ਯੁੱਧ ਨਸ਼ਿਆਂ ਵਿਰੁੱਧ ਤਹਿਤ ਕਮਿਸ਼ਨਰੇਟ ਪੁਲਿਸ ਵੱਲੋਂ ਛਾਪੇਮਾਰੀ, 6 ਗ੍ਰਿਫ਼ਤਾਰ 27.5 ਗ੍ਰਾਮ ਹੈਰੋਇਨ ਤੇ 80 ਨਸ਼ੀਲੇ ਕੈਪਸੂਲ ਬਰਾਮਦ

0
5270

ਜਲੰਧਰ, 27 ਜੁਲਾਈ : ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਜਲੰਧਰ ਵਿਚ ਯੋਜਨਾਬੱਧ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਨਸ਼ਾ ਤਸਕਰੀ ਨਾਲ ਸਬੰਧਿਤ 6 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਸ ਕਾਰਵਾਈ ਦੌਰਾਨ ਪੁਲਿਸ ਵੱਲੋਂ 27.5 ਗ੍ਰਾਮ ਹੈਰੋਇਨ ਅਤੇ 80 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਅਤੇ ਐੱਨ. ਡੀ.ਪੀ.ਐੱਸ. ਐਕਟ ਅਧੀਨ 4 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ੇ ਦੇ ਜੰਜਾਲ ਵਿੱਚ ਫਸੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਵੀ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸ ਉਪਰਾਲੇ ਤਹਿਤ ਨਸ਼ੇ ਦੇ ਆਦੀ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ, ਤਾਂ ਜੋ ਉਨ੍ਹਾਂ ਦਾ ਢੁੱਕਵਾਂ ਇਲਾਜ ਅਤੇ ਪੁਨਰਵਾਸ ਵਿੱਚ ਪੂਰੀ ਸਹਾਇਤਾ ਕੀਤੀ ਜਾ ਸਕੇ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਜਲੰਧਰ ਸ਼ਹਿਰ ਨੂੰ ਨਸ਼ਾ ਮੁਕਤ ਬਣਾਉਣ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵਚਨਬੱਧਤਾ ਦਹੁਰਾਉਂਦਿਆਂ ਕਿਹਾ ਕਿ ਸ਼ਹਿਰ ਵਿੱਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ । ਉਨ੍ਹਾਂ ਨਾਗਰਿਕਾਂ ਨੂੰ ਨਸ਼ਿਆਂ ਖਿਲਾਫ਼ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਤੁਰੰਤ ਨਜ਼ਦੀਕੀ ਥਾਣੇ ਵਿੱਚ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।