ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ

0
234

* ਦੀਨਾਨਗਰ ਵਿਖੇ ਨਵੀਂ ਖੰਡ ਮਿੱਲ ਅਤੇ ਕੋ-ਜੈਨਰੇਸ਼ਨ ਪਲਾਂਟ ਦਾ ਕੀਤਾ ਉਦਘਾਟਨ
* ਸੂਬਾ ਸਰਕਾਰ ਵੱਲੋਂ ਤਿਆਰ ਕੀਤੀ ਜਾ ਰਹੀ ਸਲਫਰ ਰਹਿਤ ‘ਫ਼ਤਿਹ’ ਖੰਡ ਲਾਂਚ ਕੀਤੀ

ਦੀਨਾਨਗਰ, 26 ਨਵੰਬਰ | ਦੇਸ਼ ਭਰ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣ ਦੀ ਰੀਤ ਨੂੰ ਬਰਕਰਾਰ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਗਾਮੀ ਪਿੜਾਈ ਸੀਜ਼ਨ ਲਈ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ, ਜੋ ਸੂਬੇ ਭਰ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ ।

ਦੀਨਾਨਗਰ ਵਿਖੇ ਨਵੀਂ ਖੰਡ ਮਿੱਲ ਅਤੇ ਕੋ-ਜੈਨਰੇਸ਼ਨ ਪਲਾਂਟ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਕੌਮੀ ਪੱਧਰ ‘ਤੇ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਦੇਸ਼ ਭਰ ‘ਚੋਂ ਸਭ ਤੋਂ ਵੱਧ ਭਾਅ ਦੇਣ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਆਪਣੇ ਕਿਸਾਨਾਂ ਨੂੰ ਦੇਸ਼ ਭਰ ‘ਚੋਂ ਗੰਨੇ ਦਾ ਸਭ ਤੋਂ ਵੱਧ ਭਾਅ ਦਿੰਦਾ ਰਿਹਾ ਹੈ, ਜਿਸ ਨੂੰ ਉਨ੍ਹਾਂ ਦੀ ਸਰਕਾਰ ਨੇ ਬਰਕਰਾਰ ਰੱਖਿਆ ਹੈ।

ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਇਸ ਕਿਸਾਨ-ਪੱਖੀ ਪਹਿਲ ਨਾਲ ਕਿਸਾਨਾਂ ਖਾਸ ਕਰ ਕੇ ਸਰਹੱਦੀ ਜ਼ਿਲ੍ਹਿਆਂ ਦੇ ਕਿਸਾਨਾਂ, ਜਿੱਥੇ ਗੰਨਾ ਇੱਕ ਮੁੱਖ ਫਸਲ ਹੈ, ਨੂੰ ਵੱਡਾ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਗੰਨਾ, ਫ਼ਸਲੀ ਵਿਭਿੰਨਤਾ ਦਾ ਆਧਾਰ ਹੈ, ਜੋ ਸੂਬੇ ਦੇ ਫਸਲੀ ਵਿਭਿੰਨਤਾ ਯਤਨਾਂ ਨੂੰ ਹੋਰ ਮਜ਼ਬੂਤ ਕਰ ਸਕਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਗੰਨੇ ਨੂੰ ਪਾਣੀ ਦੀ ਜ਼ਿਆਦਾ ਖ਼ਪਤ ਵਾਲੀਆਂ ਫਸਲਾਂ ਦੇ ਵਿਹਾਰਕ ਬਦਲ ਵਜੋਂ ਮਾਨਤਾ ਦੇਵੇ ਅਤੇ ਗੰਨੇ ਦੀ ਖੇਤੀ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰੇ।

ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਗੁਰਦਾਸਪੁਰ ਵਿਖੇ ਨਵੀਂ ਸਹਿਕਾਰੀ ਖੰਡ ਮਿੱਲ ਲੋਕਾਂ ਨੂੰ ਸਮਰਪਿਤ ਕੀਤੀ ਹੈ, ਜੋ ਸੂਬੇ ਦੇ ਸਹਿਕਾਰੀ ਅਤੇ ਖੇਤੀਬਾੜੀ-ਉਦਯੋਗਿਕ ਖੇਤਰਾਂ ਵਿੱਚ ਮਹੱਤਵਪੂਰਨ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ 1980 ਵਿੱਚ 1,250 ਟੀਸੀਡੀ ਦੀ ਸ਼ੁਰੂਆਤੀ ਪਿੜਾਈ ਸਮਰੱਥਾ ਤੋਂ ਸ਼ੁਰੂ ਹੋ ਕੇ ਇਸ ਮਿੱਲ ਨੂੰ 1987 ਵਿੱਚ ਵਧਾ ਕੇ 2,000 ਟੀਸੀਡੀ ਤੱਕ ਕਰ ਦਿੱਤਾ ਗਿਆ ਸੀ, ਇਹ ਮਿੱਲ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਗੰਨਾ ਕਾਸ਼ਤਕਾਰਾਂ ਲਈ ਮਹੱਤਵਪੂਰਨ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਇਸ ਖਿੱਤੇ ਵਿੱਚ ਮੌਜੂਦਾ ਸਮੇਂ ਲਗਪਗ 80 ਲੱਖ ਕੁਇੰਟਲ ਗੰਨਾ ਪੈਦਾ ਹੁੰਦਾ ਹੈ ਅਤੇ ਇਸਦੇ ਮੁਕਾਬਲੇ ਪਹਿਲਾਂ ਮਿੱਲ ਦੀ ਪ੍ਰਤੀ ਸੀਜ਼ਨ ਪਿੜਾਈ ਸਮਰੱਥਾ ਸਿਰਫ਼ 25 ਲੱਖ ਕੁਇੰਟਲ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਪਾੜੇ ਨੂੰ ਪੂਰਨ ਲਈ ਇਸਦੇ ਆਧੁਨਿਕੀਕਰਨ ਦਾ ਵੱਡਾ ਪ੍ਰੋਜੈਕਟ ਸ਼ੁਰੂ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਮਿੱਲ ਦੀ ਪਿੜਾਈ ਸਮਰੱਥਾ 5,000 ਟੀਸੀਡੀ ਤੱਕ ਵਧਾਈ ਗਈ ਹੈ, ਜੋ ਖਿੱਤੇ ਵਿੱਚ ਗੰਨੇ ਦੀ ਫ਼ਸਲ ਦੀ ਸਮੇਂ ਸਿਰ ਅਤੇ ਕੁਸ਼ਲ ਢੰਗ ਨਾਲ ਪਿੜਾਈ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਨਵਾਂ ਸ਼ੂਗਰ ਕੰਪਲੈਕਸ ਪ੍ਰੋਸੈਸਿੰਗ ਸਮਰੱਥਾ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਂਦਿਆਂ ਗੰਨੇ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਏਗਾ। ਇਸ ਦੇ ਨਾਲ ਹੀ ਖੰਡ ਦੀ ਗੁਣਵੱਤਾ ਵਿੱਚ ਸੁਧਾਰ ਦੇ ਨਾਲ-ਨਾਲ ਆਵਾਜਾਈ ਦੇ ਖ਼ਰਚੇ ਨੂੰ ਵੀ ਘਟਾਏਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਨਾਲ ਖਿੱਤੇ ਦੇ ਹਜ਼ਾਰਾਂ ਲੋਕਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੋਜ਼ਗਾਰ ਮਿਲਣ ਤੋਂ ਇਲਾਵਾ ਟਿਕਾਊ ਮਾਲੀਆ ਸਰੋਤ ਵੀ ਪੈਦਾ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ, ਪੇਂਡੂ ਉਦਯੋਗ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਖੁਸ਼ਹਾਲੀ ਤੇ ਸਾਫ਼ ਊਰਜਾ ਉਤਪਾਦਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇੱਕ ਅਤਿ-ਆਧੁਨਿਕ ਸਲਫਰ ਰਹਿਤ ਰਿਫਾਈਂਡ ਸ਼ੂਗਰ ਪਲਾਂਟ ਵੀ ਸਥਾਪਿਤ ਕੀਤਾ ਗਿਆ ਹੈ, ਜੋ ਪ੍ਰੀਮੀਅਮ-ਗ੍ਰੇਡ ਖੰਡ ਪੈਦਾ ਕਰਨ ਦੇ ਸਮਰੱਥ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਹੋਰ ਮੁੱਖ ਵਿਸ਼ੇਸ਼ਤਾ 28.5 ਮੈਗਾਵਾਟ ਸਹਿ-ਉਤਪਾਦਨ ਪਾਵਰ ਪਲਾਂਟ ਦਾ ਕਾਰਜਸ਼ੀਲ ਹੋਣਾ ਹੈ, ਜੋ ਕਿ ਪੀਐਸਪੀਸੀਐਲ ਨੂੰ 20 ਮੈਗਾਵਾਟ ਵਾਧੂ ਬਿਜਲੀ ਨਿਰਯਾਤ ਕਰਨ ਲਈ ਤਿਆਰ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿਜਲੀ ਨਿਰਯਾਤ ਤੋਂ ਹਰੇਕ ਪਿੜਾਈ ਸੀਜ਼ਨ ਦੌਰਾਨ ਲਗਪਗ 20 ਕਰੋੜ ਰੁਪਏ ਸਾਲਾਨਾ ਮਾਲੀਆ ਪੈਦਾ ਹੋਣ ਦਾ ਅਨੁਮਾਨ ਹੈ, ਜਿਸ ਨਾਲ ਮਿੱਲ ਦੀ ਵਿੱਤੀ ਸਥਿਰਤਾ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਵਿਸਥਾਰ ਨਾਲ ਪੂਰੇ ਖੇਤਰ ਦੇ ਗੰਨਾ ਉਤਪਾਦਕਾਂ ਨੂੰ ਸਿੱਧਾ ਲਾਭ ਹੋਵੇਗਾ ਅਤੇ ਮਿੱਲ ਨੂੰ ਗੰਨਾ ਸਪਲਾਈ ਕਰਨ ਵਾਲੇ ਕਿਸਾਨਾਂ ਦੀ ਗਿਣਤੀ 2,850 ਉਤਪਾਦਕਾਂ ਤੋਂ ਵਧ ਕੇ ਲਗਪਗ 7,025 ਉਤਪਾਦਕਾਂ ਤੱਕ ਪਹੁੰਚਣ ਦੀ ਉਮੀਦ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਦੂਰ-ਦੁਰਾਡੇ ਦੀਆਂ ਨਿੱਜੀ ਮਿੱਲਾਂ ‘ਤੇ ਨਿਰਭਰਤਾ ਬਹੁਤ ਘੱਟ ਜਾਵੇਗੀ ਅਤੇ ਕਿਸਾਨਾਂ ਦਾ ਆਵਾਜਾਈ ਦਾ ਸਮਾਂ ਬਚੇਗਾ ਅਤੇ ਲਾਗਤ ਕਾਫ਼ੀ ਘਟੇਗੀ।

