕਾਰ ਤੋਂ ਬਾਹਰ ਨਿਕਲਣ ਦਾ ਸਮਾਂ ਨਹੀਂ ਮਿਲਿਆ ਅਤੇ ਉੱਥੇ ਹੀ ਉਸ ਦੀ ਮੌਤ ਹੋ ਗਈ।

ਇਸ ਤੋਂ ਬਾਅਦ ਕੈਨੇਡੀਅਨ ਪੁਲਿਸ ਨੇ ਇਸ ਮਾਮਲੇ ਵਿਚ ਚਾਰ ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਹਾਲਾਂਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਲਈ ਭਾਰਤੀ ਏਜੰਟਾਂ ਨੂੰ ਦੋਸ਼ੀ ਠਹਿਰਾਇਆ ਸੀ, ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਕੂਟਨੀਤਕ ਸਬੰਧਾਂ ਵਿਚ ਨਿਘਾਰ ਆ ਗਿਆ ਹੈ। ਹਾਲਾਂਕਿ ਹੁਣ ਜਦੋਂ ਦੋਸ਼ੀਆਂ ਨੂੰ ਜ਼ਮਾਨਤ ਮਿਲ ਗਈ ਹੈ ਤਾਂ ਸਰਕਾਰ ‘ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)