‘ਨਸ਼ਾ ਮੁਕਤੀ ਯਾਤਰਾ’: ਹਰ ਰੋਜ਼ ਸੈਂਕੜੇ ਪਿੰਡਾਂ ਵਿੱਚ ‘ਆਪ’ ਆਗੂ ਲੋਕਾਂ ਨੂੰ ਨਸ਼ਾ ਨਾ ਕਰਨ ਅਤੇ ਤਸਕਰਾਂ ਦਾ ਬਾਈਕਾਟ ਕਰਨ ਦੀ ਚੁੱਕਾ ਰਹੇ ਸਹੁੰ

0
10

ਚੰਡੀਗੜ੍ਹ, 2 ਜੂਨ |  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਸੂਬੇ ਭਰ ਵਿੱਚ ਕੱਢੀ ਜਾ ਰਹੀ ‘ਨਸ਼ਾ ਮੁਕਤੀ ਯਾਤਰਾ’ ਅੱਜ ਵੀ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਪਾਰਟੀ ਦੇ ਵਿਧਾਇਕਾਂ, ਆਗੂਆਂ ਅਤੇ ਵਰਕਰਾਂ ਦੇ ਸੈਂਕੜੇ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾ ਦੇ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ।

ਯਾਤਰਾ ਦੌਰਾਨ ‘ਆਪ’ ਆਗੂਆਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਮੂਹਿਕ ਤੌਰ ‘ਤੇ ਨਸ਼ਾ ਤਸਕਰਾਂ ਦਾ ਬਾਈਕਾਟ ਕਰਨ ਅਤੇ ਕਾਨੂੰਨੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੇ ਤਸਕਰਾਂ ਨਾਲ ਸਹਿਯੋਗ ਨਾ ਕਰਨ, ਖ਼ਾਸ ਕਰਕੇ ਉਨ੍ਹਾਂ ਨੂੰ ਜ਼ਮਾਨਤ ਨਾ ਦੇਣ ਦੀ ਸਹੁੰ ਚੁਕਾਈ। ਪਿੰਡਾਂ ਦੇ ਲੋਕਾਂ ਵਿੱਚ ਯਾਤਰਾ ਪ੍ਰਤੀ ਬਹੁਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਖ਼ੁਦ ਹਜ਼ਾਰਾਂ ਦੀ ਗਿਣਤੀ ਵਿੱਚ ‘ਨਸ਼ਾ ਮੁਕਤੀ ਯਾਤਰਾ’ ਵਿੱਚ ਸ਼ਾਮਲ ਹੋਏ ਅਤੇ ਮੁਹਿੰਮ ਵਿੱਚ ਸਹਿਯੋਗ ਦਾ ਭਰੋਸਾ ਦਿੱਤਾ।

ਸੋਮਵਾਰ ਨੂੰ ਵੱਖ-ਵੱਖ ਪਿੰਡਾਂ ਵਿੱਚ ਹੋਏ ਪ੍ਰੋਗਰਾਮਾਂ ਦੌਰਾਨ ਬਹੁਤ ਸਾਰੀਆਂ ਪੰਚਾਇਤਾਂ ਨੇ ਰਸਮੀ ਤੌਰ ‘ਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਿਆ। ਵਿਧਾਇਕਾਂ ਅਤੇ ਪਾਰਟੀ ਅਹੁਦੇਦਾਰਾਂ ਨੇ ਭਰੋਸਾ ਦਿੱਤਾ ਕਿ ਅਜਿਹੀਆਂ ਪੰਚਾਇਤਾਂ ਨੂੰ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ ਅਤੇ ਪਿੰਡ ਦੇ ਵਿਕਾਸ ਲਈ ਵਿਸ਼ੇਸ਼ ਵਿੱਤੀ ਮਦਦ ਵੀ ਦਿੱਤੀ ਜਾਵੇਗੀ।

ਯਾਤਰਾ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨ ਨਸ਼ਾ ਛੱਡਣ ਲਈ ਅੱਗੇ ਆਏ ਹਨ, ਉਨ੍ਹਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕਾਂ ਰਾਹੀਂ ਇਲਾਜ ਕਰਵਾਇਆ ਜਾ ਰਿਹਾ ਹੈ।