ਸਥਾਨਕ ਮੰਗਾਂ ਬਾਰੇ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਖੇਤਰ ਵਿੱਚ ਮੈਡੀਕਲ ਕਾਲਜ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਜਲਦੀ ਹੀ ਪੂਰੀ ਹੋ ਜਾਵੇਗੀ, ਕਿਉਂਕਿ ਸੂਬਾ ਸਰਕਾਰ ਪੰਜਾਬ ਨੂੰ ਮੈਡੀਕਲ ਖੇਤਰ ਵਿੱਚ ਇੱਕ ਵਿਦਿਅਕ ਹੱਬ ਵਜੋਂ ਸਥਾਪਤ ਕਰਨ ਵੱਲ ਲਗਾਤਾਰ ਅੱਗੇ ਵਧ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਤਰਨਤਾਰਨ ਵਿਖੇ ਲੜਕੀਆਂ ਲਈ ਇੱਕ ਸਰਕਾਰੀ ਕਾਲਜ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਉਨ੍ਹਾਂ ਨੂੰ ਮਿਆਰੀ ਉਚੇਰੀ ਸਿੱਖਿਆ ਦਿੱਤੀ ਜਾ ਸਕੇ। ਇਸ ਤੋਂ ਇਲਾਵਾ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਪਰਕ ਨੂੰ ਬਿਹਤਰ ਬਣਾਉਣ ਅਤੇ ਆਵਾਜਾਈ ਨੂੰ ਸੁਖਾਲਾ ਕਰਨ ਲਈ ਜੰਡਿਆਲਾ ਗੁਰੂ ਵਿਖੇ ਰੇਲਵੇ ਲਾਈਨ ‘ਤੇ ਨਵਾਂ ਓਵਰ ਬ੍ਰਿਜ ਬਣਾਉਣ ਦਾ ਕੰਮ ਚੱਲ ਰਿਹਾ ਹੈ।

