ਲੁਧਿਆਣਾ, 12 ਜਨਵਰੀ | ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਵਿਦੇਸ਼ ਵਿੱਚ ਬੈਠੇ ਗੈਂਗਸਟਰ ਰੋਹਿਤ ਗੋਦਾਰਾ ਨਾਲ ਜੁੜੇ ਤਿੰਨ ਗੁਰਗਿਆਂ ਦਾ ਪੁਲਿਸ ਨਾਲ ਐਨਕਾਊਂਟਰ ਹੋਇਆ, ਜਿਸ ਦੌਰਾਨ ਦੋ ਗੈਂਗਸਟਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ, ਜਦਕਿ ਇੱਕ ਦੋਸ਼ੀ ਨੂੰ ਮੌਕੇ ’ਤੇ ਹੀ ਕਾਬੂ ਕਰਕੇ ਸੀਆਈਏ ਸਟਾਫ ਦੇ ਹਵਾਲੇ ਕਰ ਦਿੱਤਾ ਗਿਆ।
ਪੁਲਿਸ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੈਬੋਵਾਲ ਇਲਾਕੇ ਵਿੱਚ ਇੱਕ ਕਾਰੋਬਾਰੀ ਦੀ ਦੁਕਾਨ ਦੇ ਬਾਹਰ ਤਿੰਨ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਬਾਰੀ ਕੀਤੀ ਗਈ ਸੀ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ ਅਤੇ ਕਾਰੋਬਾਰੀ ਤੋਂ ਫਰੌਤੀ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਲਗਾਤਾਰ ਦੋਸ਼ੀਆਂ ਦੀ ਤਲਾਸ਼ ਕੀਤੀ ਜਾ ਰਹੀ ਸੀ।
ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਦੋਸ਼ੀਆਂ ਬਾਰੇ ਪੱਕੀ ਸੂਚਨਾ ਪ੍ਰਾਪਤ ਹੋਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਦਾ ਪਿੱਛਾ ਕੀਤਾ। ਜੁਸੀਆਂ ਰੋਡ ’ਤੇ ਹੁਸੈਨਪੁਰਾ ਪਿੰਡ ਦੇ ਨਜ਼ਦੀਕ ਜਦੋਂ ਪੁਲਿਸ ਨੇ ਦੋਸ਼ੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀਆਂ ਵੱਲੋਂ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ ਗਈ। ਇੱਕ ਗੋਲੀ ਪੁਲਿਸ ਮੁਲਾਜ਼ਮ ਦੀ ਪੱਗ ਦੇ ਉੱਪਰੋਂ ਨਿਕਲ ਗਈ, ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਦੋ ਗੈਂਗਸਟਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਤੀਜੇ ਦੋਸ਼ੀ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਦੋਸ਼ੀਆਂ ਕੋਲੋਂ ਕੰਟਰੀ ਮੇਡ ਪਿਸਤੌਲ ਵੀ ਬਰਾਮਦ ਕੀਤੇ ਹਨ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ ਪਹਿਲਾਂ ਵੀ ਐਕਸਟੋਸ਼ਨ ਦੇ ਕਈ ਮਾਮਲੇ ਦਰਜ ਹਨ ਅਤੇ ਉਹ ਲੁਧਿਆਣਾ ਦੇ ਰਹਿਣ ਵਾਲੇ ਹਨ। ਫਿਲਹਾਲ ਪੁਲਿਸ ਵੱਲੋਂ ਗ੍ਰਿਫ਼ਤਾਰ ਦੋਸ਼ੀ ਅਤੇ ਜ਼ਖਮੀ ਗੈਂਗਸਟਰਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਨਾਲ ਜੁੜੇ ਹੋਰ ਗੈਂਗ ਲਿੰਕਾਂ ਦੀ ਜਾਂਚ ਜਾਰੀ ਹੈ।









































