ਲੁਧਿਆਣਾ, 14 ਮਾਰਚ | ਕਿਸਾਨ ਮਜ਼ਦੂਰ ਮੋਰਚੇ ਵੱਲੋਂ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਦੇ ਵਿਰੋਧ ਵਿੱਚ ਰੋਸ਼ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਦਾ ਪੁਤਲਾ ਫੂਕਿਆ ਗਿਆ। ਇਹ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕੀਤਾ ਗਿਆ ਅਤੇ ਮੋਰਚੇ ਵੱਲੋਂ ਟੋਲ ਪਲਾਜ਼ਾ ‘ਤੇ ਪੱਕਾ ਧਰਨਾ ਵੀ ਸ਼ੁਰੂ ਕਰ ਦਿੱਤਾ ਗਿਆ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਲਾਡੋਵਾਲ ਟੋਲ ਨੂੰ ਫ੍ਰੀ ਕਰ ਦਿੱਤਾ ਜਾਵੇਗਾ ਅਤੇ ਸੜਕਾਂ ਵੀ ਜਾਮ ਕੀਤੀਆਂ ਜਾਣਗੀਆਂ।
ਇਸ ਮੌਕੇ ਕਿਸਾਨ ਆਗੂ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਖੇਤੀ ਸੈਕਟਰ ਨੂੰ ਨੁਕਸਾਨ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਐਮਐਸਪੀ ਗਰੰਟੀ ਕਾਨੂੰਨ, ਕਿਸਾਨਾਂ ਦੀ ਕਰਜ਼ਾ ਮੁਆਫੀ, ਫਸਲਾਂ ਦੀ ਇੰਸ਼ੋਰੈਂਸ ਅਤੇ ਬਿਜਲੀ ਸੋਧ ਬਿੱਲ ਵਰਗੇ ਮੁੱਦਿਆਂ ‘ਤੇ ਸਰਕਾਰ ਵੱਲੋਂ ਕੋਈ ਢੰਗ ਦੀ ਬਹਿਸ ਨਹੀਂ ਕੀਤੀ ਗਈ, ਜਿਸ ਕਾਰਨ ਕਿਸਾਨਾਂ ਵਿੱਚ ਰੋਸ਼ ਪਾਇਆ ਜਾ ਰਿਹਾ ਹੈ। ਇਸੀ ਦੇ ਵਿਰੋਧ ਵਿੱਚ ਅੱਜ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਪੰਜਾਬ ਸਰਕਾਰ ਦੇ ਖਿਲਾਫ ਵੀ ਰੋਸ਼ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਲਾਡੋਵਾਲ ਟੋਲ ਪਲਾਜ਼ਾ ‘ਤੇ ਪੱਕਾ ਮੋਰਚਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਕੁਝ ਲੋਕਲ ਮੰਗਾਂ ਵੀ ਹਨ, ਜਿਨ੍ਹਾਂ ਵਿੱਚ ਟੁੱਟੀਆਂ ਸੜਕਾਂ ਦੀ ਮੁਰੰਮਤ ਅਤੇ ਸਤਲੁਜ ਬੰਨ੍ਹ ਨੂੰ ਪੱਕਾ ਕਰਨ ਵਰਗੇ ਮੁੱਦੇ ਸ਼ਾਮਲ ਹਨ।
ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਲਾਡੋਵਾਲ ਟੋਲ ਪਲਾਜ਼ਾ ਨੂੰ ਬੰਦ ਕਰਕੇ ਟੋਲ ਫ੍ਰੀ ਕੀਤਾ ਜਾਵੇਗਾ ਅਤੇ ਵੱਡੇ ਪੱਧਰ ‘ਤੇ ਸੜਕਾਂ ਜਾਮ ਕਰਕੇ ਪ੍ਰਦਰਸ਼ਨ ਤੇਜ਼ ਕੀਤਾ ਜਾਵੇਗਾ।




