ਭਾਜਪਾ ਆਗੂ ਅਸ਼ਵਨੀ ਸ਼ਰਮਾ ‘ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਇਹ ਯਕੀਨੀ ਬਣਾਉਣ ਕਿ ਪ੍ਰਧਾਨ ਮੰਤਰੀ ਵੱਲੋਂ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ‘ਟੋਕਨ ਰਿਲੀਫ’ ਵਜੋਂ ਐਲਾਨੀ ਗਈ 1,600 ਕਰੋੜ ਰੁਪਏ ਦੀ ਰਾਸ਼ੀ ਪੰਜਾਬ ਨੂੰ ਜਲਦ ਤੋਂ ਜਲਦ ਮਿਲੇ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਸਿਆਸੀ ਦੂਸ਼ਣਬਾਜ਼ੀ ਵਿੱਚ ਸ਼ਾਮਲ ਹੋਣ ਦੀ ਬਜਾਏ ਕੇਂਦਰ ਤੋਂ ਪੰਜਾਬ ਦੇ ਬਣਦੇ ਹਿੱਸੇ ਅਤੇ ਜਾਇਜ਼ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਦੇ ਅਧਿਕਾਰਾਂ ਦੇ ਰਖਵਾਲੇ ਹੋਣ ਦੇ ਨਾਤੇ ਉਹ ਚੰਡੀਗੜ੍ਹ ਜਾਂ ਪੰਜਾਬ ਯੂਨੀਵਰਸਿਟੀ ਦੀ ਦਰਜੇ ਨੂੰ ਬਦਲਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਡਾਕਟਰਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਆਖਰੀ ਪੜਾਅ ‘ਤੇ ਹੈ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਨੂੰ ਜਲਦ ਹੀ ਸਰਹੱਦੀ ਖੇਤਰਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਕਾਬੂ ਵਿੱਚ ਹੈ ਅਤੇ ਸ਼ਾਂਤੀ ਅਤੇ ਸਦਭਾਵਨਾ ਨੂੰ ਖ਼ਤਰਾ ਪੈਦਾ ਕਰਨ ਵਾਲੀਆਂ ਕਿਸੇ ਵੀ ਗਤੀਵਿਧੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੂਬਾ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਜ਼ਿਕਰ ਕੀਤਾ ਕਿ ਪੰਜਾਬ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ ਰਿਹਾ ਹੈ ਅਤੇ ਇਨ੍ਹੀਂ ਦਿਨੀਂ ਸੂਬੇ ਦੇ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਨਾਗਰਿਕਾਂ ਲਈ ਜਲਦ ਹੀ 10 ਲੱਖ ਰੁਪਏ ਦਾ ਬੀਮਾ ਕਵਰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਯਾਤਰੀਆਂ ‘ਤੇ ਬੋਝ ਨੂੰ ਘਟਾਉਣ ਲਈ ਸੂਬੇ ਭਰ ਵਿੱਚ 17 ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮੰਡੀਆਂ ਵਿੱਚ ਖਰੀਦ ਲਈ ਵਿਸਥਾਰਤ ਪ੍ਰਬੰਧ ਕੀਤੇ ਗਏ, ਜਿਸ ਨਾਲ ਇਸ ਸਾਲ ਕਿਸਾਨਾਂ ਲਈ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਯਕੀਨੀ ਬਣਾਈ ਗਈ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਖਪਤਕਾਰ ਬ੍ਰਾਂਡ ਫ਼ਤਿਹ ਸ਼ੂਗਰ ਵੀ ਲਾਂਚ ਕੀਤਾ, ਜਿਸ ਵਿੱਚ ਰਿਫਾਇੰਡ ਸ਼ੂਗਰ, ਕੈਸਟਰ ਸ਼ੂਗਰ ਅਤੇ ਆਈਸਿੰਗ ਸ਼ੂਗਰ ਦੇ ਇੱਕ ਕਿਲੋ ਪੈਕ ਦੇ ਨਾਲ-ਨਾਲ 5 ਗ੍ਰਾਮ ਪਾਊਚ ਵੀ ਸਨ। ਉਨ੍ਹਾਂ ਉਮੀਦ ਜਤਾਈ ਕਿ ਬਟਾਲਾ ਸਹਿਕਾਰੀ ਖੰਡ ਮਿੱਲ ਵਿਖੇ ਤਿਆਰ ਕੀਤੇ ਗਏ ਇਸ ਸਲਫਰ-ਮੁਕਤ ਉਤਪਾਦ ਨਾਲ ਵਾਧੂ ਮਾਲੀਆ ਪੈਦਾ ਹੋਣ ਅਤੇ ਖਪਤਕਾਰਾਂ ਨੂੰ ਉੱਚ-ਗੁਣਵੱਤਾ ਵਾਲੀ ਪ੍ਰੀਮੀਅਮ ਖੰਡ ਦਾ ਬਦਲ ਮਿਲੇਗਾ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਚੇਅਰਮੈਨ ਸ਼ੂਗਰਫੈੱਡ ਨਵਦੀਪ ਸਿੰਘ ਜੀਦਾ ਮੌਜੂਦ ਸਨ। ਮੁੱਖ ਮੰਤਰੀ ਦਫ਼ਤਰ, ਪੰਜਾਬ

ਮੁੱਖ ਮੰਤਰੀ ਵੱਲੋਂ 30,000 ਤੋਂ ਵੱਧ ਪਰਿਵਾਰਾਂ ਨੂੰ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ

* ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਦੀ ਕੀਤੀ ਕਰੜੀ ਨਿਖੇਧੀ
* ਕਿਹਾ, ਸੂਬੇ ਨੂੰ ਹੜ੍ਹ ਰਾਹਤ ਪੈਕੇਜ ਨਾ ਦੇਣਾ ਹੜ੍ਹ ਪ੍ਰਭਾਵਿਤ ਪੰਜਾਬੀਆਂ ਨਾਲ ਕੇਂਦਰ ਦਾ ਇੱਕ ਹੋਰ ‘ਜੁਮਲਾ’
* ਸੂਬੇ ਦੇ ਹਿੱਤਾਂ ਦੀ ਰਾਖੀ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ

ਡੇਰਾ ਬਾਬਾ ਨਾਨਕ, 26 ਨਵੰਬਰ-

ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 30,000 ਤੋਂ ਵੱਧ ਪਰਿਵਾਰਾਂ ਜਿਨ੍ਹਾਂ ਦੇ ਘਰ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੇ ਗਏ ਸਨ, ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਿਆਨਕ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਦਾ ਦਰਦ ਬਿਆਨ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਆਪਣੇ ਦੌਰਿਆਂ ਦੌਰਾਨ ਉਨ੍ਹਾਂ ਨੇ ਨਿੱਜੀ ਤੌਰ ‘ਤੇ ਲੋਕਾਂ ਦਾ ਦੁੱਖ ਸੁਣਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਹਰ ਪ੍ਰਭਾਵਿਤ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।

ਮੁੱਖ ਮੰਤਰੀ ਨੇ ਪੰਜਾਬ ਅਤੇ ਹੋਰ ਸੂਬਿਆਂ ਦੇ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਅਤੇ ਵਲੰਟੀਅਰਾਂ ਵੱਲੋਂ ਇਸ ਆਫ਼ਤ ਦੌਰਾਨ ਨਿਰਸਵਾਰਥ ਸੇਵਾ ਲਈ ਕੀਤੇ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ। ਪੰਜਾਬੀਆਂ ਦੇ ਜੁਝਾਰੂ ਜਜ਼ਬੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਵਾਰ ਫਿਰ ਮੁਸੀਬਤ ਵਿੱਚੋਂ ਨਿਕਲਣ ਦੇ ਆਪਣੇ ਬੇਮਿਸਾਲ ਜਜ਼ਬੇ ਦਾ ਪ੍ਰਦਰਸ਼ਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਔਖੇ ਸਮੇਂ ਵਿੱਚ ਆਪਣੇ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਅਤੇ ਉਨ੍ਹਾਂ ਦੀ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹਾਂ ਦੌਰਾਨ ਕਿਸਾਨਾਂ ਨੂੰ ਹੋਏ ਫਸਲੀ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ੇ ਦੀ ਅਦਾਇਗੀ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਕਿਸੇ ਵੀ ਸਰਕਾਰ ਵੱਲੋਂ ਦਿੱਤਾ ਗਿਆ ਸਭ ਤੋਂ ਵੱਧ ਫਸਲੀ ਮੁਆਵਜ਼ਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਘਰਾਂ ਦੇ ਨੁਕਸਾਨ ਲਈ ਇੱਕ ਵਿਆਪਕ ਪੁਨਰਵਾਸ ਪੈਕੇਜ ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਪ੍ਰਭਾਵਿਤ ਪਰਿਵਾਰਾਂ ਨੂੰ ਪੂਰੀ ਤਰ੍ਹਾਂ ਨੁਕਸਾਨੇ ਗਏ ਘਰ ਲਈ 1.20 ਲੱਖ ਰੁਪਏ ਦਿੱਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਸੂਬੇ ਭਰ ਵਿੱਚ ਨੁਕਸਾਨੇ ਗਏ ਲਗਪਗ 30,000 ਘਰਾਂ ਵਿੱਚੋਂ 8,056 ਘਰ ਇਕੱਲੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪ੍ਰਭਾਵਿਤ ਪਰਿਵਾਰਾਂ ਨੂੰ 377 ਕਰੋੜ ਰੁਪਏ ਦਾ ਮੁਆਵਜ਼ਾ ਵੰਡਿਆ ਜਾ ਰਿਹਾ ਹੈ ਤਾਂ ਜੋ ਉਹ ਆਪਣੇ ਘਰ ਦੁਬਾਰਾ ਬਣਾ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਘਰ ਦੀ ਮੁੜ ਉਸਾਰੀ ਲਈ ਹਰੇਕ ਯੋਗ ਪਰਿਵਾਰ ਨੂੰ ਪਹਿਲੀ ਕਿਸ਼ਤ ਵਜੋਂ 70,000 ਰੁਪਏ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ, ਜਦੋਂ ਕਿ ਬਾਕੀ ਰਾਸ਼ੀ ਦੋ ਵਾਧੂ ਕਿਸ਼ਤਾਂ ਵਿੱਚ ਵੰਡੀ ਜਾ ਰਹੀ ਹੈ ਤਾਂ ਜੋ ਉਸਾਰੀ ਦਾ ਕੰਮ ਸੁਚਾਰੂ ਢੰਗ ਨਾਲ ਅੱਗੇ ਵਧ ਸਕੇ। ਪੁਨਰ ਨਿਰਮਾਣ ਸਬੰਧੀ ਹੋਰ ਸਹਾਇਤਾ ਪ੍ਰਦਾਨ ਕਰਨ ਲਈ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਨੁਕਸਾਨੇ ਗਏ ਘਰਾਂ ਦੀ ਮੁੜ ਉਸਾਰੀ ਦਾ ਕੰਮ ਮਗਨਰੇਗਾ ਅਧੀਨ ਲਿਆ ਗਿਆ ਹੈ, ਜਿਸ ਨਾਲ ਲਾਭਪਾਤਰੀਆਂ ਨੂੰ ਆਪਣੇ ਘਰ ਬਣਾਉਣ ਲਈ 90 ਦਿਨਾਂ ਦਾ ਕੰਮ ਮਿਲੇਗਾ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ 90 ਦਿਨਾਂ ਦਾ ਰੋਜ਼ਗਾਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਰੇਕ ਘਰ ਲਈ ਦਿੱਤੀ ਜਾਂਦੀ 1.20 ਲੱਖ ਰੁਪਏ ਦੀ ਗ੍ਰਾਂਟ ਤੋਂ ਵੱਖਰਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਪ੍ਰਭਾਵਿਤ ਪਰਿਵਾਰਾਂ ਲਈ ਵਿੱਤੀ ਸਹਾਇਤਾ ਦੇ ਨਾਲ ਨਾਲ ਰੋਜ਼ੀ-ਰੋਟੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਵਿਆਪਕ ਨੁਕਸਾਨ ਦੇ ਬਾਵਜੂਦ, ਪੰਜਾਬ ਨੇ ਰਾਸ਼ਟਰੀ ਪੂਲ ਵਿੱਚ ਲਗਭਗ 150 ਲੱਖ ਟਨ ਝੋਨਾ ਦਾ ਯੋਗਦਾਨ ਪਾਉਂਦਿਆਂ ਇੱਕ ਵਾਰ ਫਿਰ ਦੇਸ਼ ਦੇ ਅੰਨਦਾਤਾ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹੜ੍ਹਾਂ ਕਾਰਨ ਸੂਬੇ ਨੂੰ ਲਗਪਗ 13,500 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਆਪਣੀ ਪੁਰਜ਼ੋਰ ਮੰਗ ਦੁਹਰਾਈ ਕਿ ਕੇਂਦਰ ਸਰਕਾਰ ਜਨਤਕ ਤੌਰ ‘ਤੇ ਐਲਾਨੇ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਤੁਰੰਤ ਜਾਰੀ ਕਰੇ।

