ਜਲੰਧਰ, 5 ਮਈ | ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਵੱਲੋਂ ਅੱਜ ਹਲਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਆਧੁਨਿਕ ਮਸ਼ੀਨਰੀ ਨੂੰ ਹਰੀ ਝੰਡੀ ਦਿਖਾ ਕੇ ਲੋਕ ਸੇਵਾ ਲਈ ਸਮਰਪਿਤ ਕੀਤਾ ਗਿਆ। ਇਹ ਉਪਰਾਲਾ ਜਲੰਧਰ ਸੈਂਟਰਲ ਵਿੱਚ ਸੀਵਰੇਜ ਪ੍ਰਬੰਧ, ਡੀ-ਸਿਲਟਿੰਗ ( ਸਫਾਈ ) ਅਤੇ ਪਾਣੀ ਸਪਲਾਈ ਦੀ ਵਿਵਸਥਾ ਨੂੰ ਹੋਰ ਸੁਚਾਰੂ, ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ਇਸ ਮੌਕੇ ਨਿਤਿਨ ਕੋਹਲੀ ਨੇ ਕਿਹਾ ਕਿ ਜਲੰਧਰ ਸੈਂਟਰਲ ਦੇ ਵਸਨੀਕਾਂ ਨੂੰ ਲੰਬੇ ਸਮੇਂ ਤੋਂ ਸੀਵਰੇਜ ਜਾਮ, ਗੰਦੇ ਪਾਣੀ ਦੀ ਨਿਕਾਸੀ ਅਤੇ ਪਾਣੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਦਾ ਪੱਕਾ ਅਤੇ ਤੇਜ਼ ਹੱਲ ਕਰਨਾ ਉਹਨਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਹਰ ਵਾਰਡ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ ਅਤੇ ਸ਼ਹਿਰ ਵਿੱਚ ਸਫਾਈ ਅਤੇ ਸੁਵਿਧਾਵਾਂ ਦਾ ਪੱਧਰ ਹੋਰ ਉੱਚਾ ਹੋਵੇ।
ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਸਿਵਰ ਜੈਟਿੰਗ ਮਸ਼ੀਨ, ਸਿਵਰ ਸੁਪਰ ਸਕਰ ਟੈਂਕਰ, ਵਾਟਰ ਟੈਂਕਰ, ਡੀ-ਸਿਲਟਿੰਗ ਲਈ ਗ੍ਰੈਬ ਆਟੋ ਅਤੇ ਛੋਟਾ ਹਾਥੀ ਇਲੈਕਟ੍ਰਿਕ ਵਾਹਨ ਵਰਗੀ ਆਧੁਨਿਕ ਮਸ਼ੀਨਰੀ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਮਸ਼ੀਨਰੀ ਨਾ ਸਿਰਫ਼ ਸੀਵਰੇਜ ਦੀ ਸਫਾਈ ਅਤੇ ਡੀ-ਸਿਲਟਿੰਗ ਦੇ ਕੰਮ ਨੂੰ ਤੇਜ਼ੀ ਨਾਲ ਅੰਜਾਮ ਦੇਵੇਗੀ, ਸਗੋਂ ਪਾਣੀ ਸਪਲਾਈ ਅਤੇ ਸਫਾਈ ਪ੍ਰਬੰਧਾਂ ਨੂੰ ਵੀ ਨਵੀਂ ਮਜ਼ਬੂਤੀ ਪ੍ਰਦਾਨ ਕਰੇਗੀ।
ਨਿਤਿਨ ਕੋਹਲੀ ਨੇ ਕਿਹਾ ਕਿ ਜਲੰਧਰ ਸੈਂਟਰਲ ਦੇ ਵਿਕਾਸ, ਸਾਫ਼-ਸੁਥਰੇ ਮਾਹੌਲ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋਕਹਿਤ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਦੀ ਇਹ ਲੜੀ ਲਗਾਤਾਰ ਜਾਰੀ ਰਹੇਗੀ ਅਤੇ ਜਲੰਧਰ ਸੈਂਟਰਲ ਨੂੰ ਇੱਕ ਮਾਡਲ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ।
ਇਸ ਮੌਕੇ ਜਤਿਨ ਗੁਲਾਟੀ, ਦੀਪਕ, ਅਜੈ ਚੋਪੜਾ, ਸਮੀਰ ਮਰਵਾਹਾ, ਐਮ.ਬੀ. ਬਾਲੀ, ਸੁਭਾਸ਼ ਸ਼ਰਮਾ, ਪਰਵੀਨ ਬੱਬੀ, ਅਮਿਤ ਕੁਮਾਰ (ਐਸ.ਡੀ.ਓ.), ਸੰਜੀਵ ਤ੍ਰੇਹਨ ਅਤੇ ਮਨੀਸ਼ ਸ਼ਰਮਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।



