ਮੁੱਖ ਮੰਤਰੀ ਨੇ ਕਿਹਾ ਕਿ ਵਾਅਦਾ ਕੀਤੀ ਗਈ ਸਹਾਇਤਾ ਰਾਸ਼ੀ ਨੂੰ ਰੋਕਣਾ ਕੇਂਦਰ ਵੱਲੋਂ ਲੋਕਾਂ ਨਾਲ ਕੀਤਾ ਇੱਕ ਹੋਰ “ਜੁਮਲਾ” ਹੈ। ਉਨ੍ਹਾਂ ਨੇ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਲਈ ਕੇਂਦਰ ਸਰਕਾਰ ਦੀ ਕੜੀ ਨਿੰਦਿਆ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਦਾ ਪੰਜਾਬ ਵਿਰੋਧੀ ਰੁਖ਼ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੀ ਸਥਿਤੀ ਨੂੰ ਬਦਲਣ ਲਈ ਉਨ੍ਹਾਂ ਵੱਲੋਂ ਚੱਲੀਆਂ ਜਾ ਰਹੀਆਂ ਸੌੜੀਆਂ ਚਾਲਾਂ ਤੋਂ ਸਪੱਸ਼ਟ ਨਜ਼ਰ ਆਉਂਦਾ ਹੈ। ਆਪਣੀ ਸਰਕਾਰ ਦੇ ਮੁੱਖ ਲੋਕ-ਪੱਖੀ ਫੈਸਲਿਆਂ ‘ਤੇ ਚਾਨਣਾ ਪਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 17 ਤੋਂ ਵੱਧ ਟੋਲ ਪਲਾਜ਼ਾ ਸਫਲਤਾਪੂਰਵਕ ਬੰਦ ਕਰ ਦਿੱਤੇ ਗਏ ਹਨ, ਜਿਸ ਦੇ ਨਤੀਜੇ ਵਜੋਂ ਆਉਣ-ਜਾਣ ਵਾਲੇ ਲੋਕਾਂ ਨੂੰ ਰੋਜ਼ਾਨਾ ਲਗਪਗ 65 ਲੱਖ ਰੁਪਏ ਦੀ ਬਚਤ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲਗਪਗ ਚਾਰ ਦਹਾਕਿਆਂ ਵਿੱਚ ਪਹਿਲੀ ਵਾਰ ਸੂਬੇ ਦੇ ਦੂਰ-ਦਰਾਡੇ ਵਾਲੇ ਇਲਾਕਿਆਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਯੋਗਤਾ ਦੇ ਆਧਾਰ ‘ਤੇ 58,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਹੁਣ ਖੇਤੀਬਾੜੀ ਕਾਰਜਾਂ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਗੱਲ ‘ਤੇ ਦ੍ਰਿੜ੍ਹ ਵਿਸ਼ਵਾਸ ਰੱਖਦੀ ਹੈ ਕਿ ਸਿੱਖਿਆ ਹੀ ਸਾਰੀਆਂ ਸਮਾਜਿਕ ਅਤੇ ਆਰਥਿਕ ਬੁਰਾਈਆਂ ਦਾ ਹੱਲ ਹੈ। ਇਸ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਦਿਆਰਥੀ ਆਈ.ਆਈ.ਟੀ. ਅਤੇ ਜੇ.ਈ.ਈ. ਵਰਗੀਆਂ ਵੱਕਾਰੀ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕਰ ਰਹੇ ਹਨ, ਜੋ ਕਿ ਸਰਕਾਰੀ ਸੰਸਥਾਵਾਂ ਵਿੱਚ ਦਿੱਤੀ ਰਹੀ ਮਿਆਰੀ ਸਿੱਖਿਆ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਰਫ਼ ਸਿੱਖਿਆ, ਰੋਜ਼ਗਾਰ ਅਤੇ ਸਸ਼ਕਤੀਕਰਨ ਹੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਅਤੇ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਵਚਨਬੱਧ ਹੈ। ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਖੇਤਰ ਵਿੱਚ 23 ਮਾਡਲ ਖੇਡ ਦੇ ਮੈਦਾਨ ਬਣਾਏ ਜਾਣਗੇ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੁੱਲ 194 ਆਧੁਨਿਕ ਖੇਡ ਦੇ ਮੈਦਾਨ ਬਣਾਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਅਤਿ-ਆਧੁਨਿਕ ਖੇਡ ਮੈਦਾਨ ਉੱਭਰ ਰਹੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨਗੇ ਅਤੇ ਜ਼ਮੀਨੀ ਪੱਧਰ ‘ਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਕਰਨਗੇ। ਔਰਤਾਂ ਦੇ ਸਸ਼ਕਤੀਕਰਨ ਅਤੇ ਉਚੇਰੀ ਸਿੱਖਿਆ ਤੱਕ ਪਹੁੰਚ ਵੱਲ ਅਹਿਮ ਕਦਮ ਚੁੱਕਦਿਆਂ ਉਨ੍ਹਾਂ ਨੇ ਡੇਰਾ ਬਾਬਾ ਨਾਨਕ ਵਿਖੇ ਲੜਕੀਆਂ ਲਈ ਨਵਾਂ ਸਰਕਾਰੀ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਲਜ ਵਿੱਚ ਕਲਾਸਾਂ ਅਗਲੇ ਅਕਾਦਮਿਕ ਸੈਸ਼ਨ ਤੋਂ ਸ਼ੁਰੂ ਹੋ ਜਾਣਗੀਆਂ ਅਤੇ ਸਾਰੇ ਲੋੜੀਂਦੇ ਬੁਨਿਆਦੀ ਢਾਂਚੇ ਅਤੇ ਫੈਕਲਟੀ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਵੀਂ ਸੰਸਥਾ ਨਾਲ ਡੇਰਾ ਬਾਬਾ ਨਾਨਕ ਅਤੇ ਨੇੜਲੇ ਇਲਾਕਿਆਂ ਦੀਆਂ ਲੜਕੀਆਂ ਆਪਣੇ ਘਰ ਦੇ ਨੇੜੇ ਹੀ ਸੁਰੱਖਿਅਤ ਅਤੇ ਅਨੁਕੂਲ ਮਾਹੌਲ ਵਿੱਚ ਉਚੇਰੀ ਸਿੱਖਿਆ ਪ੍ਰਾਪਤ ਕਰ ਸਕਣਗੀਆਂ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਹਿੱਸਿਆਂ ਵਿੱਚ ਸਥਿਤ ਮੌਜੂਦਾ ਅਨਾਜ ਮੰਡੀ ਅਤੇ ਪਾਵਰ ਗਰਿੱਡ ਨੂੰ ਹੋਰ ਢੁਕਵੀਆਂ ਥਾਵਾਂ ‘ਤੇ ਤਬਦੀਲ ਕੀਤਾ ਜਾਵੇਗਾ। ਲੋਕਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਸੰਗਤ ਨੂੰ ਵੱਡੀ ਗਿਣਤੀ ਵਿੱਚ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲੈਂਦਿਆਂ ਅੰਮ੍ਰਿਤਸਰ (ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਵਾਲਡ ਸਿਟੀ), ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ “ਪਵਿੱਤਰ ਸ਼ਹਿਰ” ਐਲਾਨਿਆ ਗਿਆ ਹੈ ਅਤੇ ਇਹਨਾਂ ਸ਼ਹਿਰਾਂ ਵਿੱਚ ਪਵਿੱਤਰਤਾ ਅਤੇ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਵਿਸ਼ੇਸ਼ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਨੰਦਪੁਰ ਸਾਹਿਬ ਵਿਖੇ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਨਹੀਂ ਹੋਏ। ਉਨ੍ਹਾਂ ਅੱਗੇ ਕਿਹਾ ਕਿ ਇਸ ਵਤੀਰੇ ਨਾਲ ਪੰਜਾਬ ਦੀ ਅਮੀਰ ਅਧਿਆਤਮਿਕ ਅਤੇ ਸ਼ਹੀਦੀ ਵਿਰਾਸਤ ਪ੍ਰਤੀ ਉਨ੍ਹਾਂ ਦੇ ਵਿਤਕਰੇ ਵਾਲੇ ਰਵੱਈਏ ਦਾ ਪਰਦਾਫਾਸ਼ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਵੀ ਤਿੱਖਾ ਹਮਲਾ ਕਰਦਿਆਂ ਅਕਾਲੀ ਦਲ ਲੀਡਰਸ਼ਿਪ ‘ਤੇ ਸੌੜੇ ਪਰਿਵਾਰਕ ਏਜੰਡੇ ‘ਤੇ ਸਿਆਸਤ ਖੇਡਣ ਦਾ ਦੋਸ਼ ਲਗਾਇਆ ਅਤੇ ਚੇਤਾ ਕਰਵਾਇਆ ਕਿ ਉਨ੍ਹਾਂ ਨੇ ਤਰਨ ਤਾਰਨ ਉਪ-ਚੋਣ ਦੌਰਾਨ ਇੱਕ ਕਥਿਤ ਗੈਂਗਸਟਰ ਦੇ ਰਿਸ਼ਤੇਦਾਰ ਨੂੰ ਮੈਦਾਨ ਵਿੱਚ ਉਤਾਰਿਆ ਸੀ।

ਮੁੱਖ ਮੰਤਰੀ ਨੇ ਸਾਫ਼-ਸੁਥਰੀ ਤੇ ਪਾਰਦਰਸ਼ੀ ਸਿਆਸਤ, ਲੋਕ ਭਲਾਈ ਅਤੇ ਕਾਨੂੰਨ-ਵਿਵਸਥਾ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਲੋਕਾਂ ਦੀਆਂ ਪੁਰਾਣੀਆਂ ਸਿਆਸੀ ਚਾਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ ਜਿਨ੍ਹਾਂ ਨੇ ਪਿਛਲੇ ਸਮੇਂ ਵਿੱਚ ਸੂਬੇ ਨੂੰ ਖੂਬ ਲੁੱਟਿਆ ਅਤੇ ਗੁੰਮਰਾਹ ਕੀਤਾ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੁਣ ਉਨ੍ਹਾਂ ਨੀਤੀਆਂ ਨੂੰ ਭਰਵਾਂ ਹੁੰਗਾਰਾ ਦੇ ਰਹੇ ਹਨ ਜੋ ਸਮਾਜ ਦੇ ਹਰ ਵਰਗ ਲਈ ਵਿਕਾਸ, ਨਿਆਂ ਅਤੇ ਸਨਮਾਨ ਨੂੰ ਯਕੀਨੀ ਬਣਾਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦਾ ਏਜੰਡਾ ਸਿਰਫ ਚਾਰ ਮੁੱਖ ਨੁਕਤਿਆਂ “ਮੇਰਾ ਪੁੱਤਰ, ਮੇਰਾ ਭਤੀਜਾ, ਮੇਰਾ ਸਾਲਾ, ਮੇਰਾ ਜੀਜਾ” ਦੁਆਲੇ ਘੁੰਮਦਾ ਹੈ ਅਤੇ ਉਨ੍ਹਾਂ ਨੂੰ ਆਮ ਜਨਤਾ ਦੀ ਭਲਾਈ ਲਈ ਕੋਈ ਲੈਣਾ-ਦੇਣਾ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਤੀਜਾ ਹੁਣ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋ ਗਿਆ ਹੈ, ਜਦੋਂ ਕਿ ਜੀਜਾ ਆਪਣੇ ਪਾਪਾਂ ਲਈ ਸਲਾਖਾਂ ਪਿੱਛੇ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਨੇ ਤਰਨ ਤਾਰਨ ਉਪ-ਚੋਣ ਵਿੱਚ ਇੱਕ ਗੈਂਗਸਟਰ ਦੇ ਰਿਸ਼ਤੇਦਾਰ ਨੂੰ ਟਿਕਟ ਵੀ ਦਿੱਤੀ, ਜਿਸਨੂੰ ਸੂਬੇ ਦੇ ਸੂਝਵਾਨ ਲੋਕਾਂ ਨੇ ਬਾਹਰ ਦਾ ਰਸਤਾ ਦਿਖਾਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਅਤੇ ਭਾਜਪਾ ਦੇ ਕੁਸ਼ਾਸਨ ਦੌਰਾਨ ਨਸ਼ਿਆਂ ਦਾ ਕਾਰੋਬਾਰ ਆਪਣੇ ਪੈਰ ਪਸਾਰ ਚੁੱਕਾ ਸੀ।

ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ। ਮੁੱਖ ਮੰਤਰੀ ਦਫ਼ਤਰ, ਪੰਜਾਬ

ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ

ਉੱਨਤ ਨਿਰਮਾਣ, ਗਤੀਸ਼ੀਲਤਾ, ਇਲੈਕਟ੍ਰਾਨਿਕਸ, ਫੂਡ ਪ੍ਰੋਸੈਸਿੰਗ ਅਤੇ ਹੋਰ ਖੇਤਰਾਂ ਵਿੱਚ ਸੰਭਾਵਨਾਵਾਂ ਦੀ ਕੀਤੀ ਪੜਚੋਲ

ਪ੍ਰਮੁੱਖ ਜਾਪਾਨੀ ਕੰਪਨੀਆਂ ਨੇ ਸੂਬੇ ਦੀਆਂ ਉਦਯੋਗ ਪੱਖੀ ਨੀਤੀਆਂ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 26 ਨਵੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਨਾਲ ਉੱਨਤ ਨਿਰਮਾਣ, ਗਤੀਸ਼ੀਲਤਾ, ਇਲੈਕਟ੍ਰਾਨਿਕਸ, ਫੂਡ ਪ੍ਰੋਸੈਸਿੰਗ, ਨਵਿਆਉਣਯੋਗ ਊਰਜਾ ਅਤੇ ਗਲੋਬਲ ਸੇਵਾਵਾਂ ਦੇ ਪ੍ਰਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ ਕੀਤੀ।

ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਨਾਲ ਜਾਪਾਨ ਦੇ ਇੱਕ ਉੱਚ ਪੱਧਰੀ ਵਫ਼ਦ ਨਾਲ ਵਰਚੁਅਲ ਤੌਰ ‘ਤੇ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ ਜਾਪਾਨ ਸਫ਼ਾਰਤਖ਼ਾਨਾ, ਜੈਟਰੋ, ਜੇ.ਸੀ.ਸੀ.ਆਈ.ਆਈ., ਅਤੇ ਭਾਰਤ ਭਰ ਵਿੱਚ ਕੰਮ ਕਰ ਰਹੀਆਂ 25 ਤੋਂ ਵੱਧ ਪ੍ਰਮੁੱਖ ਜਾਪਾਨੀ ਕੰਪਨੀਆਂ ਜਿਵੇਂ ਪੈਨਾਸੋਨਿਕ, ਸੁਮਿਤੋਮੋ, ਨਿਪੋਨ, ਐਨਈਸੀ, ਟੋਇਟਾ ਸਮੇਤ ਹੋਰ ਕੰਪਨੀਆਂ ਸ਼ਾਮਲ ਸਨ। ਇਹ ਵਿਚਾਰ-ਵਟਾਂਦਰਾ 13 ਤੋਂ 15 ਮਾਰਚ, 2026 ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ), ਮੋਹਾਲੀ ਵਿਖੇ ਕਰਵਾਏ ਜਾਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਤੋਂ ਪਹਿਲਾਂ ਪੰਜਾਬ ਦੀ ਅੰਤਰਰਾਸ਼ਟਰੀ ਪਹੁੰਚ ਦਾ ਅਹਿਮ ਹਿੱਸਾ ਸੀ। ਇਨਵੈਸਟ ਪੰਜਾਬ ਨੇ ਸੂਬੇ ਦੇ ਆਰਥਿਕ ਖੇਤਰ ਦੇ ਨਾਲ-ਨਾਲ ਇਕੋ ਅਥਾਰਟੀ ਅਧੀਨ ਕਈ ਵਿਭਾਗਾਂ ਦੀਆਂ ਸਮੱਰਥਾਵਾਂ ਨੂੰ ਏਕੀਕ੍ਰਿਤ ਕਰਨ ਵਾਲੇ ਵਿਲੱਖਣ ਇਨਵੈਸਟ ਪੰਜਾਬ ਯੂਨੀਫਾਈਡ ਰੈਗੂਲੇਟਰੀ ਮਾਡਲ ਨੂੰ ਪ੍ਰਦਰਸ਼ਿਤ ਕਰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਅਜਿਹੀ ਧਰਤੀ ਹੈ, ਜੋ ਸਾਹਸ, ਲਚਕੀਲਾਪਣ, ਸਖ਼ਤ ਮਿਹਨਤ, ਉੱਦਮਤਾ, ਰਚਨਾਤਮਕਤਾ ਅਤੇ ਭਾਈਚਾਰਕ ਸਾਂਝ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਭਾਰਤ ਦੇ ਵਿਕਾਸ ਵਿੱਚ, ਖਾਸ ਕਰਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਆਧੁਨਿਕ ਉਦਯੋਗ, ਤਕਨਾਲੋਜੀ ਅਤੇ ਵਿਸ਼ਵਵਿਆਪੀ ਸਹਿਯੋਗ ਪੱਖੋਂ ਮੋਹਰੀ ਕੇਂਦਰ ਬਣਨ ਲਈ ਨਵੇਂ ਦ੍ਰਿਸ਼ਟੀਕੋਣ ਨਾਲ ਅੱਗੇ ਵਧ ਰਿਹਾ ਹੈ।

ਮੁੱਖ ਮੰਤਰੀ ਨੇ ਆਪਣੇ ਮੁੱਖ ਸੰਬੋਧਨ ਦੌਰਾਨ ਜਾਪਾਨੀ ਉਦਯੋਗ ਨਾਲ ਪੰਜਾਬ ਦੇ ਮਜ਼ਬੂਤ ਅਤੇ ਵਧ ਰਹੇ ਸਬੰਧਾਂ ‘ਤੇ ਜ਼ੋਰ ਦਿੱਤਾ ਅਤੇ ਜਾਪਾਨੀ ਕੰਪਨੀਆਂ ਨੂੰ ਪੰਜਾਬ ਦੇ ਉਦਯੋਗਿਕ ਬਦਲਾਅ ਦੇ ਅਗਲੇ ਪੜਾਅ ਦਾ ਹਿੱਸਾ ਬਣਨ ਲਈ ਨਿੱਘਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਜਾਪਾਨ ਵਿਸ਼ਵਾਸ, ਅਨੁਸ਼ਾਸਨ ਅਤੇ ਲੰਬੇ ਸਮੇਂ ਦੀ ਭਾਈਵਾਲੀ ਦੀਆਂ ਕਦਰਾਂ-ਕੀਮਤਾਂ ਸਾਂਝੀਆਂ ਕਰਦੇ ਹਨ, ਜੋ ਸੂਬੇ ਲਈ ਬਹੁਤ ਅਹਿਮ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਾਪਾਨੀ ਕੰਪਨੀਆਂ ਨੇ ਪੰਜਾਬ ਵਿੱਚ ਪਹਿਲਾਂ ਹੀ ਮਜ਼ਬੂਤ ਪਕੜ ਬਣਾਈ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਸਾਡੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨ ਦੇ ਨਾਲ-ਨਾਲ ਨਿਵੇਸ਼ਕਾਂ ਲਈ ਇੱਕ ਸਥਿਰ ਅਤੇ ਭਰੋਸੇਮੰਦ ਮਾਹੌਲ ਯਕੀਨੀ ਬਣਾਉਣਾ ਹੈ। ਜਾਪਾਨੀ ਉਦਯੋਗ ਨਾਲ ਪੰਜਾਬ ਦੀ ਭਾਈਵਾਲੀ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਸਬੰਧ ਪਹਿਲਾਂ ਹੀ ਮਜ਼ਬੂਤ ਹਨ ਅਤੇ ਨਵੀਆਂ ਦਿਸ਼ਾਵਾਂ ਵੱਲ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਜਾਪਾਨ ਦੀਆਂ ਕਈ ਮਸ਼ਹੂਰ ਕੰਪਨੀਆਂ ਨੇ ਪੰਜਾਬ ਵਿੱਚ ਆਪਣਾ ਭਰੋਸਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਦੇ ਆਟੋਮੋਟਿਵ ਅਤੇ ਨਿਰਮਾਣ ਖੇਤਰ ਵਿੱਚ ਮਾਜ਼ਦਾ, ਸੁਮਿਤੋਮੋ, ਐਸਐਮਐਲ ਇਸੂਜ਼ੂ, ਯਾਨਮਾਰ, ਆਈਚੀ ਸਟੀਲ ਅਤੇ ਗੁਨਮਾ ਸੀਕੋ ਨੇ ਆਪਣੇ ਪੈਰ ਪਸਾਰੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੈਕੇਜਿੰਗ ਅਤੇ ਉਦਯੋਗਿਕ ਉਤਪਾਦਾਂ ਵਿੱਚ ਟੋਪਨ ਅਤੇ ਓਜੀ ਹੋਲਡਿੰਗਜ਼ ਨੇ ਮਜ਼ਬੂਤ ਪਕੜ ਬਣਾਈ ਹੈ, ਜਦੋਂ ਕਿ ਰਸਾਇਣਾਂ ਅਤੇ ਪੇਂਟਾਂ ਵਿੱਚ ਕੰਸਾਈ ਨੈਰੋਲੈਕ ਅਤੇ ਨਿਸਾਨ ਕੈਮੀਕਲ ਨੇ ਸਫਲਤਾਪੂਰਵਕ ਪੈਰ ਪਸਾਰੇ ਹਨ। ਉਨ੍ਹਾਂ ਅੱਗੇ ਕਿਹਾ ਕਿ ਖੇਤੀਬਾੜੀ ਅਤੇ ਮਸ਼ੀਨਰੀ ਵਿੱਚ, ਯਾਨਮਾਰ ਖੇਤੀਬਾੜੀ ਮਸ਼ੀਨਰੀ ਅਤੇ ਕਲਾਸ ਇੰਡੀਆ ਨੇ ਪੰਜਾਬ ਵਿੱਚ ਆਪਣਾ ਭਰੋਸਾ ਦਿਖਾਇਆ ਹੈ। ਪ੍ਰਚੂਨ ਅਤੇ ਖਪਤਕਾਰ ਉਤਪਾਦਾਂ ਵਿੱਚ, ਯੂਨੀਕਲੋ ਨੇ ਜਾਪਾਨੀ ਗੁਣਵੱਤਾ ਸਾਡੇ ਲੋਕਾਂ ਤੱਕ ਪਹੁੰਚਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਵਿੱਚ, ਮਿਤਸੁਈ ਐਂਡ ਕੰਪਨੀ ਵੱਲੋਂ ਸਾਡੇ ਗਰੀਨ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਇਹ ਭਾਈਵਾਲੀ ਸਥਿਰਤਾ, ਹੁਨਰ ਅਤੇ ਵਿਕਾਸ ਪ੍ਰਤੀ ਪੰਜਾਬ ਦੀ ਵਚਨਬੱਧਤਾ ਵਿੱਚ ਜਾਪਾਨੀ ਨਿਵੇਸ਼ਕ ਵੱਲੋਂ ਦਿਖਾਏ ਭਰੋਸੇ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਭਾਈਵਾਲ ਨੂੰ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਉਦਯੋਗਿਕ ਸਮਰੱਥਾਵਾਂ ‘ਤੇ ਚਾਨਣਾ ਪਾਇਆ ਜਾ ਰਿਹਾ ਹੈ ਅਤੇ ਸਹਿਯੋਗ ਦੇ ਨਵੇਂ ਖੇਤਰਾਂ ਦੀ ਪੜਚੋਲ ਕੀਤੀ ਜਾ ਰਹੀ ਹੈ ਅਤੇ ਜਾਪਾਨੀ ਉਦਯੋਗ ਨਾਲ ਲੰਬੇ ਸਮੇਂ ਦੀ ਇਸ ਸਾਂਝ ਨੂੰ ਹੋਰ ਗੂੜ੍ਹਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਭਾਰਤ ਦੇ ਸਭ ਤੋਂ ਵੱਧ ਕਾਰੋਬਾਰ ਪੱਖੀ ਸੂਬਿਆਂ ਵਿੱਚੋਂ ਇੱਕ ਹੈ ਅਤੇ ਭਾਰਤ ਸਰਕਾਰ ਨੇ 2024 ਦੀ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) ਦਰਜਾਬੰਦੀ ਵਿੱਚ ਪੰਜਾਬ ਨੂੰ ਪਹਿਲਾ ਸਥਾਨ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੇ ਕਾਰੋਬਾਰ ਕਰਨ ਦੀ ਸੌਖ, ਪਾਰਦਰਸ਼ਤਾ ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਦ੍ਰਿਸ਼ਟੀਕੋਣ ਸਰਲ ਅਤੇ ਸਪੱਸ਼ਟ ਹੈ ਕਿ ਨੀਤੀ ਵਿੱਚ ਸਥਿਰਤਾ, ਤੁਰੰਤ ਫੈਸਲੇ ਲੈਣ ਅਤੇ ਨਿਵੇਸ਼ਕਾਂ ਦੇ ਸਮੇਂ ਅਤੇ ਭਰੋਸੇ ਦਾ ਸਤਿਕਾਰ ਕਰਨ ਵਾਲੀ ਸ਼ਾਸਨ ਪ੍ਰਣਾਲੀ ਲਿਆ ਕੇ ਪੰਜਾਬ ਨੂੰ ਵਿਸ਼ਵਵਿਆਪੀ ਉਦਯੋਗ ਲਈ ਪਸੰਦੀਦਾ ਸਥਾਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਦ੍ਰਿਸ਼ਟੀਕੋਣ ਭਾਈਵਾਲੀ ਅਤੇ ਉਦਯੋਗਾਂ ਨਾਲ ਮਿਲ ਕੇ ਕੰਮ ਕਰਨ, ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝ ਕੇ ਅਤੇ ਇਹ ਯਕੀਨੀ ਬਣਾਉਣ ‘ਤੇ ਅਧਾਰਤ ਹੈ ਕਿ ਸਰਕਾਰ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਸੂਬੇ ਨੇ ਆਪਣੀ ਉਦਯੋਗਿਕ ਸਮਰੱਥਾ ਦਾ ਵਿਸਥਾਰ ਕਰ ਕੇ ਨਿਵੇਸ਼ ਲਈ ਨਵੇਂ ਰਸਤੇ ਖੋਲ੍ਹੇ ਹਨ।

ਸੂਬੇ ਵਿੱਚ ਉੱਭਰ ਰਹੀਆਂ ਨਵੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਜਾਪਾਨੀ ਕੰਪਨੀਆਂ ਨੂੰ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਉੱਨਤ ਨਿਰਮਾਣ, ਗਤੀਸ਼ੀਲਤਾ, ਇਲੈਕਟ੍ਰਾਨਿਕਸ, ਫੂਡ ਪ੍ਰੋਸੈਸਿੰਗ, ਨਵਿਆਉਣਯੋਗ ਊਰਜਾ ਅਤੇ ਵਿਸ਼ਵਵਿਆਪੀ ਸੇਵਾਵਾਂ ‘ਤੇ ਕੇਂਦਰਤ ਹੈ। ਉਨ੍ਹਾਂ ਕਿਹਾ ਕਿ ਇਹ ਉਹ ਮੁੱਖ ਖੇਤਰ ਹਨ, ਜਿਸ ਵਿੱਚ ਜਾਪਾਨ ਦੀਆਂ ਸਮੱਰਥਾਵਾਂ ਅਤੇ ਪੰਜਾਬ ਦੀਆਂ ਸੰਭਾਵਨਾਵਾਂ ਕੁਦਰਤੀ ਤੌਰ ‘ਤੇ ਮੇਲ ਖਾਂਦੀਆਂ ਹਨ। ਉਨ੍ਹਾਂ ਨੇ ਨਿਵੇਸ਼ਕਾਂ ਨੂੰ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸੂਬੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਮੇਲਨ ਪੰਜਾਬ ਦੀ ਪ੍ਰਗਤੀ ‘ਤੇ ਚਾਨਣਾ ਪਾਵੇਗਾ ਅਤੇ ਪ੍ਰਮੁੱਖ ਉਦਯੋਗਿਕ ਦਿੱਗਜਾਂ ਨੂੰ ਇਕ ਮੰਚ ‘ਤੇ ਲਿਆਏਗਾ ਅਤੇ ਭਾਈਵਾਲੀ ਤੇ ਸਹਿਯੋਗ ਦੇ ਨਵੇਂ ਮੌਕਿਆਂ ਦੀ ਪੇਸ਼ਕਸ਼ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਜਾਪਾਨ ਵਿਸ਼ਵਾਸ, ਗੁਣਵੱਤਾ ਅਤੇ ਲੰਬੇ ਸਮੇਂ ਦੀ ਵਚਨਬੱਧਤਾ ਦੀਆਂ ਕਦਰਾਂ-ਕੀਮਤਾਂ ਸਾਂਝੀਆਂ ਕਰਦੇ ਹਨ ਅਤੇ ਸੂਬਾ ਸਰਕਾਰ ਇਸ ਰਿਸ਼ਤੇ ਨੂੰ ਹੋਰ ਗੂੜ੍ਹਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਮਜ਼ਬੂਤ ਆਰਥਿਕ ਅਤੇ ਸੱਭਿਆਚਾਰਕ ਸਬੰਧਾਂ ਰਾਹੀਂ ਖੁਸ਼ਹਾਲ ਭਵਿੱਖ ਸਿਰਜਣ ਲਈ ਦ੍ਰਿੜ੍ਹ ਹੈ। ਨਿਵੇਸ਼ਕਾਂ ਦਾ ਧੰਨਵਾਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਪੰਜਾਬ ਨਾਲ ਉਨ੍ਹਾਂ ਦੇ ਨਿਰੰਤਰ ਸਬੰਧਾਂ ਲਈ ਉਨ੍ਹਾਂ ਤੋਂ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ।

ਇਸ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਡਿਜੀਟਲ ਪਲੇਟਫਾਰਮ ਹੁਣ 45 ਕੰਮਕਾਜੀ ਦਿਨਾਂ ਦੇ ਅੰਦਰ ਗਾਰੰਟੀਸ਼ੁਦਾ ਪ੍ਰਵਾਨਗੀਆਂ ਦੇ ਨਾਲ-ਨਾਲ 200 ਤੋਂ ਵੱਧ ਕਾਰੋਬਾਰੀ ਸੇਵਾਵਾਂ ਪ੍ਰਦਾਨ ਕਰਦਾ ਹੈ, ਜਿਸ ਵਿੱਚ ਕਾਨੂੰਨੀ ਤੌਰ ‘ਤੇ ਲਾਗੂ ਹੋਣ ਵਾਲੀਆਂ ਆਟੋ-ਡੀਮਡ ਪ੍ਰਵਾਨਗੀਆਂ ਸ਼ਾਮਲ ਹਨ। ਉਨ੍ਹਾਂ ਨੇ ਨਿਵੇਸ਼ਕਾਂ ਲਈ ਵਿਸ਼ਵ ਪੱਧਰੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਉਦਯੋਗ ਅਤੇ ਵਣਜ, ਇੰਵੈਸਟਮੈਂਟ ਪ੍ਰਮੋਸ਼ਨ, ਬਿਜਲੀ ਅਤੇ ਪਰਵਾਸੀ ਭਾਰਤੀ ਮਾਮਲਿਆਂ ਵਿੱਚ ਕੀਤੇ ਗਏ ਸੁਧਾਰਾਂ ਨੂੰ ਉਜਾਗਰ ਕੀਤਾ। ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਵੱਲੋਂ 1.39 ਲੱਖ ਕਰੋੜ ਰੁਪਏ ਤੋਂ ਵੱਧ ਦੇ ਉਦਯੋਗਿਕ ਨਿਵੇਸ਼ਾਂ ਨੂੰ ਆਕਰਸ਼ਿਤ ਕੀਤਾ ਗਿਆ ਹੈ, ਜਿਸ ਨਾਲ 5.09 ਲੱਖ ਨੌਕਰੀਆਂ ਪੈਦਾ ਹੋਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਦਯੋਗਿਕ ਅਤੇ ਨਵਿਆਉਣਯੋਗ ਊਰਜਾ ਸਬੰਧੀ ਭਵਿੱਖੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ 5,000 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਇਸ ਦੌਰਾਨ, ਜਾਪਾਨੀ ਅਤੇ ਇੰਡੋ-ਜਾਪਾਨੀ ਉਦਯੋਗਪਤੀਆਂ, ਜਿਨ੍ਹਾਂ ਵਿੱਚ ਯਾਨਮਾਰ ਹੋਲਡਿੰਗਜ਼ ਅਤੇ ਟੀ.ਟੀ.ਸੀ. ਗਰੁੱਪ ਦੇ ਸੀਨੀਅਰ ਪ੍ਰਤੀਨਿਧ ਸ਼ਾਮਲ ਸਨ, ਨੇ ਪੰਜਾਬ ਵਿੱਚ ਕੰਮ ਕਰਨ ਦੇ ਆਪਣੇ ਤਜਰਬੇ ਸਾਂਝੇ ਕੀਤੇ, ਮਨੁੱਖੀ ਪੂੰਜੀ ਦੀ ਗੁਣਵੱਤਾ, ਸਹਾਇਕ ਨੀਤੀਗਤ ਵਾਤਾਵਰਣ ਪ੍ਰਣਾਲੀ ਅਤੇ ਇਨਵੈਸਟ ਪੰਜਾਬ ਵੱਲੋਂ ਦਿੱਤੀਆਂ ਜਾਂਦੀਆਂ ਨਿਰਵਿਘਨ ਸਹੂਲਤਾਂ ‘ਤੇ ਚਾਨਣਾ ਪਾਇਆ। ਜੇਟਰੋ ਅਤੇ ਦੂਤਾਵਾਸ ਦੇ ਅਧਿਕਾਰੀਆਂ ਨੇ ਪੰਜਾਬ ਦੀ ਸਰਗਰਮ ਪਹੁੰਚ ਦੀ ਸ਼ਲਾਘਾ ਕੀਤੀ ਅਤੇ ਉਦਯੋਗਿਕ ਵਫ਼ਦ, ਬੀ2ਬੀ ਮੈਚਮੇਕਿੰਗ, ਐਸ.ਐਮ.ਈ. ਭਾਈਵਾਲੀ ਅਤੇ ਨਿਰਮਾਣ, ਲੌਜਿਸਟਿਕਸ, ਨਵਿਆਉਣਯੋਗ ਊਰਜਾ, ਡਿਜੀਟਲ ਪਰਿਵਰਤਨ, ਅਤੇ ਖੇਤੀਬਾੜੀ-ਤਕਨਾਲੋਜੀ ਵਰਗੇ ਖੇਤਰਾਂ ਵਿੱਚ ਸੰਭਾਵੀ ਖੇਤਰ-ਵਿਸ਼ੇਸ਼ ਭਾਈਵਾਲੀ ਬਾਰੇ ਗੱਲਬਾਤ ਕੀਤੀ।